ਪੰਜਾਬ ਜੇਲ੍ਹ ਵਿਭਾਗ ਦੇ ਡੀਆਈਜੀ ਨੇ ਕਿਸਾਨਾਂ ਦੀ ਹਮਾਇਤ 'ਚ ਦਿੱਤਾ ਅਸਤੀਫ਼ਾ
ਲਖਮਿੰਦਰ ਸਿੰਘ ਜਾਖੜ ਨੇ ਡਿਊਟੀ ਤੋਂ ਫਾਰਗ ਹੋਣ ਲਈ ਆਪਣੀ ਤਿੰਨ ਮਹੀਨੇ ਦੀ ਤਨਖਾਹ ਅਤੇ ਹੋਰ ਭੱਤੇ ਜਮ੍ਹਾਂ ਕਰਾਉਣ ਦੀ ਵੀ ਗੱਲ ਕੀਤੀ ਹੈ
ਚੰਡੀਗੜ੍ਹ - ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਦੌਰਾਨ ਕਈ ਖਿਡਾਰੀਆਂ, ਸਾਹਿਤਕਾਰਾਂ, ਕਲਾਕਾਰਾਂ ਮੰਤਰੀਆਂ ਤੇ ਹੋਰ ਉੱਘੇ ਆਗੂਆਂ ਨੇ ਕਿਸਾਨਾਂ ਦੇ ਹੱਕ ‘ਚ ਅਸਤੀਫ਼ੇ ਤੇ ਆਪਣੇ ਐਵਾਰਡ ਵਾਪਸ ਕੀਤੇ ਹਨ। ਇਸੇ ਤਹਿਤ ਪੰਜਾਬ ਜੇਲ੍ਹ ਵਿਭਾਗ ਦੇ ਡੀਆਈਜੀ ਸ. ਲਖਮਿੰਦਰ ਸਿੰਘ ਜਾਖੜ ਨੇ ਕਿਸਾਨਾਂ ਦੀ ਹਮਾਇਤ ਕਰਦਿਆਂ ਆਪਣੀ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਆਪਣੇ ਅਸਤੀਫ਼ੇ 'ਚ ਡੀ. ਆਈ. ਜੀ. ਨੇ ਲਿਖਿਆ ਹੈ ਕਿ ਭਾਰਤ ਦਾ ਕਿਸਾਨ ਪ੍ਰੇਸ਼ਾਨ ਹੈ। ਉਹ ਇਨ੍ਹਾਂ ਠੰਡੀਆਂ ਰਾਤਾਂ ਵਿਚ ਖੁੱਲ੍ਹੇ ਅਸਮਾਨ ਹੇਠ ਆਪਣੇ ਹੱਕਾਂ ਲਈ ਸੰਘਰਸ਼ ਕਰ ਰਿਹਾ ਹੈ। ਮੈਂ ਕਿਸਾਨ ਦਾ ਪੁੱਤਰ ਹੋਣ ਦੇ ਨਾਤੇ ਇਹ ਸਮਝਦਾ ਹਾਂ ਕਿ ਮੈਨੂੰ ਵੀ ਉਸ ਸੰਘਰਸ਼ ਦਾ ਹਿੱਸਾ ਬਣਨਾ ਚਾਹੀਦਾ ਹੈ। ਇਸ ਕਰ ਕੇ ਮੈਨੂੰ ਤੁਰੰਤ ਡਿਊਟੀ ਤੋਂ ਫਾਰਗ ਕੀਤਾ ਜਾਵੇ।
ਇਸ ਤੋਂ ਇਲਾਵਾ ਡੀ. ਆਈ. ਜੀ. ਲਖਮਿੰਦਰ ਸਿੰਘ ਜਾਖੜ ਨੇ ਡਿਊਟੀ ਤੋਂ ਫਾਰਗ ਹੋਣ ਲਈ ਆਪਣੀ ਤਿੰਨ ਮਹੀਨੇ ਦੀ ਤਨਖਾਹ ਅਤੇ ਹੋਰ ਭੱਤੇ ਜਮ੍ਹਾਂ ਕਰਾਉਣ ਦੀ ਵੀ ਗੱਲ ਕੀਤੀ ਹੈ ਤਾਂ ਕਿ ਕਿਸੇ ਪ੍ਰਕਾਰ ਦੀ ਕਨੂੰਨੀ ਅੜਚਣ ਅਸਤੀਫ਼ਾ ਮਨਜ਼ੂਰ ਕਰਨ ਵਿਚ ਨਾ ਆਵੇ। ਜ਼ਿਕਰਯੋਗ ਹੈ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਪਿਛਲੇ ਲਗਾਤਾਰ 18 ਦਿਨਾਂ ਤੋਂ ਦਿੱਲੀ ਵਿਖੇ ਧਰਨਾ ਦੇ ਰਹੇ ਹਨ ਤੇ ਇਸ ਦੌਰਾਨ ਕਿਸਾਨਾਂ ਦੀ ਸਰਕਾਰ ਨਾਲ ਛੇ ਮੀਟਿੰਗਾਂ ਹੋ ਚੁੱਕੀਆਂ ਹਨ ਜੋ ਬੇਸਿੱਟਾ ਰਹੀਆਂ।
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਕਾਨੂੰਨਾਂ ‘ਚ ਸੋਧ ਕਰਨ ਲਈ ਤਿਆਰ ਹੈ ਪਰ ਉਹ ਕਾਨੂੰਨਾਂ ਨੂੰ ਵਾਪਸ ਨਹੀਂ ਲਵੇਗੀ। ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕੇਂਦਰ ਦੇ ਕਾਲੇ ਕਾਨੂੰਨ ਵਾਪਸ ਲਏ ਜਾਣ ਤੋਂ ਇਲਾਵਾ ਸਾਨੂੰ ਹੋਰ ਕੁਝ ਮਨਜ਼ੂਰ ਨਹੀਂ। ਜਦੋਂਕਿ ਤੱਕ ਕੇਂਦਰ ਸਰਕਾਰ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ ਉਨਾਂ ਦਾ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ।