ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਸਮੇਤ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਮੁਲਜ਼ਮਾਂ ਕੋਲੋਂ ਇੱਕ AK-47 ਰਾਈਫਲ, ਦੋ ਮੈਗਜ਼ੀਨ, 36 ਜ਼ਿੰਦਾ ਕਾਰਤੂਸ ਅਤੇ ਤਿੰਨ ਆਧੁਨਿਕ ਪਿਸਤੌਲ ਹੋਏ ਬਰਾਮਦ
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ, ਜਿਸ ਵਿੱਚ ਪਾਕਿਸਤਾਨ ਦੀ ਖੁਫੀਆ ਏਜੰਸੀ, ਆਈਐਸਆਈ ਨਾਲ ਜੁੜੇ ਇੱਕ ਅੱਤਵਾਦੀ ਅਤੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਿਸ ਨੇ ਇਸ ਮਾਮਲੇ ਦੇ ਸਬੰਧ ਵਿੱਚ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਵੱਡੀ ਮਾਤਰਾ ਵਿੱਚ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਅੰਮ੍ਰਿਤਸਰ ਦਿਹਾਤੀ ਸੋਹੇਲ ਮੀਰ ਨੇ ਦੱਸਿਆ ਕਿ ਪੁਲਿਸ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਕੁਝ ਸ਼ੱਕੀ ਨੌਜਵਾਨ ਇਲਾਕੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਨਾਲ ਸਰਗਰਮ ਹਨ ਅਤੇ ਕੋਈ ਵੱਡੀ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਸੂਚਨਾ 'ਤੇ ਕਾਰਵਾਈ ਕਰਦੇ ਹੋਏ, ਪੁਲਿਸ ਨੇ ਤੁਰੰਤ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਮਾਹਵਾ ਵਿੱਚ ਛਾਪਾ ਮਾਰਿਆ।
ਛਾਪੇਮਾਰੀ ਦੌਰਾਨ, ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ। ਤਲਾਸ਼ੀ ਦੌਰਾਨ, ਉਨ੍ਹਾਂ ਨੂੰ ਇੱਕ AK-47 ਰਾਈਫਲ, ਦੋ ਮੈਗਜ਼ੀਨ, 36 ਜ਼ਿੰਦਾ ਕਾਰਤੂਸ ਅਤੇ ਤਿੰਨ ਆਧੁਨਿਕ 9mm ਗਲੌਕ ਪਿਸਤੌਲ ਮਿਲੇ। ਪੁਲਿਸ ਅਨੁਸਾਰ, ਇਹ ਹਥਿਆਰ ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤ ਭੇਜੇ ਗਏ ਸਨ। ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਇਸ ਕਾਰਵਾਈ ਨੇ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।
ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਐਸਐਸਪੀ ਸੋਹੇਲ ਮੀਰ ਨੇ ਕਿਹਾ ਕਿ ਪੰਜਾਬ ਪੁਲਿਸ ਕਿਸੇ ਵੀ ਤਰ੍ਹਾਂ ਦੀ ਅੱਤਵਾਦੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਸੂਬੇ ਦੀ ਸੁਰੱਖਿਆ ਪ੍ਰਤੀ ਪੂਰੀ ਤਰ੍ਹਾਂ ਚੌਕਸ ਹੈ।