ਸੰਤ ਬਾਬਾ ਗੁਰਚਰਨ ਸਿੰਘ ਦਮਦਮਾ ਸਾਹਿਬ ਵਾਲਿਆਂ ਦਾ ਹੋਇਆ ਦੇਹਾਂਤ 

ਏਜੰਸੀ

ਖ਼ਬਰਾਂ, ਪੰਜਾਬ

ਕੱਲ੍ਹ ਹੋਵੇਗਾ ਅੰਤਿਮ ਸਸਕਾਰ

Sant Baba Gurcharan Singh

 


ਸੁਲਤਾਨਪੁਰ ਲੋਧੀ -  ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਪੁਰਾਣਾ ਦੇ ਮੌਜੂਦਾ ਮੁਖੀ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਵਾਲੇ ਅੱਜ ਵਿਸਾਖੀ ਦੇ ਦਿਹਾੜੇ 'ਤੇ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ। ਉਹਨਾਂ ਦੀ ਦੇਹ ਦਾ ਅੰਤਿਮ ਸੰਸਕਾਰ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਸਮੂਹ ਇਲਾਕੇ ਦੀਆਂ ਸੰਗਤਾਂ, ਸੰਤਾਂ ਮਹਾਂਪੁਰਸ਼ਾਂ ਵੱਲੋਂ 15 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਕਰੀਬ ਕੀਤਾ ਜਾਵੇਗਾ। ਬਾਬਾ ਜੀ ਦੇ ਸੇਵਾਦਾਰ ਭਾਈ ਜਸਪਾਲ ਸਿੰਘ ਨੀਲਾ ਨੇ ਦੱਸਿਆ ਕਿ ਉਹਨਾਂ ਦੀ ਸਿਹਤ  ਜ਼ਿਆਦਾ ਵਿਗੜ ਜਾਣ ਕਾਰਨ ਉਨ੍ਹਾਂ ਨੂੰ ਦੋ ਦਿਨ ਪਹਿਲਾਂ ਜਲੰਧਰ ਦੇ ਇੱਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਸੀ।

ਅੱਜ ਉਨ੍ਹਾਂ ਦੀ ਅਚਾਨਕ ਤਬੀਅਤ ਵਿਗੜ‌ ਗਈ ਤੇ ਉਹਨਾਂ ਦਾ ਦੇਹਾਂਤ ਹੋ ਗਿਆ। ਬਾਬਾ ਜੀ ਦੇ ਅਕਾਲ ਚਲਾਣੇ 'ਤੇ ਦੇਸ਼ ਵਿਦੇਸ਼ ਤੇ ਇਲਾਕੇ ਦੀਆਂ ਸੰਗਤਾਂ, ਸਮੂਹ ਰਾਜਨੀਤਕ , ਧਾਰਮਿਕ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸੰਤ ਬਾਬਾ ਗੁਰਚਰਨ ਸਿੰਘ ਜੀ ਪਿਛਲੇ ਕਈ ਸਾਲਾਂ ਤੋਂ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਠੱਟਾ ਟਿੱਬਾ ਬਾਹਰਾ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਲੰਗਰਾਂ ਦੀ ਸੇਵਾ ਕਰਦੇ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ ਵੱਖ-ਵੱਖ ਪਿੰਡਾਂ ਵਿਚ ਗੁਰਦੁਆਰਾ ਸਾਹਿਬ ਦੀਆਂ ਸ਼ਾਨਦਾਰ ਇਮਾਰਤਾਂ ਉਸਾਰਨ ਵਿਚ ਵੀ ਵੱਡਾ ਯੋਗਦਾਨ ਪਾਇਆ ਸੀ। ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵਿਚ ਉਨ੍ਹਾਂ ਦਾ ਬਹੁਤ ਸਤਿਕਾਰ ਸੀ।