ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਮਿਲੇਗੀ ਲੋੜੀਂਦੀ ਬਜਟ ਰਕਮ, ਸਰਕਾਰ ਨੇ ਦਿੱਤਾ ਭਰੋਸਾ 

ਏਜੰਸੀ

ਖ਼ਬਰਾਂ, ਪੰਜਾਬ

ਯੂਨੀਵਰਸਿਟੀ ਵੱਲੋਂ ਪਹਿਲੀ ਤਿਮਾਹੀ ਲਈ ਬਣਦੀ ਰਕਮ ਦਾ ਬਿੱਲ ਭੇਜ ਦਿੱਤਾ ਜਾਵੇ - ਸਰਕਾਰ

Punjabi University Patiala Vice Chancellor Prof. Arvind, Harpal Cheema

ਪਟਿਆਲਾ -  13 ਮਾਰਚ ਨੂੰ ਚੰਡੀਗੜ੍ਹ ਵਿਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਅਤੇ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ, ਪ੍ਰਿੰਸੀਪਲ ਸਕੱਤਰ (ਵਿੱਤ) ਅਤੇ ਪ੍ਰਿੰਸੀਪਲ ਸਕੱਤਰ (ਉਚੇਰੀ ਸਿੱਖਿਆ) ਪੰਜਾਬ ਨਾਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਅਤੇ ਯੂਨੀਵਰਸਿਟੀ ਅਧਿਕਾਰੀਆਂ ਦੀਆਂ ਮੀਟਿੰਗਾਂ ਹੋਈਆਂ ਜਿਸ ਵਿਚ ਸਰਕਾਰ ਨੇ ਸਪੱਸ਼ਟ ਕੀਤਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਯੂਨੀਵਰਸਿਟੀ ਵੱਲੋਂ ਮੰਗੀ ਲੋੜੀਂਦੀ (30 ਕਰੋੜ ਪ੍ਰਤੀ ਮਹੀਨਾ) ਪੂਰੀ ਗਰਾਂਟ ਦਿੱਤੀ ਜਾ ਰਹੀ ਹੈ।

ਯੂਨੀਵਰਸਿਟੀ ਵੱਲੋਂ ਪਹਿਲੀ ਤਿਮਾਹੀ ਲਈ ਬਣਦੀ ਰਕਮ ਦਾ ਬਿੱਲ ਭੇਜ ਦਿੱਤਾ ਜਾਵੇ। ਸਰਕਾਰ ਨੇ ਭਰੋਸਾ ਦਿਵਾਇਆ ਕਿ ਯੂਨੀਵਰਸਿਟੀ ਨੂੰ ਕੋਈ ਵਿੱਤੀ ਸਕੰਟ ਨਹੀਂ ਆਉਣ ਦਿੱਤਾ ਜਾਵੇਗਾ।  ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਉੱਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗੰਵਤ ਸਿੰਘ ਮਾਨ, ਵਿੱਤ ਮੰਤਰੀ   ਹਰਪਾਲ ਸਿੰਘ ਚੀਮਾ ਅਤੇ ਸਬੰਧਤ ਅਧਿਕਾਰੀਆਂ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਵਿੱਤੀ ਦੁਸ਼ਵਾਰੀਆਂ ਦਾ ਸ਼ਿਕਾਰ ਯੂਨੀਵਰਸਿਟੀ ਨੂੰ ਇਸ ਸੰਕਟ ਵਿਚੋਂ ਕੱਢਣ ਦਾ ਭਗੰਵਤ ਸਿੰਘ ਮਾਨ ਸਰਕਾਰ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ।

ਉਨ੍ਹਾਂ ਕਿਹਾ ਕਿ ਉਹ ਪੰਜਾਬੀ ਯੂਨੀਵਰਸਿਟੀ ਨਾਲ ਜੁੜੇ ਅਧਿਆਪਕਾਂ, ਕਰਮਚਾਰੀਆਂ ਅਤੇ ਲੱਖਾਂ ਵਿਦਿਆਰਥੀਆਂ ਦੀ ਤਰਫ਼ੋਂ ਸਰਕਾਰ ਦਾ ਧੰਨਵਾਦ ਕਰਦੇ ਹਨ। ਯੂਨੀਵਰਸਿਟੀ ਵੱਲੋਂ ਪਹਿਲੀ ਤਿਮਾਹੀ ਦੀ ਬਣਦੀ ਰਕਮ ਦਾ ਬਿੱਲ ਅੱਜ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ। ਵਾਈਸ ਚਾਂਸਲਰ ਨੇ ਆਸ ਪ੍ਰਗਟਾਈ ਕਿ ਇਸ ਮਾਹੌਲ ਵਿੱਚ ਅਧਿਆਪਕ, ਕਰਮਚਾਰੀ ਅਤੇ ਵਿਦਿਆਰਥੀ ਯੂਨੀਵਰਸਿਟੀ ਦੇ ਹਰ ਪੱਖੋਂ ਵਿਕਾਸ ਲਈ ਆਪਣਾ ਪੂਰਾ ਤਾਣ ਲਗਾ ਦੇਣਗੇ।