16 ਮਾਰਚ ਨੂੰ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਸਕੂਲਾਂ ਵਿਚ ਛੁੱਟੀ ਦਾ ਐਲਾਨ
ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਲਈ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਰੱਖਿਆ ਗਿਆ ਹੈ ਪ੍ਰੋਗਰਾਮ
ਬੰਗਾ : ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਹੋਈ ਹੈ ਅਤੇ ਹੁਣ 16 ਮਾਰਚ ਨੂੰ ਭਗਵੰਤ ਮਾਨ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਭਗਵੰਤ ਮਾਨ ਵਲੋਂ ਇਹ ਸਹੁੰ ਚੁੱਕ ਸਮਾਗਮ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਕਰਵਾਉਣ ਦਾ ਫ਼ੈਸਲਾ ਲਿਆ ਹੈ।
ਇਸ ਦੇ ਮੱਦੇਨਜ਼ਰ ਹੀ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ 16 ਮਾਰਚ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿਚ ਛੁੱਟੀ ਕਰਨ ਦਾ ਐਲਾਨ ਕੀਤਾ । ਉਨ੍ਹਾਂ ਦੱਸਿਆ ਕਿ 16 ਮਾਰਚ ਨੂੰ ਜ਼ਿਲ੍ਹੇ ਵਿਚ ਸਥਿਤ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਹੁੰ ਚੁੱਕ ਸਮਾਗਮ ਵਿਚ ਕਰੀਬ ਚਾਰ ਲੱਖ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਇਸ ਮੌਕੇ ਵਿਦਿਆਰਥੀਆਂ ਨੂੰ ਸਕੂਲ ਆਉੁਣ-ਜਾਣ ਵਿਚ ਵਿਚ ਮੁਸ਼ਕਲ ਪੇਸ਼ ਆ ਸਕਦੀ ਹੈ ਜਿਸ ਕਾਰਨ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਕੂਲੀ ਬੱਚਿਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ ਇਸ ਲਈ ਇਹ ਕਦਮ ਚੁੱਕਿਆ ਗਿਆ ਹੈ। ਦੱਸ ਦੇਈਏ ਕਿ ਭਗਵੰਤ ਮਾਨ ਵਲੋਂ 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਜਾਵੇਗੀ।