ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਦੋਸ਼ੀ ਜਲਦ ਸਲਾਖਾਂ ਪਿਛੇ ਹੋਣਗੇ : ਤ੍ਰਿਪਤ ਬਾਜਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਬਰਗਾੜੀ ਅਤੇ ਬਹਿਬਲ ਕਲਾਂ ਦੇ ਪੀੜਤਾਂ ਨੂੰ ਇਨਸਾਫ ਦੇਣ ਲਈ ਪੂਰੀ ਤਰਾਂ ਵਚਨਬੱਧ ਹੈ ਅਤੇ ਦੋਸ਼ੀ....

Tripat Rajinder Singh Bajwa

ਚੰਡੀਗੜ੍ਹ (ਸ.ਸ.ਸ) : ਪੰਜਾਬ ਸਰਕਾਰ ਬਰਗਾੜੀ ਅਤੇ ਬਹਿਬਲ ਕਲਾਂ ਦੇ ਪੀੜਤਾਂ ਨੂੰ ਇਨਸਾਫ ਦੇਣ ਲਈ ਪੂਰੀ ਤਰਾਂ ਵਚਨਬੱਧ ਹੈ ਅਤੇ ਦੋਸ਼ੀ ਜਲਦ ਕਾਨੂੰਨ ਦੀ ਜਕੜ ਵਿਚ ਹੋਣਗੇ। ਭਾਵੇਂ ਕਿ ਜਾਂਚ ਨਾਲ ਜੁੜੇ ਕੁਝ ਕਾਨੂੰਨੀ ਕਾਰਨਾਂ ਕਰਕੇ ਇਸ ਕੰਮ ਵਿਚ ਕੁਝ ਦੇਰੀ ਹੋਈ ਹੈ, ਪਰ ਦੋਸ਼ੀ ਹੁਣ ਜਲਦ ਸਲਾਖਾਂ ਪਿੱਛੇ ਹੋਣਗੇ। ਬਰਗਾੜੀ ਅਤੇ ਕੋਟਕਪੂਰਾ ਵਿਖੇ ਸ਼ਹੀਦ ਹੋਏ ਨੌਜਵਾਨਾਂ ਦੇ ਤੀਜੇ ਬਰਸੀ ਸਮਾਗਮ ਵਿਚ ਪੁਹੰਚੇ ਕਾਂਗਰਸੀ ਆਗੂਆਂ ਦੀ ਅਗਵਾਈ ਕਰਨ ਵਾਲੇ ਸੀਨੀਅਰ ਕਾਂਗਰਸੀ ਆਗੂ ਅਤੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਪੂਰੀ ਤਿਆਰੀ ਨਾਲ ਕਾਰਵਾਈ ਕਰਨਾ ਚਾਹੁੰਦੇ ਹਨ।ਉਨ੍ਹਾਂ ਕਿਹਾ ਕਿ ਜੇਕਰ ਕੋਈ ਅਫਸਰ/ਅਧਿਕਾਰੀ ਕੋਈ ਕਾਨੂੰਨੀ ਅੜਚਨ ਡਾਹ ਕੇ ਬਚਨ ਦੀ ਕੋਸਿਸ਼ ਕਰੇਗਾ, ਸਰਕਾਰ ਵਲੋਂ ਅਜਿਹੀਆਂ ਸਾਰੀਆਂ ਕਾਨੂੰਨੀ ਅੜਚਨਾ ਦੂਰ ਕਰ ਲਿਆ ਜਾਵੇਗਾ ਤਾਂ ਜੋ ਕੋਈ ਵੀ ਦੋਸ਼ੀ ਕਾਨੂੰਨੀ ਅੜਚਨਾ ਡਾਹ ਕੇ ਬਚ ਨਾ ਸਕੇ। ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਅਗਾਵਈ ਵਿਚ ਕਾਂਗਰਸੀ ਆਗੂ, ਜਿਸ ਵਿਚ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਵਿਧਾਇਕ ਕੁਸ਼ਲਦੀਪ ਸਿੰਘ ਢਿਲੋਂ, ਵਿਧਾਇਕ ਹਰਮਿੰਦਰ ਸਿੰਘ ਗਿੱਲ, ਸਾਬਕਾ ਵਿਧਾਇਕ ਮੁਹੰਮਦ ਸਦੀਕ ਸ਼ਾਮਿਲ ਸਨ।

