ਕਰਜ਼ੇ ਤੋਂ ਤੰਗ ਕਿਸਾਨ ਨੇ ਕੀਤੀ ਖੁਦਕੁਸ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੋ-ਆਪ੍ਰੇਟਿਵ ਸੋਸਾਇਟੀ ਅਤੇ ਬੈਂਕ ਦਾ ਕਰੀਬ 8 ਲੱਖ ਰੁਪਏ ਦਾ ਸੀ ਕਰਜ

Farmer Suicide In Bathinda

ਬਠਿੰਡਾ: ਪਿੰਡ ਮਲਵਾਲਾ ਵਿਚ ਇੱਕ ਕਿਸਾਨ ਨੇ ਕਰਜ ਤੋਂ ਪਰੇਸ਼ਾਨ ਹੋ ਕੇ ਆਪਣੇ ਖੇਤਾਂ ਵਿਚ ਜਾ ਕੇ ਕੋਈ ਜ਼ਹਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ। ਥਾਣਾ ਸੰਗਤ ਪੁਲਿਸ ਨੇ ਮ੍ਰਿਤਕ ਕਿਸਾਨ ਦੇ ਪਰਵਾਰ ਦੇ ਬਿਆਨਾਂ ਉੱਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਅੰਤਮ ਸੰਸਕਾਰ ਲਈ ਲਾਸ਼ ਪਰਵਾਰ ਦੇ ਹਵਾਲੇ ਕਰ ਦਿੱਤੀ। ਬਲਾਕ ਕਮੇਟੀ ਦੇ ਮੈਂਬਰ ਇਕਬਾਲ ਸਿੰਘ ਨੇ ਦੱਸਿਆ ਕਿ ਬਲਕਾਰ ਸਿੰਘ (35) ਪੁੱਤਰ ਗਮਦੂਰ ਸਿੰਘ ਨਿਵਾਸੀ ਪਿੰਡ ਮਲਵਾਲਾ ਉੱਤੇ ਕੋ-ਆਪ੍ਰੇਟਿਵ ਸੋਸਾਇਟੀ ਅਤੇ ਬੈਂਕ ਦਾ ਕਰੀਬ 8 ਲੱਖ ਰੁਪਏ ਦਾ ਕਰਜ ਸੀ, ਜਿਸਨੂੰ ਉਹ ਉਤਾਰਨ ਵਿਚ ਅਸਮਰਥ ਸੀ ਅਤੇ ਉਹ ਮਾਨਸਿਕ ਤੌਰ ਤੇ ਪਰੇਸ਼ਾਨ ਸੀ।

ਕਰਜ ਤੋਂ ਦੁਖੀ ਹੋ ਕੇ ਉਸ ਨੇ ਖੇਤਾਂ ਵਿਚ ਜਾ ਕੇ ਕੋਈ ਜ਼ਹਰੀਲੀ ਚੀਜ ਖਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਮ੍ਰਿਤਕ ਕਿਸਾਨ ਦੇ ਪਰਵਾਰ ਵਿਚ ਪਤਨੀ ਤੋਂ ਇਲਾਵਾ 8 ਸਾਲ ਦੀ ਇੱਕ ਧੀ ਵੀ ਸੀ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਬਲਕਾਰ ਸਿੰਘ ਦੇ ਪਿਤਾ ਗਮਦੂਰ ਸਿੰਘ ਨੇ ਵੀ ਕਰੀਬ 15 ਸਾਲ ਪਹਿਲਾਂ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ ਸੀ।

ਭਾਰਤੀ ਕਿਸਾਨ ਯੂਨੀਅਨ ਲਾਖੋਵਾਲ ਦੇ ਪ੍ਰਦੇਸ਼ ਸਕੱਤਰ ਜਨਰਲ ਰਾਮਕਰਨ ਸਿੰਘ ਸਿੰਘ ਅਤੇ ਜ਼ਿਲ੍ਹਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਕਿਸਾਨ ਦੇ ਪਰਵਾਰ ਦਾ ਸਰਕਾਰੀ ਅਤੇ ਪ੍ਰਾਈਵੇਟ ਬੈਂਕਾਂ ਦਾ ਪੂਰਾ ਕਰਜ ਮਾਫ਼ ਕੀਤਾ ਜਾਵੇ ਅਤੇ ਪੀੜਤ ਪਰਵਾਰ ਨੂੰ 10 ਲੱਖ ਰੁਪਏ ਦਾ ਮੁਆਵਜਾ ਦਿੱਤਾ ਜਾਵੇ। ਇਸ ਤੋਂ ਇਲਾਵਾ ਇੱਕ ਪਰਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।