ਜਮੀਨ ਹੇਠਲੇ ਪਾਣੀ ਦਾ ਪੱਧਰ ਚੁੱਕਣ ਲਈ ਪੰਜਾਬ ਵਿਧਾਨ ਸਭਾ ਦੀ ਕਮੇਟੀ ਨੇ ਸਪੀਕਰ ਨੂੰ ਸੌਂਪੀ ਰਿਪੋਰਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਉਹ ਇਸ ਰਿਪੋਰਟ ਨੂੰ ਯੋਗ ਕਾਰਵਾਈ ਰਾਹੀਂ ਸਰਕਾਰ ਤੱਕ ਪਹੁੰਚਦੀ ਕਰਨਗੇ ਤਾਂ ਜੋ ਇਸ ‘ਤੇ ਢੁਕਵੀਂ ਕਾਰਵਾਈ ਕਰਵਾਈ ਜਾ ਸਕੇ।

Report of the Punjab Vidhan Sabha Committee to the Speaker for raising the ground water level

 

ਚੰਡੀਗੜ੍ਹ:  ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਉੱਚਾ ਚੁੱਕਣ ਦੇ ਮਕਸਦ ਨਾਲ ਗਠਿਤ ਕੀਤੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਕਮੇਟੀ ਵੱਲੋਂ ਆਪਣੀ ਰਿਪੋਰਟ ਅੱਜ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਸੌਂਪ ਦਿੱਤੀ ਗਈ ਹੈ। ਵਿਧਾਨ ਸਭਾ ਦੇ ਇਕ ਬੁਲਾਰੇ ਨੇ ਦੱਸਿਆ ਕਿ 4 ਮਾਰਚ, 2021  ਨੂੰ ਸਦਨ ਵਿਚ ਵਿਚਾਰ ਚਰਚਾ ਦੌਰਾਨ ਜ਼ਮੀਨ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ‘ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇਕ ਵਿਸ਼ੇਸ਼ ਕਮੇਟੀ ਦੇ ਗਠਨ ਦੀ ਮੰਗ ਉੱਠੀ ਸੀ ਤਾਂ ਜੋ ਇਸ ਗੰਭੀਰ ਵਿਸ਼ੇ ਦਾ ਵਿਸਥਾਰਤ ਅਧਿਐਨ ਕਰਕੇ ਕਮੇਟੀ ਆਪਣੀਆਂ ਸਿਫਾਰਸ਼ਾਂ ਦੇਵੇ।

ਇਸ ਸਬੰਧੀ ਸਪੀਕਰ ਰਾਣਾ ਕੇ.ਪੀ. ਸਿੰਘ ਨੇ 24 ਮਾਰਚ, 2021 ਨੂੰ ਇਕ 6 ਮੈਂਬਰੀ ਕਮੇਟੀ ਬਣਾਈ ਸੀ ਜਿਸ ਦੇ ਸਭਾਪਤੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਬਣਾਇਆ ਗਿਆ ਸੀ। ਬਾਕੀ ਮੈਂਬਰਾਂ ਵਿਚ ਹਰਪ੍ਰਤਾਪ ਸਿੰਘ ਅਜਨਾਲਾ, ਗੁਰਪ੍ਰਤਾਪ ਸਿੰਘ ਵਡਾਲਾ, ਹਰਦੇਵ ਸਿੰਘ ਲਾਡੀ, ਡਾ. ਰਾਜ ਕੁਮਾਰ ਚੱਬੇਵਾਲ ਅਤੇ ਗੁਰਮੀਤ ਸਿੰਘ ਹੇਅਰ ਨੂੰ ਸ਼ਾਮਲ ਕੀਤਾ ਗਿਆ ਸੀ। ਇਸ ਕਮੇਟੀ ਦਾ ਸਹਿਯੋਗ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸਰਵਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੀਤਾ ਗਿਆ।

Rana Gurjeet Singh

ਕਮੇਟੀ ਵੱਲੋਂ ਜਲ ਸਰੋਤ ਵਿਭਾਗ ਦੇ ਮਾਹਰਾਂ ਅਤੇ ਇਜ਼ਰਾਇਲ ਦੀ ਕੰਪਨੀ ਮੈਕਰੋਟ ਵੱਲੋਂ ਦਿੱਤੇ ਸੁਝਾਵਾਂ ਨੂੰ ਵੀ ਆਪਣੀ ਰਿਪੋਰਟ ਵਿਚ ਸ਼ਾਮਲ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ ਜ਼ਮੀਨੀ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਪਹਿਲਾਂ ਹੀ ਇਜ਼ਰਾਇਲੀ ਕੰਪਨੀ ਮੈਕਰੋਟ ਦੀਆਂ ਸੇਵਾਵਾਂ ਲੈ ਰਹੀ ਹੈ। ਅੱਜ ਕਮੇਟੀ ਦੇ ਸਭਾਪਤੀ ਰਾਣਾ ਗੁਰਜੀਤ ਸਿੰਘ ਅਤੇ ਮੈਂਬਰਾਂ ਹਰਪ੍ਰਤਾਪ ਸਿੰਘ ਅਜਨਾਲਾ, ਹਰਦੇਵ ਸਿੰਘ ਲਾਡੀ ਅਤੇ ਡਾ. ਰਾਜ ਕੁਮਾਰ ਚੱਬੇਵਾਲ ਨੇ ਵਿਸਥਾਰਤ ਰਿਪੋਰਟ ਸਪੀਕਰ ਨੂੰ ਸੌਂਪ ਦਿੱਤੀ ਹੈ। ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਉਹ ਇਸ ਰਿਪੋਰਟ ਨੂੰ ਯੋਗ ਕਾਰਵਾਈ ਰਾਹੀਂ ਸਰਕਾਰ ਤੱਕ ਪਹੁੰਚਦੀ ਕਰਨਗੇ ਤਾਂ ਜੋ ਇਸ ‘ਤੇ ਢੁਕਵੀਂ ਕਾਰਵਾਈ ਕਰਵਾਈ ਜਾ ਸਕੇ।