ਪ੍ਰਧਾਨ ਮੰਤਰੀ ਦੇ ਪੰਜਾਬ ਪਹੁੰਚਣ ’ਤੇ ਕਿਸਾਨ ਜਥੇਬੰਦੀਆਂ ਨੇ ਸੂਬੇ ਭਰ ’ਚ ਕੀਤੇ ਰੋਸ ਮੁਜ਼ਾਹਰੇ

ਏਜੰਸੀ

ਖ਼ਬਰਾਂ, ਪੰਜਾਬ

ਪ੍ਰਧਾਨ ਮੰਤਰੀ ਦੇ ਪੰਜਾਬ ਪਹੁੰਚਣ ’ਤੇ ਕਿਸਾਨ ਜਥੇਬੰਦੀਆਂ ਨੇ ਸੂਬੇ ਭਰ ’ਚ ਕੀਤੇ ਰੋਸ ਮੁਜ਼ਾਹਰੇ

image

ਚੰਡੀਗੜ੍ਹ, 14 ਫ਼ਰਵਰੀ (ਭੁੱਲਰ) : ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ’ਚ ਭਾਜਪਾ ਗਠਜੋੜ ਦੀ ਚੋਣ ਮੁਹਿੰਮ ਮੌਕੇ ਪਹੁੰਚਣ ’ਤੇ ਅਪਣੇ ਨਿਰਧਾਰਤ ਪ੍ਰੋਗਰਾਮ ਮੁਤਾਬਕ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਨੇ ਸੂਬੇ ’ਚ ਵਿਰੋਧ ਕਰਦਿਆਂ ਰੋਸ ਮੁਜ਼ਾਹਰੇ ਕੀਤੇ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਪੁਤਲੇ ਥਾਂ ਥਾਂ ਫੂਕੇ ਗਏ। 
ਕੁੱਝ ਥਾਵਾਂ ਉਪਰ ਪੁਲਿਸ ਨੇ ਪਹਿਲਾਂ ਹੀ ਕਾਰਵਾਈ ਕਰਦਿਆਂ ਕਿਸਾਨ ਨੇਤਾਵਾਂ ਨੂੰ ਉਨ੍ਹਾਂ ਦੇ ਘਰਾਂ ’ਚ ਹੀ ਨਜ਼ਰਬੰਦ ਕਰ ਕੇ ਬਾਹਰ ਨਿਕਲਣੋਂ ਰੋਕ ਦਿਤਾ ਸੀ। ਮੋਰਚੇ ਦੇ ਪ੍ਰਮੁੱਖ ਆਗੂ ਡਾ. ਦਰਸ਼ਨ ਪਾਲ ਨੇ ਦਸਿਆ ਕਿ 16 ਫ਼ਰਵਰੀ ਨੂੰ ਵੀ ਵਿਰੋਧ ਜਾਰੀ ਰਹੇਗਾ ਅਤੇ ਜ਼ਿਲ੍ਹਾ ਤੇ ਤਹਿਸੀਲ ਪੱਧਰਰ ’ਤੇ ਰੋਸ ਮੁਜ਼ਾਹਰਿਆਂ ਤੋਂ ਇਲਾਵਾ ਪ੍ਰਧਾਨ ਮੰਤਰੀ ਦੇ ਪਹੁੰਚਣ ਮੌਕੇ ਸ਼ਾਂਤਮਈ ਤਰੀਕੇ ਨਾਲ ਕਾਲੇ ਝੰਡੇ ਦਿਖਾ ਕੇ ਰੋਸ ਪ੍ਰਗਟ ਕੀਤਾ ਜਾਵੇਗਾ। ਅੱਜ ਦੇ ਰੋਸ ਮੁਜ਼ਾਹਰਿਆਂ ਦੀ ਅਗਵਾਈ ਕਰਨ ਵਾਲੇ ਪ੍ਰਮੁੱਖ ਆਗੂਆਂ ’ਚ ਜੋਗਿੰਦਰ ਸਿੰਘ ਉਗਰਾਹਾਂ, ਬੂਟਾ ਸਿੰਘ ਬੁਰਜ ਗਿੱਲ, ਸੁਰਜੀਤ ਸਿੰਘ ਫੂਲ, ਜਗਜੀਤ ਸਿੰਘ ਡੱਲੇਵਾਲ, ਹਰਦੇਵ ਸੰਧੂ, ਰੁਲਦੂ ਸਿੰਘ ਮਾਨਸਾ, ਝੰਡਾ ਸਿੰਘ ਜੇਠੂਕੇ, ਨਿਰਭੈ ਸਿੰਘ ਢੁੱਡੀਕੇ, ਹਰਮੀਤ ਕਾਦੀਆਂ, ਮਨਜੀਤ ਸਿੰਘ ਰਾਏ, ਕੁਲਵੰਤ ਸੰਧੂ ਦੇ ਨਾਂ ਵਰਨਣਯੋਗ ਹਨ। 
ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਦੇ ਵਿਰੋਧ ਦਾ ਸੱਦਾ ਲਖੀਮਪੁਰ ਕਾਂਡ ਦੇ ਮੁੱਖ ਮੁਲਜ਼ਮ ਨੂੰ ਜ਼ਮਾਨਤ ਮਿਲਣ ਅਤੇ ਐਮ ਐਸ ਪੀ ਮੁਆਵਜ਼ੇ ਤੇ ਦਰਜ ਕੇਸਾਂ ਸਬੰਧੀ ਪ੍ਰਵਾਨ ਮੰਗਾਂ ਲਾਗੂ ਨਾ ਹੋਣ ਦੇ ਵਿਰੋਧ ’ਚ ਦਿਤਾ ਗਿਆ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਵਾਅਦਾ ਖ਼ਿਲਾਫ਼ੀ ਕਾਰਨ ਭਾਜਪਾ ਤੇ ਸਹਿਯੋਗੀਆਂ ਨੂੰ ਚੋਣਾਂ ’ਚ ਸਬਕ ਸਿਖਾਉਣ ਦਾ ਸੱਦਾ ਦਿਤਾ ਗਿਆ ਹੈ।