Punjab Government ਨੇ ਪੰਚਾਇਤਾਂ, ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਲਈ 332 ਕਰੋੜ ਰੁਪਏ ਕੀਤੇ ਜਾਰੀ
ਦੂਜੀ ਕਿਸ਼ਤ ਦਸੰਬਰ ਦੇ ਅੰਤ ਤੱਕ ਜਾਂ ਜਨਵਰੀ ਦੇ ਸ਼ੁਰੂ ’ਚ ਕੀਤੀ ਜਾਵੇਗੀ ਜਾਰੀ
ਚੰਡੀਗੜ੍ਹ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਚੰਡੀਗੜ੍ਹ ਵਿਖੇ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ 4150 ਕਰੋੜ ਦੀ ਲਾਗਤ ਨਾਲ ਸੜਕਾਂ ਬਣਾਈਆਂ ਜਾ ਰਹੀਆਂ ਹਨ ਜਦਕਿ1,000 ਕਰੋੜ ਦੀ ਲਾਗਤ ਨਾਲ ਪੰਜਾਬ ਵਿਚ 3,000 ਖੇਡ ਸਟੇਡੀਅਮ ਬਣਾਏ ਜਾ ਰਹੇ ਹਨ।
ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਪੰਜਾਬ ਪੇਂਡੂ ਖੇਤਰਾਂ ਵਿੱਚ ਤਰੱਕੀ ਕਰ ਰਿਹਾ ਹੈ, ਜੋ ਕਿ ਰੰਗਲੇ ਪੰਜਾਬ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਮੁੱਚੇ ਪੰਜਾਬ ਦੀਆਂ ਪੰਚਾਇਤਾਂ ਲਈ ਅੱਜ 332 ਕਰੋੜ ਦੀ ਇੱਕ ਕਿਸ਼ਤ ਜਾਰੀ ਕੀਤੀ ਗਈ ਹੈ, ਜਿਸ ਨਾਲ ਉਹ ਆਪਣੇ ਖੇਤਰਾਂ ਵਿੱਚ ਕੰਮ ਕਰ ਸਕਣਗੇ।
ਰੰਗਲੇ ਪੰਜਾਬ ਦੇ ਸੁਪਨੇ ਨੂੰ ਪੂਰਾ ਕਰਨ ਲਈ ਇਹ ਫੰਡ ਜਾਰੀ ਕੀਤਾ ਗਿਆ ਹੈ। ਇਨ੍ਹਾਂ ’ਚੋਂ 70% ਫੰਡ ਗ੍ਰਾਮ ਪੰਚਾਇਤਾਂ ਨੂੰ, 20% ਪੰਚਾਇਤ ਸੰਮਤੀਆਂ ਨੂੰ ਅਤੇ 10% ਜ਼ਿਲ੍ਹਾ ਪ੍ਰੀਸ਼ਦਾਂ ਨੂੰ ਅਲਾਟ ਕੀਤੇ ਗਏ ਹਨ। ਇਹ ਪੈਸਾ ਅੱਜ ਸ਼ਾਮ ਤੱਕ ਗ੍ਰਾਮ ਪੰਚਾਇਤਾਂ, ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਖਾਤਿਆਂ ਵਿਚ ਪਹੁੰਚ ਜਾਵੇਗਾ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿਕਾਸ ਨੂੰ ਜਾਰੀ ਰੱਖਣ ਲਈ ਫੰਡ ਦੀ334 ਕਰੋੜ ਰੁਪਏ ਦੀ ਦੂਜੀ ਕਿਸ਼ਤ ਇਸ ਸਾਲ ਦਸੰਬਰ ਜਾਂ ਜਨਵਰੀ ਦੇ ਪਹਿਲੇ ਹਫ਼ਤੇ ਤੱਕ ਸਾਰੀਆਂ ਪੰਚਾਇਤਾਂ ਤੱਕ ਪਹੁੰਚ ਜਾਵੇਗੀ। ਚੀਮਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਸਭ ਤੋਂ ਪਹਿਲਾਂ ਪੂਰਾ ਕੀਤਾ ਗਿਆ ਸੀ ਜਦਕਿ ਅਸੀਂ ਬਾਕੀ ਰਹਿੰਦੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਜੁਟੇ ਹੋਏ ਹਾਂ।