ਡਾ. ਤ੍ਰੇਹਨ ਕਤਲ ਕੇਸ ਵਿਚ ਵਲਟੋਹਾ ਨੂੰ ਤੁਰਤ ਹੋਵੇ ਗ੍ਰਿਫ਼ਤਾਰੀ : ਆਪ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੱਟੀ ਵਿਚ 1983 ਵਿਚ ਹੋਏ ਡਾ. ਤ੍ਰੇਹਨ ਕਤਲ ਮਾਮਲੇ ਵਿਚ ਅਕਾਲੀ ਆਗੂ ਅਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ........

Aam Aadmi Party Punjab

ਚੰਡੀਗੜ੍ਹ (ਨੀਲ ਭਲਿੰਦਰ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੱਟੀ ਵਿਚ 1983 ਵਿਚ ਹੋਏ ਡਾ. ਤ੍ਰੇਹਨ ਕਤਲ ਮਾਮਲੇ ਵਿਚ ਅਕਾਲੀ ਆਗੂ ਅਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਐਤਵਾਰ ਨੂੰ ਪਾਰਟੀ ਦੇ ਚੰਡੀਗੜ੍ਹ ਹੈੱਡਕੁਆਟਰ ਤੋਂ ਜਾਰੀ ਬਿਆਨ ਵਿਚ ਵਿਧਾਇਕ ਮੀਤ ਹੇਅਰ ਅਤੇ ਯੂਥ ਵਿੰਗ ਦੇ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਬਿਨਾ ਦੇਰੀ ਕੀਤੇ ਵਲਟੋਹਾ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੀ ਸੰਪਤੀ ਜ਼ਬਤ ਕੀਤੀ ਜਾਣੀ ਚਾਹੀਦੀ ਹੈ। 

'ਆਪ' ਆਗੂਆਂ ਨੇ ਕਿਹਾ ਕਿ ਕਤਲ ਕੇਸ ਵਿਚ ਗ੍ਰਿਫ਼ਤਾਰ ਕੀਤੇ ਗਏ ਦੂਸਰੇ ਦੋਸ਼ੀਆਂ ਦੇ ਬਿਆਨਾਂ ਦੇ ਆਧਾਰ 'ਤੇ ਵਲਟੋਹਾ ਨੂੰ ਵੀ ਇਸ ਕਤਲ ਕੇਸ ਵਿਚ ਨਾਮਜ਼ਦ ਕੀਤਾ ਗਿਆ ਸੀ, ਪਰੰਤੂ ਵਲਟੋਹਾ ਪੁਲਿਸ ਦੀ ਮਿਲੀਭੁਗਤ ਨਾਲ ਬਚਦਾ ਰਿਹਾ, ਪੁਲਿਸ ਵੀ ਅਦਾਲਤ ਨੂੰ ਗੁਮਰਾਹ ਕਰਦੀ ਰਹੀ ਪਰੰਤੂ ਵਲਟੋਹਾ ਨੂੰ ਅਦਾਲਤ ਅੱਗੇ ਪੇਸ਼ ਨਹੀਂ ਕੀਤਾ ਗਿਆ। ਮੀਤ ਹੇਅਰ ਨੇ ਕਿਹਾ ਕਿ ਕਤਲ ਕੇਸ ਵਿਚ ਨਾਮਜ਼ਦ ਵਿਅਕਤੀਆਂ ਦਾ ਖੁਲ੍ਹੇਆਮ ਘੁੰਮਣਾ ਅਤੇ ਵਿਧਾਇਕ ਬਣਨਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਨਾਲਾਇਕੀ ਸਾਬਤ ਕਰਦੀ ਹੈ। 

ਮਨਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੁਲਿਸ ਵਲੋਂ ਵਲਟੋਹਾ ਨੂੰ ਪ੍ਰੋਕਲੇਮਡ ਓਫੈਡਰ (ਪੀ.ਓ) ਘੋਸ਼ਿਤ ਕੀਤੇ ਜਾਣ ਤੋਂ ਬਾਅਦ ਵੀ ਉਸ ਵਿਰੁਧ ਕੋਈ ਕਾਰਵਾਈ ਨਾ ਕਰਨਾ ਅਤਿ ਨਿੰਦਣਯੋਗ ਹੈ। ਉਨ੍ਹਾਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਅਪਣੇ ਵਿਧਾਇਕ ਦੇ ਪਰਚੇ ਭਰਨ ਸਮੇਂ ਹਲਫ਼ੀਆ ਬਿਆਨ ਵਿਚ ਝੂਠ ਬੋਲਣ ਲਈ ਉਸ 'ਤੇ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। 

'ਆਪ' ਨੇਤਾਵਾਂ ਨੇ ਕਿਹਾ ਕਿ ਇਸ ਕੇਸ ਨੂੰ ਦੋਬਾਰਾ ਖੋਲ੍ਹ ਕੇ ਜਾਂਚ ਹੋਣੀ ਚਾਹੀਦੀ ਹੈ ਅਤੇ ਵਲਟੋਹਾ ਨੂੰ ਬਚਾਉਣ ਵਾਲੇ ਪੁਲਿਸ ਅਧਿਕਾਰੀਆਂ ਉੱਤੇ ਵੀ ਕੇਸ ਦਰਜ ਹੋਣੇ ਚਾਹੀਦੇ ਹਨ। ਉਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਖ਼ੁਦ ਨੂੰ ਅਤਿਵਾਦੀ ਕਹਿਣ ਵਾਲੇ ਵਲਟੋਹਾ ਵਿਰੁਧ ਕਾਰਵਾਈ ਨਾ ਕਰਨਾ ਕੈਪਟਨ ਅਤੇ ਬਾਦਲਾਂ ਦੀ ਮਿਲੀਭੁਗਤ ਜ਼ਾਹਰ ਕਰਦਾ ਹੈ। ਸਿੱਧੂ ਨੇ ਮੰਗ ਕੀਤੀ ਕਿ ਬਿਨਾ ਦੇਰੀ ਕੀਤੇ ਵਲਟੋਹਾ ਦਾ ਪਾਸਪੋਰਟ ਜਬਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਹ ਵਿਦੇਸ਼ ਨਾ ਭੱਜ ਸਕੇ।