ਭਾਜਪਾ 2024 ਦੀਆਂ ਲੋਕ ਸਭਾ ਚੋਣਾਂ ਲਈ ਲੋਕਾਂ ਨੂੰ ਜੋੜਣ ਵਾਸਤੇ ਜ਼ੋਰਦਾਰ ਮੁਹਿੰਮ ਚਲਾਏਗੀ: ਇੰਦਰ ਇਕਬਾਲ ਅਟਵਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਟਵਾਲ ਨੇ ਲੋਕ ਸਭਾ ਚੋਣਾਂ ਦੇ ਪ੍ਰਚਾਰ ਵਿਚ ਸ਼ਾਮਲ ਭਾਜਪਾ ਆਗੂਆਂ, ਵਰਕਰਾਂ ਅਤੇ ਆਮ ਲੋਕਾਂ ਦਾ ਕੀਤਾ ਧੰਨਵਾਦ

Inder Iqbal Singh Atwal

ਜਲੰਧਰ - ਭਾਰਤੀ ਜਨਤਾ ਪਾਰਟੀ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੇ ਲੋਕਾਂ ਦੇ ਫ਼ਤਵੇ ਨੂੰ ਪ੍ਰਵਾਨ ਕਰਦਿਆਂ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅਤੇ ਸਮੁੱਚੀ ਲੀਡਰਸ਼ਿਪ ਨੂੰ ਚੋਣ ਜਿੱਤਣ ’ਤੇ ਵਧਾਈ ਦਿੱਤੀ ਅਤੇ ਆਸ ਪ੍ਰਗਟ ਕੀਤੀ ਕਿ ਆਮ ਆਦਮੀ ਪਾਰਟੀ ਵੋਟਰਾਂ ਦੀਆਂ ਉਮੀਦਾਂ ’ਤੇ ਖਰਾ ਉਤਰੇਗੀ। ਉਨ੍ਹਾਂ ਭਾਜਪਾ ਦੇ ਰਾਸ਼ਟਰੀ, ਸੂਬਾਈ, ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਅਹੁਦੇਦਾਰਾਂ ਅਤੇ ਵਰਕਰਾਂ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਭਾਜਪਾ ਦੀ ਚੋਣ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਖ਼ਤ ਮਿਹਨਤ ਕੀਤੀ ਹੈ|

ਇੰਦਰ ਇਕਬਾਲ ਸਿੰਘ ਅਟਵਾਲ ਨੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ, ਚੋਣ ਮੁਹਿੰਮ ਦੇ ਇੰਚਾਰਜ ਤੇ ਕੇਂਦਰੀ ਜਲ ਸ਼ਕਤੀ ਮੰਤਰੀ ਗੇਜਿੰਦਰ ਸਿੰਘ ਸ਼ੇਖਾਵਤ, ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ ਅਤੇ ਹੋਰਨਾਂ ਸ਼ਖਸ਼ੀਅਤਾਂ ਦਾ ਵਿਸ਼ੇਸ਼ ਧੰਨਵਾਦ ਕੀਤਾ।

ਇੰਦਰ ਇਕਬਾਲ ਸਿੰਘ ਅਟਵਾਲ ਨੇ ਕਿਹਾ ਕਿ ਇਸ ਚੋਣ ਵਿਚ ਸਾਰਿਆਂ ਨੇ ਮੇਰਾ ਤਹਿ ਦਿਲੋਂ ਸਾਥ ਦਿੱਤਾ ਹੈ ਅਤੇ ਮੇਰੀ ਚੋਣ ਮੁਹਿੰਮ ਦੇ ਹਿੱਸੇ ਵਜੋਂ ਭਾਜਪਾ ਹਾਈਕਮਾਂਡ ਦੇ ਸੱਦੇ 'ਤੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਸ਼ੁਰੂ ਕੀਤੀ ਗਈ ਸੰਪਰਕ ਮੁਹਿੰਮ ਤਹਿਤ ਭਾਜਪਾ ਦੀ ਪੰਜਾਬ ਪ੍ਰਤੀ ਸੋਚ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਕੀਤੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਯਤਨ ਕੀਤਾ ਗਿਆ, ਜਿਸ ਲਈ ਮੈਂ ਤਹਿ ਦਿਲੋਂ ਤੁਹਾਡਾ ਧੰਨਵਾਦੀ ਹਾਂ।

ਉਨ੍ਹਾਂ ਕਿਹਾ ਕਿ ਉਹ ਜਲੰਧਰ ਲੋਕ ਸਭਾ ਹਲਕੇ ਦੇ ਵੋਟਰਾਂ ਲਈ ਹਮੇਸ਼ਾ ਹਾਜ਼ਰ ਰਹਿਣਗੇ ਅਤੇ ਕੇਂਦਰ ਸਰਕਾਰ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਉਨ੍ਹਾਂ ਇਸ ਚੋਣ ਦੌਰਾਨ ਭਾਜਪਾ ਦੀ ਆਵਾਜ਼ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਇਲੈਕਟ੍ਰਾਨਿਕ ਅਤੇ ਪ੍ਰਿੰਟ ਮੀਡੀਆ ਦੇ ਸਹਿਯੋਗ ਲਈ ਉੱਚੇਚੇ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਭਾਜਪਾ 2024 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਪੰਜਾਬ ਅੰਦਰ ਹੁਣੇ ਤੋਂ ਹੀ ਕਮਰਕਸੇ ਕਰ ਰਹੀ ਹੈ ਅਤੇ ਜਲਦ ਹੀ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਇੰਚਾਰਜ ਵਿਜੇ ਰੁਪਾਣੀ ਅਤੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਯੋਗ ਅਗਵਾਈ ‘ਚ ਲੋਕਾਂ ਨੂੰ ਭਾਜਪਾ ਨਾਲ ਜੋੜਣ ਲਈ ਜ਼ੋਰਦਾਰ ਮੁਹਿੰਮ ਚਲਾਈ ਜਾਵੇਗੀ।