40 ਮੁਕਤਿਆਂ ਦੀ ਸ਼ਹਾਦਤ ਨੂੰ ਪ੍ਰਣਾਮ ਕਰਨ ਭਾਰੀ ਗਿਣਤੀ ‘ਚ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ
ਸਿੱਖ ਭਾਈਚਾਰੇ ਵੱਲੋਂ ਮਨਾਇਆ ਜਾ ਰਿਹਾ ਮਾਘੀ ਦਾ ਪਵਿੱਤਰ ਦਿਹਾੜਾ
ਸ੍ਰੀ ਮੁਕਤਸਰ ਸਾਹਿਬ: ਸਮੁੱਚੇ ਸਿੱਖ ਜਗਤ ਵੱਲੋਂ ਅੱਜ ਮਾਘੀ ਦਾ ਪਵਿੱਤਰ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਸੰਗਤਾਂ ਦੀ ਆਮਦ ਜਾਰੀ ਹੈ।
ਮਾਘੀ ਜੋੜ ਮੇਲੇ ਮੌਕੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਤੰਬੂ ਸਾਹਿਬ, ਗੁਰਦੁਆਰਾ ਮਾਤਾ ਭਾਗ ਅਤੇ ਹੋਰ ਇਤਿਹਾਸਕ ਅਸਥਾਨਾਂ ‘ਤੇ ਸੰਗਤਾਂ ਹੁੰਮ ਹੁਮਾ ਕੇ ਦਰਸ਼ਨ ਕਰਨ ਪਹੁੰਚ ਰਹੀਆਂ ਹਨ।
ਇਸ ਦੇ ਨਾਲ ਹੀ ਸੰਗਤਾਂ ਮੁਕਤ ਸਰੋਵਰ 'ਚ ਇਸ਼ਨਾਨ ਕਰਕੇ 40 ਮੁਕਤਿਆਂ ਦੀ ਸ਼ਹਾਦਤ ਨੂੰ ਪ੍ਰਣਾਮ ਕਰ ਰਹੀਆਂ ਹਨ। ਇਸ ਤੋਂ ਇਲ਼ਾਵਾ ਅੱਜ ਮਾਘ ਮਹੀਨੇ ਦੀ ਸੰਗਰਾਂਦ ਦੇ ਪਵਿੱਤਰ ਦਿਹਾੜੇ ਮੌਕੇ ਸਿੱਖ ਸੰਗਤਾਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਵੀ ਨਤਮਸਤਕ ਹੋ ਰਹੀਆਂ ਹਨ।
ਭਾਰੀ ਠੰਢ ਦੇ ਬਾਵਜੂਦ ਵੀ ਸ਼ਰਧਾਲੂ ਸਰੋਵਰ ਵਿਚ ਇਸ਼ਨਾਨ ਕਰ ਰਹੇ ਹਨ। ਇਸ ਦੌਰਾਨ ਸਿੱਖ ਸ਼ਰਧਾਲੂ ਪਰਿਵਾਰਾਂ ਦੀ ਸੁੱਖ-ਸ਼ਾਂਤੀ ਅਤੇ ਸਰਬੱਤ ਦੇ ਭਲੇ ਤੋਂ ਇਲ਼ਾਵਾ ਕਿਸਾਨੀ ਸੰਘਰਸ਼ ਦੀ ਜਿੱਤ ਲਈ ਵੀ ਅਰਦਾਸਾਂ ਕਰ ਰਹੇ ਹਨ।