Ludhiana News : CM ਮਾਨ ਵੱਲੋਂ ਤਿੰਨ ਪ੍ਰੋਜੈਕਟਾਂ ਦਾ ਉਦਘਾਟਨ, 13 ਕਰੋੜ ਦੀ ਲਾਗਤ ਨਾਲ ਮੁਕੰਮਲ ਹੋਇਆ ਕੰਮ
Ludhiana News : ਪ੍ਰੋਜੈਕਟਾਂ ਨੂੰ ਲਗਭਗ 13 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਗਿਆ
Ludhiana News in Punjabi : ਅੱਜ ਲੁਧਿਆਣਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਿੰਨ ਨਵੇਂ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ। ਸੀਐਮ ਭਗਵੰਤ ਸਿੰਘ ਮਾਨ ਨੇ ਨਵੇਂ ਸਪੋਰਟਸ ਪਾਰਕ, ਹਾਈ ਲੈਵਲ ਪੁਲ ਅਤੇ ਅੰਬੇਡਕਰ ਭਵਨ ਦੇ ਨਵੇਂ ਆਡੀਟੋਰੀਅਮ ਦਾ ਰਸਮੀ ਤੌਰ ‘ਤੇ ਉਦਘਾਟਨ ਕੀਤਾ। ਜਿਸ ਤੋਂ ਬਾਅਦ ਇਸ ਨੂੰ ਲੋਕਾਂ ਦੀ ਸੇਵਾਂ ਲਈ ਸਮਰਪਿਤ ਕਰ ਦਿੱਤਾ ਗਿਆ। ਦੱਸ ਦਈਏ ਕਿ ਇਨ੍ਹਾਂ ਪ੍ਰੋਜੈਕਟਾਂ ਨੂੰ ਲਗਭਗ 13 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਗਿਆ ਹੈ।
ਦੱਸ ਦਈਏ ਕਿ 26 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਸਪੋਰਟਸ ਪਾਰਕ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਅਹਿਮ ਰੋਲ ਅਦਾ ਕਰੇਗਾ ਜਦਕਿ 8.16 ਕਰੋੜ ਦੀ ਲਾਗਤ ਨਾਲ ਬਣੇ ਹਾਈ ਲੈਵਲ ਪੁਲ ਨਾਲ ਲੋਕਾਂ ਨੂੰ ਟ੍ਰੈਫਿਕ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ। ਇਸ ਦੇ ਨਾਲ ਅੰਬੇਡਕਰ ਭਵਨ ਵਿਖੇ 4.30 ਕਰੋੜ ਦੀ ਲਾਗਤ ਨਾਲ ਤਿਆਰ ਹੋਏ ਨਵੇਂ ਆਡੀਟੋਰੀਅਮ ‘ਚ ਜਿੱਥੇ ਬੱਚਿਆਂ ਦੀ ਕਲਾ ਨੂੰ ਨਿਖਾਰਨ ਲਈ ਵੱਖ-ਵੱਖ ਮੁਕਾਬਲੇ ਕਰਵਾਏ ਜਾਣਗੇ, ਉੱਥੇ ਹੀ ਵਸਨੀਕਾਂ ਨੂੰ ਆਪਣੇ ਸਮਾਗਮ ਕਰਵਾਉਣ ਲਈ ਇੱਕ ਪਲੇਟਫਾਰਮ ਵੀ ਪ੍ਰਦਾਨ ਕਰੇਗਾ।
ਸਰਕਾਰਾਂ ਦਾ ਕੰਮ ਸੂਬੇ ਦੇ ਲੋਕਾਂ ਨੂੰ ਚੰਗੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੁੰਦਾ ਹੈ। ਅਸੀਂ ਆਪਣੇ ਫ਼ਰਜ਼ ਨੂੰ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਾਂ। ਲੋਕਾਂ ਦਾ ਪੈਸਾ ਲੋਕਾਂ ਦੇ ਨਾਮ ਕਰਕੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕਰ ਰਹੇ ਹਾਂ।
ਲੁਧਿਆਣਾ ਫੇਰੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਢੇ ਨਾਲ ਨੂੰ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਕਰਨ ਦਾ ਐਲਾਨ ਕੀਤਾ ਹੈ। ਉੁਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਨੇਕ ਕਾਰਜ ਲਈ ਪਹਿਲਾਂ ਹੀ ਕੰਮ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੇ ਗੁਰਬਾਣੀ ਵਿੱਚੋਂ ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ ਦਾ ਹਵਾਲਾ ਦਿੰਦਿਆ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਧਰਤੀ ਨੂੰ ਮਾਂ ਦੇ ਬਰਾਬਰ ਰੱਖਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਪ੍ਰਦੂਸ਼ਣ ਘਟਾਉਣ ‘ਤੇ ਸੂਬੇ ਨੂੰ ਸਾਫ਼, ਹਰਾ ਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਮਹਾਨ ਸਿੱਖ ਗੁਰੂਆਂ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੀ ਹੈ।
(For more news apart from CM Mann inaugurates three projects, work completed at cost of Rs 13 crore News in Punjabi, stay tuned to Rozana Spokesman)