ਬੁੱਢਾ ਦਲ ਨੇ ਜਥੇ: ਅਕਾਲੀ ਬਾਬਾ ਫੂਲਾ ਸਿੰਘ ਦੀ 199ਵੀਂ ਬਰਸੀ ਮਨਾਈ

ਏਜੰਸੀ

ਖ਼ਬਰਾਂ, ਪੰਜਾਬ

ਬੁੱਢਾ ਦਲ ਨੇ ਜਥੇ: ਅਕਾਲੀ ਬਾਬਾ ਫੂਲਾ ਸਿੰਘ ਦੀ 199ਵੀਂ ਬਰਸੀ ਮਨਾਈ

image

ਸ਼ਤਾਬਦੀ ਨੂੰ ਸਮਰਪਿਤ ਵੱਖ-ਵੱਖ ਥਾਵਾਂ ਤੇ ਹੋਣਗੇ ਗੁਰਮਤਿ ਸਮਾਗਮ : ਬਾਬਾ ਬਲਬੀਰ ਸਿੰਘ 

ਅੰਮ੍ਰਿਤਸਰ, 14 ਮਾਰਚ (ਪੱਤਰ ਪੇ੍ਰਰਕ): ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਦੀ 199ਵੀਂ ਬਰਸੀ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਵਿਖੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਹੇਠ ਮਨਾਈ ਗਈ। ਪਰਸੋਂ ਰੋਜ਼ ਤੋਂ ਰੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ  ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇ: ਗਿ: ਗੁਰਬਚਨ ਸਿੰਘ ਨੇ ਸਿੱਖ ਇਤਿਹਾਸ ਵਿਚੋਂ ਅਕਾਲੀ ਬਾਬਾ ਫੂਲਾ ਸਿੰਘ ਦੀ ਭੂਮਿਕਾ ਤੇ ਕਥਾ ਦੀ ਵਿਚਾਰ ਪ੍ਰਗਟ ਕੀਤੇ। ਬਾਬਾ ਹਰਜੀਤ ਸਿੰਘ ਰਾਗੀ ਉਮਰਪੁਰਾ ਬਟਾਲਾ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਅਤੇ ਗਿ: ਕੇਵਲ ਸਿੰਘ ਕੋਮਲ ਢਾਡੀ ਜਥੇ ਨੇ ਬੀਰਰਸੀ ਵਾਰਾਂ ਗਾਣਿਨ ਕੀਤੀਆਂ। ਇਸ ਸਮੇਂ ਬਾਬਾ ਬਲਬੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਨਿਹੰਗ ਦੀ ਦੂਸਰੀ ਸ਼ਹੀਦੀ ਸ਼ਤਾਬਦੀ 2023 ਵਿਚ ਆ ਰਹੀ ਹੈ, ਜੋ ਖ਼ਾਲਸਾਈ ਜਾਹੋ ਜਲਾਲ ਨਾਲ ਵਿਸ਼ਾਲ ਪੱਧਰ ਤੇ ਸੰਗਤਾਂ ਦੇ ਸਹਿਯੋਗ ਨਾਲ ਇਸੇ ਸਥਾਨ ’ਤੇ ਮਨਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਅਕਾਲੀ ਬਾਬਾ ਫੂਲਾ ਸਿੰਘ ਕੌਮ ਦੇ ਮਹਾਨ ਜਰਨੈਲ ਸਨ, ਜਿਨ੍ਹਾਂ ਨੇ ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਬੁਲੰਦੀ ਲਈ ਅਹਿਮ ਯੋਗਦਾਨ ਪਾਉਂਦਿਆਂ ਸ਼ਹਾਦਤ ਪ੍ਰਾਪਤ ਕੀਤੀ। ਉਸ ਮਹਾਨ ਯੋਧੇ ਦੀ ਯਾਦ ਵਿਚ ਸਥਾਨਕ ਗੁਰਦੁਆਰਾ ਬੁਰਜ ਸਾਹਿਬ ਵਿਖੇ ਨਿਹੰਗ ਸਿੰਘ ਜਥੇਬੰਦੀਆਂ ਤੇ ਸਿੱਖ ਸੰਸਥਾਵਾਂ ਦੇ ਸਾਂਝੇ ਉਦਮ ਨਾਲ 200 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਸਮਾਗਮ ਕੀਤਾ ਜਾਵੇਗਾ ਅਤੇ ਇਸ ਦੇ ਮੱਦੇਨਜ਼ਰ ਸਾਰਾ ਸਾਲ ਬਾਬਾ ਫੂਲਾ ਸਿੰਘ ਨਾਲ ਸਬੰਧਤ ਇਤਿਹਾਸਕ ਅਸਥਾਨਾਂ ਤੇ ਵਿਸ਼ੇਸ਼ ਗੁਰਮਤਿ ਸਮਾਗਮ ਚਲਾਏ ਜਾਣਗੇ। ਇਸੇ ਦੌਰਾਨ ਉਨ੍ਹਾਂ ਸੰਮਤ ਨਾਨਕਸ਼ਾਹੀ 554 ਦੀ ਆਮਦ ਤੇ ਸੰਗਤਾਂ ਨੂੰ ਮੁਬਾਰਕਬਾਦ ਦਿਤੀ। ਸਮਾਗਮ ਸਮੇਂ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਬਾਬਾ ਬਲਬੀਰ ਸਿੰਘ ਅਕਾਲੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਉ ਦੇ ਕੇ ਸਨਮਾਨਤ ਕੀਤਾ। 
ਇਸ ਸਮੇਂ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ,ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਗੁਰਪਿੰਦਰ ਸਿੰਘ ਗੁਰੂਸਰ ਸਤਲਾਣੀ, ਬਾਬਾ ਮੇਜਰ ਸਿੰਘ ਮੁਖੀ ਦਸ਼ਮੇਸ਼ ਤਰਨਾ ਦਲ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਹਰਜੀਤ ਸਿੰਘ ਬਟਾਲਾ, ਬਾਬਾ ਜਸਬੀਰ ਸਿੰਘ, ਬਾਬਾ ਵਿਸ਼ਵ ਪ੍ਰਤਾਪ ਸਿੰਘ, ਬਾਬਾ ਹਰਪ੍ਰੀਤ ਸਿੰਘ, ਸ੍ਰ. ਹਰਪਾਲ ਸਿੰਘ ਆਹਲੂਵਾਲੀਆ ਆਦਿ ਹਾਜ਼ਰ ਸਨ।