ਸਿਹਤ ਮੰਤਰੀ ਦੀ ਅਗਵਾਈ 'ਚ ਫੂਡ ਸੇਫਟੀ ਟੀਮਾਂ ਵੱਲੋਂ ਜ਼ਿਲ੍ਹਾ ਪਟਿਆਲਾ ਤੇ ਫਤਿਹਗੜ੍ਹ ਸਾਹਿਬ ਵਿਖੇ ਅਚਨਚੇਤ ਚੈਕਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਾਸੀਆਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕਰਾਂਗੇ: ਚੇਤਨ ਸਿੰਘ ਜੌੜਾਮਾਜਰਾ

Unexpected checking by food safety teams

ਚੰਡੀਗੜ੍ਹ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਫੂਡ ਸੇਫਟੀ ਟੀਮਾਂ ਦੀ ਅਗਵਾਈ ਕਰਦਿਆਂ ਜ਼ਿਲ੍ਹਾ ਪਟਿਆਲਾ ਤੇ ਫਤਿਹਗੜ੍ਹ ਸਾਹਿਬ ਵਿਖੇ ਅਚਾਨਕ ਚੈਕਿੰਗ ਕੀਤੀ।ਇਸ ਮੌਕੇ ਦੁੱਧ ਤੋਂ ਬਣੀਆਂ ਵਸਤਾਂ ਦੇ 10 ਸੈਂਪਲ ਲਏ ਗਏ। ਜੌੜਾਮਾਜਰਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਮਿਆਰੀ ਖਾਧ ਪਦਾਰਥ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਕਿਸੇ ਵੀ ਕੀਮਤ 'ਤੇ ਪੰਜਾਬ ਵਾਸੀਆਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਮਿਲਾਵਟੀ ਖਾਧ ਪਦਾਰਥ ਵੇਚਣ ਵਾਲਿਆਂ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਇਹ ਚੈਕਿੰਗ ਅਭਿਆਨ ਅੱਗੇ ਵੀ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਇਸ ਸੀਜ਼ਨ ਵਿੱਚ ਦੁੱਧ ਦੀ ਖਪਤ, ਮਠਿਆਈਆਂ ਬਣਾਉਣ, ਖੋਆ ਬਣਾਉਣ, ਪਨੀਰ, ਘਿਓ ਬਣਾਉਣ ਲਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕੁੱਝ ਦੁਕਾਨਦਾਰ ਆਪਣੇ ਮੁਨਾਫੇ ਲਈ ਦੁੱਧ ਵਿੱਚ ਮਿਲਾਵਟ ਕਰਦੇ ਹਨ। ਉਨ੍ਹਾਂ ਕਿਹਾ ਕਿ ਮਿਲਾਵਟਖੋਰਾਂ ਨੂੰ ਨੱਥ ਪਾਉਣ ਲਈ ਇਹ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਸਾਂਝੀ ਫੂਡ ਸੇਫਟੀ ਟੀਮ ਨੇ ਜ਼ਿਲ੍ਹਾ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿਖੇ ਦੁੱਧ ਅਤੇ ਦੁੱਧ ਤੋਂ ਬਣੀਆਂ ਹੋਈਆਂ ਵਸਤਾਂ ਦੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਸਵੇਰੇ 6 ਵਜੇ ਤੋਂ ਸ਼ੁਰੂ ਕੀਤੀ ਇਹ ਚੈਕਿੰਗ ਮੁਹਿੰਮ ਮਿਲਕ ਕੁਲੇਕਸ਼ਨ ਤੇ ਚਿਲਿੰਗ ਸੈਂਟਰਾਂ, ਪਨੀਰ ਫੈਕਟਰੀ, ਫੈਕਟਰੀ ਨੇੜਲੇ ਹੋਟਲਾਂ ਅਤੇ ਮਠਿਆਈ ਦੀਆਂ ਦੁਕਾਨਾਂ ਆਦਿ ਵਿਖੇ ਕੀਤੀ ਗਈ, ਜਿੱਥੋਂ 10 ਵੱਖ-ਵੱਖ ਸੈਂਪਲ ਲਏ ਗਏ ਅਤੇ ਇਹ ਸੈਂਪਲ ਫੂਡ ਐਲਾਲਿਸਟ ਲੈਬਾਰਟਰੀ ਵਿਖੇ ਭੇਜੇ ਗਏ ਹਨ।

ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਕਿਸੇ ਨੂੰ ਵੀ ਪੰਜਾਬ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਕਰਨ ਦੇਵੇਗੀ, ਅਗਰ ਕਿਸੇ ਸੈਂਪਲ ਵਿੱਚ ਕੋਈ ਮਿਲਾਵਟ ਪਾਈ ਗਈ ਤਾਂ ਉਸ ਵਿਰੱਧ ਫੂਡ ਸੇਫਟੀ ਐਕਟ ਅਧੀਨ ਬਣਦੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ, ‘’ਸਹੀ ਕੰਮ ਕਰਨ ਵਾਲਿਆਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਪੰਜਾਬ ਸਰਕਾਰ ਦਾ ਮਕਸਦ ਮਿਲਾਵਟ ਕਰਨ ਵਾਲੇ ਲੋਕਾਂ ਤੇ ਸਖਤ ਕਾਨੂੰਨੀ ਕਾਰਵਾਈ ਕਰਨਾ ਅਤੇ ਪੰਜਾਬ ਦੇ ਲੋਕਾਂ ਨੂੰ ਚੰਗੀਆਂ ਖ਼ੁਰਾਕੀ ਵਸਤਾਂ ਉਪਲੱਬਧ ਕਰਵਾਉਣਾ ਹੈ।‘’