ਅਕਾਲੀਆਂ ਨੂੰ ਧਰਨਾ ਦੇਣਾ ਪਿਆ ਮਹਿੰਗਾ, ਡੀਸੀ ਹੁਕਮਾਂ ਦੀ ਉਲੰਘਣਾ ਦੇ ਦੋਸ਼ 'ਚ ਮਾਮਲਾ ਦਰਜ!

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਸਮੇਤ 1000 ਤੋਂ ਵਧੇਰੇ ਵਿਅਕਤੀ ਨਾਮਜ਼ਦ

Virsa Singh Valtoha

ਤਰਨ ਤਾਰਨ : ਜ਼ਹਿਰੀਲੀ ਸ਼ਰਾਬ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਨੇ ਸਰਕਾਰ ਖਿਲਾਫ਼ ਮੋਰਚਾ ਖੋਲ੍ਹਿਆ ਹੋਇਆ ਹੈ। ਇਸੇ ਤਹਿਤ ਧਰਨੇ ਪ੍ਰਦਰਸ਼ਨਾਂ ਦਾ ਦੌਰ ਜਾਰੀ ਹੈ, ਜਿਸ ਦੌਰਾਨ ਵੱਡੇ ਇਕੱਠੇ ਕੀਤੇ ਜਾ ਰਹੇ ਹਨ।  ਸਰਕਾਰ ਨੇ ਹੁਣ  ਧਰਨੇ ਪ੍ਰਦਰਸ਼ਨਾਂ ਦੌਰਾਨ ਹੁੰਦੇ ਵੱਡੇ ਇਕੱਠਾਂ ਸਬੰਧੀ ਕਾਰਵਾਈ ਕਰਨੀ ਸ਼ੁਰੂ ਕਰ ਦਿਤੀ ਹੈ।

ਇਸੇ ਤਹਿਤ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਮਹਿਮੂਦਪੁਰਾ ਵਿਖੇ ਅਕਾਲੀ ਦਲ ਵਲੋਂ ਦਿਤੇ ਗਏ ਧਰਨੇ ਤੋਂ ਬਾਅਦ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਸਮੇਤ ਇਕੱਠ 'ਚ ਸ਼ਾਮਲ ਵੱਡੀ ਗਿਣਤੀ ਲੋਕਾਂ ਵਿਰੁਧ ਮਾਮਲੇ ਦਰਜ ਕੀਤੇ ਗਏ ਹਨ।

ਕਾਬਲੇਗੌਰ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਸ਼ੁਰੂ ਕੀਤੇ ਧਰਨੇ ਪ੍ਰਦਰਸ਼ਨਾਂ ਦੀ ਲੜੀ ਤਹਿਤ ਅੱਜ ਪਾਰਟੀ ਦੇ ਸੀਨੀਅਰ ਆਗੂ ਅਤੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਵਲੋਂ  ਸਮਰਥਕਾਂ ਸਮੇਤ ਪਿੰਡ ਮਹਿਮੂਦਪੁਰਾ ਵਿਖੇ ਸਰਕਾਰ ਖਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਸੀ।

ਧਰਨੇ ਪ੍ਰਦਰਸ਼ਨਾਂ  ਬਾਅਦ ਜ਼ਿਲ੍ਹਾ ਪੁਲਿਸ ਨੇ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ ਹੇਠ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਅਤੇ ਉਨ੍ਹਾਂ ਦੇ ਪੁੱਤਰ ਗੌਰਵ ਸਿੰਘ ਵਲਟੋਹਾ ਸਮੇਤ 80 ਜਣਿਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ 1000 ਦੇ ਕਰੀਬ ਹੋਰ ਵਿਅਕਤੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ਖਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਅਰੰਭ ਦਿਤੀ ਗਈ ਹੈ। ਇਸ ਸਬੰਧੀ ਜਾਣਕਾਰੀ ਡੀਐਸਪੀ ਰਾਜਵੀਰ ਸਿੰਘ ਨੇ ਦਿਤੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।