ਮੱਖ ਮੰਤਰੀ ਵਲੋਂ ਮੁੱਖ ਧਾਰਾ ਵਾਲੇ ਮੀਡੀਆ ਨੂੰ ਸੋਸ਼ਲ ਮੀਡੀਆ ਦੀ ਦੁਰਵਰਤੋਂ ਰੋਕਣ ਦਾ ਸੱਦਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਝੂਠੀਆਂ ਖ਼ਬਰਾਂ ਫੈਲਾਉਣ ਲਈ ਸੋਸ਼ਲ ਮੀਡੀਆ ਦੀ ਕੀਤੀ ਜਾ ਰਹੀ ਦੁਰਵਰਤੋਂ ਨੂੰ ਰੋਕਣ ਲਈ ਮੁੱਖ ਧਾਰਾ...

Captain Amarinder Singh Cutting Cake

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਝੂਠੀਆਂ ਖ਼ਬਰਾਂ ਫੈਲਾਉਣ ਲਈ ਸੋਸ਼ਲ ਮੀਡੀਆ ਦੀ ਕੀਤੀ ਜਾ ਰਹੀ ਦੁਰਵਰਤੋਂ ਨੂੰ ਰੋਕਣ ਲਈ ਮੁੱਖ ਧਾਰਾ ਵਾਲੇ ਮੀਡੀਆ ਨੂੰ ਸਰਗਰਮ ਰੋਲ ਅਦਾ ਕਰਨ ਦਾ ਸੱਦਾ ਦਿਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਝੂਠੀਆਂ ਖ਼ਬਰਾਂ ਦਾ ਮਕਸਦ ਸਮਾਜ ਵਿਚ ਫੁੱਟ ਪਾਉਣਾ ਅਤੇ ਨਫ਼ਰਤ ਫੈਲਾਉਣਾ ਹੁੰਦਾ ਹੈ। 

ਅੱਜ ਇੱਥੇ ਚੰਡੀਗੜ੍ਹ ਪ੍ਰੈੱਸ ਕਲੱਬ ਦੇ 38ਵੇਂ ਸਥਾਪਨਾ ਦਿਵਸ ਮੌਕੇ ਮੁੱਖ ਮੰਤਰੀ ਨੇ ਹਾਲ ਹੀ ਵਿਚ ਹਜੂਮੀ ਗੁੰਡਾਗਰਦੀ ਸਮੇਤ ਵਾਪਰੀਆਂ ਹਿੰਸਕ ਘਟਨਾਵਾਂ 'ਤੇ ਚਿੰਤਾ ਜ਼ਾਹਰ ਕਰਦਿਆਂ ਆਖਿਆ ਕਿ ਇਨ੍ਹਾਂ ਘਟਨਾਵਾਂ ਦੀ ਪੈਦਾਇਸ਼ ਹੀ ਸੋਸ਼ਲ ਮੀਡੀਆ 'ਤੇ ਅਫ਼ਵਾਹਾਂ ਫੈਲਾਉਣ ਨਾਲ ਹੋਈ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਹਾਲਤਾਂ ਵਿਚ ਮੁੱਖ ਧਾਰਾ ਵਾਲੇ ਮੀਡੀਆ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ। 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੁੱਖ ਧਾਰਾ ਵਾਲੇ ਮੀਡੀਆ ਦੀ ਦੁਰਵਰਤੋਂ ਰੋਕਣ ਲਈ ਉਸ ਦਾ ਅੰਦਰੂਨੀ ਕੰਟਰੋਲ ਹੁੰਦਾ ਹੈ ਪਰ ਸੋਸ਼ਲ ਮੀਡੀਆ ਇਕ ਬੇਲਗਾਮ ਘੋੜੇ ਵਾਂਗ ਉਭਰਿਆ ਹੈ ਜਿਸ ਦੀ ਲਗਾਮ ਕਿਸੇ ਦੇ ਹੱਥ ਵਿਚ ਨਹੀਂ। ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ, ਨਿਆਂ ਪ੍ਰਣਾਲੀ ਅਤੇ ਹੋਰ ਏਜੰਸੀਆਂ ਸੋਸ਼ਲ ਮੀਡੀਆ ਦੀ ਦੁਰਵਰਤੋਂ ਰੋਕਣ ਲਈ ਅਪਣੇ ਪੱਧਰ 'ਤੇ ਯਤਨ ਕਰ ਰਹੀਆਂ ਹਨ ਪਰ ਇਸ ਖ਼ਤਰਨਾਕ ਰੁਝਾਨ ਨੂੰ ਠੱਲ੍ਹ ਪਾਉਣ ਲਈ ਮੁੱਖ ਧਾਰਾ ਵਾਲੇ ਪੱਤਰਕਾਰ ਹੀ ਸਹੀ ਮਾਅਨਿਆਂ ਵਿਚ ਕਾਰਗਰ ਰੋਲ ਅਦਾ ਕਰ ਸਕਦੇ ਹਨ। 

ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਆਪਣੇ ਸੰਖੇਪ ਭਾਸ਼ਣ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਪ੍ਰੈਸ ਨੇ ਭਾਰਤ ਦੀ ਧਰਮ-ਨਿਰਪੱਖਤਾ ਵਾਲੀ ਪਛਾਣ ਦੀ ਰਾਖੀ ਲਈ ਇਤਿਹਾਸਕ ਭੂਮਿਕਾ ਨਿਭਾਈ ਹੈ, ਉਸੇ ਤਰ੍ਹਾਂ ਅਜੋਕੇ ਸਮੇਂ ਵਿੱਚ ਮੁਲਕ ਨੂੰ ਦਰਪੇਸ਼ ਨਵੇਂ ਖਤਰਿਆਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਵੀ ਅੱਗੇ ਆਉਣ ਦਾ ਸੱਦਾ ਦਿੱਤਾ ਹੈ। 

ਇਸ ਮੌਕੇ ਮੁੱਖ ਮੰਤਰੀ ਨੇ ਚੰਡੀਗੜ੍ਹ ਪ੍ਰੈਸ ਕਲੱਬ ਦੇ ਵਿਕਾਸ ਲਈ 25 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕਰਦਿਆਂ ਆਖਿਆ ਕਿ ਇਹ ਕਲੱਬ ਪਿਛਲੇ ਕੁਝ ਸਾਲਾਂ ਦੌਰਾਨ ਸ਼ਹਿਰ ਦੇ ਨਕਸ਼ੇ 'ਤੇ ਮਿਸਾਲ ਬਣ ਕੇ ਉਭਰਿਆ ਹੈ। ਇੰਟਰਨੈਸ਼ਨਲ ਕੁਆਲਿਟੀ ਸਰਟੀਫਿਕੇਸ਼ਨ ਸਰਵਿਸਜ਼ ਵੱਲੋਂ ਚੰਡੀਗੜ੍ਹ ਪ੍ਰੈਸ ਕਲੱਬ ਨੂੰ ਜਾਰੀ ਕੀਤੇ ਗਏ ਰਜਿਸਟ੍ਰੇਸ਼ਨ ਸਰਟੀਫਿਕੇਟ ਆਈ.ਐਸ.ਓ. 9001:2015 ਨੂੰ ਵੀ ਮੁੱਖ ਮੰਤਰੀ ਨੇ ਰਿਲੀਜ਼ ਕੀਤਾ।ਮੁੱਖ ਮੰਤਰੀ ਨਾਲ ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵੀ ਹਾਜ਼ਰ ਸਨ। ਇਸ ਮੌਕੇ ਪ੍ਰਸਿੱਧ ਨੂਰਾਂ ਭੈਣਾਂ ਨੇ ਸੂਫੀਆਨਾ ਅੰਦਾਜ਼ 'ਚ ਆਪਣੇ ਫਨ ਦਾ ਮੁਜ਼ਾਹਰਾ ਕੀਤਾ।