ਪੰਜਾਬ 'ਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ, ਹਰ ਰੋਜ਼ ਕਤਲ ਹੋ ਰਹੇ ਨੇ: ਅਸ਼ਵਨੀ ਸ਼ਰਮਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ- CM ਭਗਵੰਤ ਮਾਨ ਨੇ ਪੰਜਾਬ ਨੂੰ ਕੇਜਰੀਵਾਲ ਦੇ ਕਦਮਾਂ 'ਚ ਰੱਖ ਦਿੱਤਾ

Ashwani Sharma

 

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਆਗੂਆਂ ਵਲੋਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ। ਇਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਹਨਾਂ ਨੇ ਰਾਜਪਾਲ ਨੂੰ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਜਾਣੂ ਕਰਵਾਇਆ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ, ਹਰ ਰੋਜ਼ ਕਤਲ ਹੋ ਰਹੇ ਹਨ। 6 ਖਿਡਾਰੀਆਂ ਦੀ ਹੱਤਿਆ ਹੋ ਚੁੱਕੀ ਹੈ, ਸੂਬੇ ਵਿਚ ਕੋਈ ਵੀ ਇਨਸਾਨ ਸੁਰੱਖਿਅਤ ਨਹੀਂ ਹੈ।

Ashwani Sharma

ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਦੀ ਸੁਰੱਖਿਆ ਲਈ ਉਹਨਾਂ ਨੇ ਰਾਜਪਾਲ ਨੂੰ ਪੰਜਾਬ ਸਰਕਾਰ ਨੂੰ ਆਦੇਸ਼ ਦੇਣ ਦੀ ਅਪੀਲ ਕੀਤੀ ਹੈ।  ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਸੀਂ ਸੰਵਿਧਾਨ ਦਿਵਸ 'ਤੇ ਰਾਜਪਾਲ ਨੂੰ ਇਸ ਲਈ ਮਿਲੇ ਹਾਂ ਕਿ ਪੰਜਾਬ ਸਰਕਾਰ ਆਪਣੇ ਦਾਇਰੇ 'ਚ ਰਹਿ ਕਿ ਕੰਮ ਕਰੇ ਨਾ ਕਿ ਇਹ ਸਰਕਾਰ ਦਿੱਲੀ 'ਚੋਂ ਚੱਲੇ।

Bhagwant Mann

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਦਿੱਲੀ ਤੋਂ ਚਲਾਈ ਜਾ ਰਹੀ ਹੈ। ਉਹਨਾਂ ਸਵਾਲ ਕਰਦਿਆਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਕਿਸੇ ਹੋਰ ਸੂਬੇ ਦੇ ਅਧਿਕਾਰੀਆਂ ਨੂੰ ਕਿਸ ਅਧਿਕਾਰ ਨਾਲ ਬੁਲਾ ਸਕਦੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਅਧਿਕਾਰੀ ਦਿੱਲੀ ਸਰਕਾਰ ਕੋਲ ਗਹਿਣੇ ਰੱਖ ਦਿੱਤੇ ਹਨ, ਇਹ ਸੰਵਿਧਾਨ ਦੀ ਉਲੰਘਣਾ ਹੈ। ਭਾਜਪਾ ਆਗੂ ਨੇ ਕਿਹਾ ਕੀ ਮਾਨ ਸਾਬ੍ਹ ਦਿੱਲੀ ਦੇ ਅਧਿਕਾਰੀਆਂ ਦੀ ਬੈਠਕ ਬੁਲਾਉਣ ਦੀ ਹਿੰਮਤ ਕਰ ਸਕਦੇ ਹਨ?

Arvind Kejriwal

ਉਹਨਾਂ ਕਿਹਾ ਕਿ ਪੰਜਾਬ ਕਮਜ਼ੋਰ ਨਹੀਂ ਹੈ, ਪੰਜਾਬ ਦੀ ਸਰਕਾਰ ਪੰਜਾਬ ਦੀ ਧਰਤੀ ਤੋਂ ਹੀ ਚੱਲਣੀ ਚਾਹੀਦੀ ਹੈ ਪਰ ਭਗਵੰਤ ਮਾਨ ਨੇ ਪੰਜਾਬ ਨੂੰ ਕੇਜਰੀਵਾਲ ਦੇ ਕਦਮਾਂ 'ਚ ਰੱਖ ਦਿੱਤਾ ਹੈ। ਉਹਨਾਂ ਕਿਹਾ ਕਿ ‘ਆਪ’ ਸਿਰਫ਼ ਨਾਂ ਦੀ ਆਮ ਆਦਮੀ ਪਾਰਟੀ ਹੈ, ਇਹਨਾਂ ਦੇ ਕੰਮ ਸਾਰੇ ਖ਼ਾਸ ਹਨ। ਉਹਨਾਂ ਕਿਹਾ ਕਿ ਪੰਜਾਬੀਆਂ ਦੇ ਖੂਨ-ਪਸੀਨੇ ਦਾ ਪੈਸਾ ਸਰਕਾਰ ਇਸ਼ਤਿਹਾਰਬਾਜ਼ੀ 'ਚ ਫੂਕ ਰਹੀ ਹੈ।