ਕੋਟਕਪੂਰਾ ਗੋਲੀਕਾਂਡ ਮਾਮਲਾ : ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਬਹਿਸ ਮੁਕੰਮਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਫ਼ਰੀਦਕੋਟ ਅਦਾਲਤ ਨੇ 15 ਮਾਰਚ ਤੱਕ ਫ਼ੈਸਲਾ ਰੱਖਿਆ ਸੁਰੱਖਿਅਤ 

Representational Image

ਫ਼ਰੀਦਕੋਟ : ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਅਬਦਾਲ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਬਹਿਸ ਮੁਕੰਮਲ ਹੋ ਗਈ ਹੈ। ਅਦਾਲਤ ਨੇ ਇਸ 'ਤੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ ਅਤੇ ਹੁਣ 15 ਮਾਰਚ ਯਾਨੀ ਭਲਕੇ ਇਸ 'ਤੇ ਫ਼ੈਸਲਾ ਸੁਣਾਇਆ ਜਾਵੇਗਾ।

ਇਸ ਬਾਰੇ ਜਾਣਕਾਰੀ ਦਿੰਦਿਆਂ ਸਿੱਖ ਜਥੇਬੰਦੀਆਂ ਦੇ ਵਕੀਲ ਹਰਪਾਲ ਸਿੰਘ ਖਾਰਾ ਨੇ ਦੱਸਿਆ ਕਿ ਫ਼ਰੀਦਕੋਟ ਅਦਾਲਤ ਵਿੱਚ ਬਾਦਲਾਂ ਵਲੋਂ ਜੋ ਅਗਾਊਂ ਜ਼ਮਾਨਤ ਅਰਜ਼ੀ ਲਗਾਈ ਗਈ ਸੀ ਉਸ 'ਤੇ ਅੱਜ ਬਹਿਸ ਹੋਈ ਹੈ। ਅਰਜ਼ੀ ਲਗਾਉਂਦਿਆਂ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਕੀਤੇ ਟਵੀਟਾਂ ਦਾ ਹਵਾਲਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਮੰਗ ਕੀਤੀ ਗਈ ਹੈ ਕਿ ਦੋਸ਼ੀਆਂ ਨੂੰ ਜਲਦੀ ਸਜ਼ਾ ਦਿੱਤੀ ਜਾਵੇ।

ਇਹ ਵੀ ਪੜ੍ਹੋ:   ਭੋਪਾਲ ਗੈਸ ਕਾਂਡ : ਪੀੜਤਾਂ ਦਾ ਮੁਆਵਜ਼ਾ ਵਧਾਉਣ ਦੀ ਮੰਗ ਵਾਲੀ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖ਼ਾਰਜ

ਜਿਸ 'ਤੇ ਇਨ੍ਹਾਂ ਵਲੋਂ ਦਲੀਲ ਦਿੱਤੀ ਗਈ ਕਿ ਉਨ੍ਹਾਂ ਨੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਹੈ ਜਦਕਿ ਕਿਸੇ ਦਾ ਵੀ ਨਾਮ ਨਹੀਂ ਲਿਆ ਹੈ। ਜੋ ਗੋਲੀਕਾਂਡ ਹੋਇਆ ਉਸ ਵਿੱਚ ਦੋ ਦੀ ਜਾਨ ਗਈ ਸੀ ਜਿਸ ਲਈ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਵਕੀਲ ਹਰਪਾਲ ਸਿੰਘ ਖਾਰਾ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਨੇ ਨਾਮ ਵੀ ਲਿਆ ਹੁੰਦਾ ਤਾਂ ਕੋਈ ਗੁਨਾਹ ਨਹੀਂ ਹੋਣਾ ਸੀ ਕਿਉਂਕਿ 1984 ਵਿੱਚ ਸੁਖਬੀਰ ਸਿੰਘ ਬਾਦਲ ਹੁਰਾਂ ਨੇ ਸੱਜਣ ਕੁਮਾਰ ਦਾ ਨਾਮ ਲੈ ਕੇ ਵੀ 30 ਸਾਲ ਬਾਅਦ ਉਸ ਦਾ ਨਾਮ ਪਾਇਆ ਸੀ।

ਵਕੀਲ ਖਾਰਾ ਨੇ ਕਿਹਾ ਕਿ ਇਸ ਮਾਮਲੇ ਨੂੰ ਕੋਈ ਵੀ ਸਿਆਸੀ ਰੰਗਤ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਕੋਟਕਪੂਰਾ ਗੋਲੀਕਾਂਡ ਮੌਕੇ ਹੋਈਆਂ ਦੋ ਮੌਤਾਂ ਹੋਈਆਂ ਸਨ ਜਿਸ ਲਈ ਲੰਬੇ ਸਮੇਂ ਤੋਂ ਸਿੱਖ ਜਥੇਬੰਦੀਆਂ ਵਲੋਂ ਵੀ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।