ਓ.ਪੀ. ਸੋਨੀ ਵੱਲੋਂ ਮੈਰੀਟੋਰੀਅਸ ਸਕੂਲਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮੈਰੀਟੋਰੀਅਸ ਸਕੂਲਾਂ ਦੀ ਕਾਰਗੁਜ਼ਾਰੀ...

O.P. Soni

ਚੰਡੀਗੜ੍ਹ (ਸਸਸ) : ਪੰਜਾਬ ਦੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮੈਰੀਟੋਰੀਅਸ ਸਕੂਲਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ। ਇਸ ਦੌਰਾਨ ਉਨ੍ਹਾਂ ਸਮੂਹ ਮੈਰੀਟੋਰੀਅਸ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਕਿਹਾ ਕਿ ਉਨ੍ਹਾਂ ਨੂੰ 100 ਫ਼ੀਸਦੀ ਨਤੀਜੇ ਚਾਹੀਦੇ ਹਨ ਅਤੇ ਜੇ ਨਤੀਜੇ 100 ਫ਼ੀਸਦੀ ਨਾ ਆਏ ਤਾਂ ਇਸ ਲਈ ਸਬੰਧਤ ਸਕੂਲ ਦੇ ਪ੍ਰਿੰਸੀਪਲ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ। ਇਸ ਤੈਅਸ਼ੁਦਾ ਟੀਚੇ ਦੀ ਪ੍ਰਾਪਤੀ ਲਈ ਪ੍ਰਿੰਸੀਪਲ ਕੰਮ ਕਰਨ।

ਸਿੱਖਿਆ ਮੰਤਰੀ ਓ.ਪੀ. ਸੋਨੀ ਦੀ ਪ੍ਰਧਾਨਗੀ ਹੇਠ ਅੱਜ ਇਥੇ ਮੈਰੀਟੋਰੀਅਸ ਸਕੂਲਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਲਈ ਪ੍ਰਿੰਸੀਪਲਾਂ ਨਾਲ ਮੀਟਿੰਗ ਕੀਤੀ ਗਈ। ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ ਪਿਛਲੇ ਵਿੱਦਿਅਕ ਸਾਲ ਦੌਰਾਨ 5981 ਸੀ ਜੋ ਇਸ ਵਿਦਿਅਕ ਵਰ੍ਹੇ ਦੌਰਾਨ 6600 ਹੋ ਗਈ ਹੈ ਅਤੇ ਅਗਲੇ ਵਿੱਦਿਅਕ ਵਰ੍ਹੇ ਦੌਰਾਨ ਇਹ ਸੰਖਿਆ ਵੱਧ ਕੇ 8000 ਹੋ ਜਾਵੇਗੀ। ਸਿੱਖਿਆ ਮੰਤਰੀ ਨੇ ਕਿਹਾ ਕਿ ਮੈਰੀਟੋਰੀਅਸ ਸਕੂਲ਼ਾਂ ਵਿਚ 136 ਦੇ ਲਗਭੱਗ ਲੈਕਚਰਾਰ ਨਿਯੁਕਤ ਕੀਤੇ ਜਾ ਚੁੱਕੇ ਹਨ

ਅਤੇ ਬਾਕੀ ਰਹਿੰਦੀਆਂ 17 ਕਾਮਰਸ ਲੈਕਚਰਾਰਾਂ ਦੀਆਂ ਅਸਾਮੀਆਂ ਉਤੇ ਨਿਯੁਕਤੀ ਹਾਈ ਕੋਰਟ ਦੇ ਫ਼ੈਸਲੇ ਮੁਤਾਬਕ ਕਰ ਦਿਤੀ ਜਾਵੇਗੀ। ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਇਸ ਸਾਲ ਇਕ ਸਕੂਲ ਤੋਂ ਦੂਜੇ ਸਕੂਲ ਵਿਚ ਜਿਹੜੇ ਵਿਦਿਆਰਥੀ ਮਾਈਗ੍ਰੇਟ ਹੋਏ ਸਨ ਉਹਨਾਂ ਦੀ ਗਿਣਤੀ ਬਹੁਤ ਘੱਟ ਹੈ। ਟੀਚਿੰਗ ਤੇ ਨਾਨ ਟੀਚਿੰਗ ਅਮਲੇ ਦੀਆਂ ਬਦਲੀਆਂ ਦੀ ਨੀਤੀ ਨੂੰ ਵੀ ਮਨਜ਼ੂਰੀ ਦਿਤੀ ਜਾ ਚੁੱਕੀ ਹੈ। ਇਨ੍ਹਾਂ ਸਕੂਲਾਂ ਦਾ ਪ੍ਰਬੰਧ ਸੁਚਾਰੂ ਢੰਗ ਨਾਲ ਚਲਾਉਣ ਲਈ ਸਿੱਖਿਆ ਵਿਭਾਗ ਦੇ 5 ਪ੍ਰਿੰਸੀਪਲ ਡੈਪੂਟੇਸ਼ਨ ਤੇ ਭੇਜੇ ਗਏ ਹਨ।

ਇਨ੍ਹਾਂ ਮੈਰੀਟੋਰੀਅਸ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਆਨ-ਲਾਈਨ ਕੋਚਿੰਗ ਸਬੰਧੀ ਵੀ ਸਮੀਖਿਆ ਕੀਤੀ ਗਈ ਤੇ ਹਦਾਇਤ ਕੀਤੀ ਗਈ ਹੈ ਕਿ ਇਸ ਸਬੰਧੀ ਮੈਰੀਟੋਰੀਅਸ ਸਕੂਲਾਂ ਦੇ ਸਬੰਧਿਤ ਪ੍ਰਿੰਸੀਪਲ ਜੇ ਆਨ-ਲਾਈਨ ਕੋਚਿੰਗ ਸੁਵਿਧਾ ਤੋਂ ਸੰਤੁਸ਼ਟ ਨਹੀਂ ਹਨ ਤਾਂ ਉਹ ਨਵੀਂ ਟੈਂਡਰ ਪ੍ਰਕਿਰਿਆ ਨਿਯਮਾਂ ਅਨੁਸਾਰ ਕਰਕੇ ਪ੍ਰਬੰਧ ਕਰ ਸਕਦੇ ਹਨ। ਇਸ ਮੌਕੇ ਜਾਣਕਾਰੀ ਦਿਤੀ ਗਈ ਕਿ ਮੈਰੀਟੋਰੀਅਸ ਸਕੂਲਾਂ ਦੀ ਕੰਟੀਜੈਂਸੀ/ਮੈਂਟੇਨੈਂਸ਼ ਰਾਸ਼ੀ ਨੂੰ 20000 ਤੋਂ ਵਧਾ ਕੇ 2 ਲੱਖ ਪ੍ਰਤੀ ਮਹੀਨਾ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

ਇਸ ਦੇ ਨਾਲ-ਨਾਲ ਮੈਰੀਟੋਰੀਅਸ ਸਕੂਲਾਂ ਵਿਚ ਸੋਲਰ ਪੈਨਲ ਵੀ ਲਗਾਏ ਜਾਣਗੇ ਅਤੇ ਮੈਰੀਟੋਰੀਅਸ ਸਕੂਲਾਂ ਦੇ ਮੈੱਸ ਸਬੰਧੀ ਨਵੰਬਰ 2018 ਤੱਕ ਦੀਆਂ ਅਦਾਇਗੀਆਂ ਜਾਰੀ ਕਰ ਦਿਤੀਆਂ ਜਾਣਗੀਆਂ। ਇਹ ਵੀ ਫੈਸਲਾ ਲਿਆ ਗਿਆ ਹੈ ਕਿ ਤਲਵਾੜਾ ਅਤੇ ਗੁਰਦਾਸਪੁਰ ਦੇ ਮੈਰੀਟੋਰੀਅਸ ਸਕੂਲਾਂ ਦੀ ਉਸਾਰੀ ਦਾ ਕੰਮ ਜਲਦੀ ਪੂਰਾ ਕਰ ਲਿਆ ਜਾਵੇਗਾ। ਸਿੱਖਿਆ ਮੰਤਰੀ ਨੇ ਫੰਡ ਜਾਰੀ ਕਰਨ ਸਬੰਧੀ ਵਿੱਤ ਸਕੱਤਰ ਨਾਲ ਵੀ ਗੱਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਅਤੇ ਪ੍ਰਸ਼ਾਂਤ ਕੁਮਾਰ ਗੋਇਲ ਹਾਜ਼ਰ ਸਨ।