ਅੱਜ ਪਹਿਲਾਂ ਗੋਲੀ ਕਾਂਢ ਵਿਚ ਸ਼ਹੀਦ ਹੋਏ ਨੌਜਵਾਨ ਕ੍ਰਿਸ਼ਨ ਭਗਵਾਨ ਦੇ ਪਿੰਡ ਬਹਿਬਲ ਖੁਰਦ ਵਿਖੇ ਬਰਸੀ ਸਮਾਗਮ ਵਿਚ ਸ਼ਾਮਿਲ ਹੋਏ, ਉਸ ਤੋਂ ਬਾਅਦ ਸ਼ਹੀਦ ਗੁਰਜੀਤ ਸਿੰਘ ਦੇ ਪਿੰਡ ਸਰਾਵਾਂ ਵਿਖੇ ਬਰਸੀ ਸਮਾਗਮ ਵਿਚ ਸ਼ਾਮਲ ਹੋਏ। ਸ਼ਹੀਦ ਗੁਰਜੀਤ ਦੇ ਸ਼ਹੀਦੀ ਸਮਾਗਮ ਮੌਕੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਕਿਹਾ ਕਿ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਕਰਵਾਈ ਗਈ ਬੇਅਦਬੀ ਦੇ ਵਿਰੁਧ ਸ਼ਾਂਤਮਈ ਰੋਸ ਪ੍ਰਗਟ ਕਰ ਰਹੇ ਲੋਕਾਂ ਉੱਤੇ ਗੋਲੀ ਚਲਾ ਕੇ ਬਾਦਲ ਸਰਕਾਰ ਨੇ ਜਲਿਆਂਵਾਲੇ ਗੋਲੀਕਾਂਡ ਦੀ ਯਾਦ ਤਾਜਾ ਕਰਵਾ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਹੋਣਾ, ਪਵਿੱਤਰ ਗ੍ਰੰਥ ਦੇ ਅੰਗ ਗਲੀਆਂ ਵਿਚ ਖਿਲਾਰਨ ਦੀਆਂ ਹਿਰਦੇ ਵੇਦਕ ਘਟਨਾਵਾਂ ਦੇ ਵਿਰੋਧ ਵਿਚ ਰੋਸ ਪ੍ਰਗਟ ਕਰ ਰਹੇ ਲੋਕਾਂ ਨੂੰ ਗੋਲੀਆਂ ਨਾਲ ਭੁੰਨਣ ਦੀਆਂ ਘਟਨਾਵਾਂ ਦੀ ਚੀਸ ਅੱਜ ਵੀ ਲੋਕਾਂ ਦੇ ਹਿਰਦੇ ਵਿਚ ਰੜਕ ਰਹੀ ਹੈ। ਇਸ ਮੌਕੇ ਪਿੰਡ ਵਾਸੀਆਂ ਵਲੋਂ ਦੋਵਾਂ ਪਿੰਡਾ ਦੇ ਵਿਕਾਸ ਲਈ ਰੱਖੀਆਂ ਮੰਗਾਂ ਸ੍ਰੀ ਬਜਵਾ ਨੇ ਪ੍ਰਵਾਨ ਕਰਦਿਆਂ ਜਲਦ ਪੂਰੀਆਂ ਕਰਨ ਦਾ ਭਰੋਸਾ ਦਿਵਾਇਆ।ਇਸ ਦੇ ਨਾਲ ਹੀ ਪਿੰਡ ਸਰਾਵਾਂ ਵਿਖੇ ਦਾਨਾ ਮੰਡੀ ਬਣਵਾਉਣ ਦੀ ਮੰਗ ਨੂੰ ਵੀ ਪੂਰਾ ਕਰਨ ਦਾ ਉਨ੍ਹਾਂ ਭਰੋਸਾ ਦਿਵਾਇਆ।

ਉਨ੍ਹਾਂ ਕਿਹਾ ਇਸ ਸਬੰਧੀ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਹੀਂ ਮੰਡੀ ਬੋਰਡ ਤੋਂ ਇਹ ਮੰਗ ਪੂਰੀ ਕਰਵਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਨਿੱਜੀ ਤੌਰ ‘ਤੇ ਵੀ ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ ਨਾਲ ਇਸ ਮੰਗ ਨੂੰ ਪੂਰਾ ਕਰਨ ਲਈ ਕਹਿਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਪੀੜਤਾਂ ਨੂੰ ਨੌਕਰੀਆਂ ਅਤੇ ਵਿੱਤੀ ਸਹਾਇਤਾ ਦੇ ਕੇ ਆਪਣਾ ਫਰਜ ਨਿਭਾਇਆ ਸੀ।ਹੁਣ ਵੀ ਪੀੜਤਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ ਅਤੇ ਸ਼ਹੀਦ ਹੋਏ ਨੌਜਵਾਨਾਂ ਦੇ ਪਿੰਡਾਂ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।