ਸੁਖਦੇਵ ਢੀਂਡਸਾ ਦੀ ਅਗਵਾਈ ਹੇਠ ਗ੍ਰਹਿ ਮੰਤਰੀ ਨੂੰ ਮਿਲਿਆ SAD ਸੰਯੁਕਤ ਦਾ ਵਫ਼ਦ

ਏਜੰਸੀ

ਖ਼ਬਰਾਂ, ਪੰਜਾਬ

ਜੇਲ੍ਹਾਂ ’ਚ ਬੰਦ ਬੰਦੀ ਸਿੰਘਾਂ ਦੀ ਰਿਹਾਈ, ਸਿੱਖ ਮਸਲਿਆਂ, ਪੰਜਾਬ ਦੀ ਬਿਹਤਰੀ ਅਤੇ ਕਿਸਾਨਾਂ ਲਈ ਵਿਸ਼ੇਸ਼ ਪੈਕੇਜ ਦੀ ਕੀਤੀ ਮੰਗ 

A delegation of SAD sanyukt led by Sukhdev Dhindsa met the Home Minister

ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਵਫ਼ਦ ਅੱਜ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਿਆ। ਇਸ ਦੌਰਾਨ ਉਹਨਾਂ ਨੇ ਜੇਲ੍ਹਾਂ ’ਚ ਬੰਦ ਬੰਦੀ ਸਿੰਘਾਂ ਦੀ ਰਿਹਾਈ, ਸਿੱਖ ਮਸਲਿਆਂ, ਪੰਜਾਬ ਦੀ ਬਿਹਤਰੀ ਅਤੇ ਕਿਸਾਨਾਂ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ।

ਇਸ ਮੁਲਾਕਾਤ ਦੌਰਾਨ ਉਨ੍ਹਾਂ ਨਾਲ ਸਾਬਕਾ ਜਸਟਿਸ ਨਿਰਮਲ ਸਿੰਘ, ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ, ਸਾਬਕਾ ਵਿੱਤ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਰਣਜੀਤ ਸਿੰਘ ਤਲਵੰਡੀ, ਸੁਖਵੰਤ ਸਿੰਘ ਸਰਾਓ ਅਤੇ ਭਾਜਪਾ ਦੇ ਸੀਨੀਅਰ ਆਗੂ ਗਜੇਂਦਰ ਸ਼ੇਖਾਵਤ ਵੀ ਮੌਜੂਦ ਸਨ।

ਮੁਲਾਕਾਤ ਦੌਰਾਨ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਕ ਪੰਥਕ ਪਾਰਟੀ ਹੈ, ਜੋ ਪੰਥ ਦੇ ਮਸਲਿਆਂ ਦੀ ਡਟ ਕੇ ਪੈਰਵਾਈ ਕਰਦੀ ਰਹੇਗੀ ਤੇ ਕਰਦੀ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸ ਵੇਲੇ ਗੰਭੀਰ ਸੰਕਟ ’ਚੋਂ ਲੰਘ ਰਿਹਾ ਹੈ ਤੇ ਵੱਡੇ ਕਰਜ਼ੇ ਦੇ ਭਾਰ ਹੇਠਾਂ ਦੱਬਿਆ ਪਿਆ ਹੈ। ਸਿੱਖਾਂ ਦੇ ਬਹੁਤ ਸਾਰੇ ਮਸਲੇ ਅਜਿਹੇ ਹਨ ਜੋ ਸਾਲਾਂ ਤੋਂ ਲਟਕ ਰਹੇ ਹਨ

ਇਹਨਾਂ ਨੂੰ ਹੱਲ ਕਰਵਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇ ਹੁਣ ਦਾ ਵੇਲਾ ਵੀ ਨਾ ਸੰਭਾਲਿਆ ਅਤੇ ਮੁੱਦਿਆ ਨੂੰ ਲੈ ਕੇ ਆਵਾਜ਼ ਬੁਲੰਦ ਨਾ ਕੀਤੀ ਤਾਂ ਆਉਣ ਵਾਲੀਆਂ ਪੀੜ੍ਹੀਆਂ ਸਾਨੂੰ ਕਦੇ ਮੁਆਫ਼ ਨਹੀਂ ਕਰਨਗੀਆਂ। ਉਨ੍ਹਾਂ ਕਿਹਾ ਕਿ ਪੰਥ ਤੇ ਪੰਜਾਬ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਹੀ ਭਾਰਤੀ ਜਨਤਾ ਪਾਰਟੀ ਨਾਲ ਸਾਂਝ ਬਣਾਈ ਹੈ। ਅਖੀਰ ਵਿਚ ਢੀਂਡਸਾ ਨੇ ਦੱਸਿਆ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਜਲਦ ਕਰਨ ਸਮੇਤ ਹੋਰ ਮਸਲਿਆਂ ਨੂੰ ਹੱਲ ਕਰਨ ਦਾ ਭਰੋਸਾ ਦੇ ਦਿੱਤਾਂ ਹੈ।