ਹੜ੍ਹਾਂ ਦੌਰਾਨ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਕਰੇਗੀ ਕੇਂਦਰ ਸਰਕਾਰ : ਸ਼ਿਵਰਾਜ ਸਿੰਘ ਚੌਹਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਣਕ ਦੇ ਬੀਜ ਲਈ 74 ਕਰੋੜ ਰੁਪਏ ਕੇਂਦਰ ਸਰਕਾਰ ਨੇ ਕੀਤੇ ਜਾਰੀ

Central government will compensate every penny of the damage caused during the floods: Shivraj Singh Chouhan

ਲੁਧਿਆਣਾ : ਕੇਂਦਰੀ ਖੇਤੀ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਮੰਗਲਵਾਰ ਨੂੰ ਲੁਧਿਆਣਾ ਵਿਖੇ ਪਹੁੰਚੇ। ਜ਼ਿਕਰਯੋਗ ਹੈ ਪੰਜਾਬ ਵਿਚ ਆਏ ਹੜ੍ਹਾਂ ਤੋਂ ਬਾਅਦ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਇਹ ਦੂਜਾ ਪੰਜਾਬ ਦੌਰਾ ਹੈ। ਖੇਤੀ ਮੰਤਰੀ ਲਾਡੋਵਾਲ ਸਥਿਤ ਆਈਸੀਏਆਰ ਦੇ ਮੱਕੀ ਖੋਜ ਕੇਂਦਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਅਫ਼ਸਰਾਂ ਨਾਲ ਇਕ ਮੀਟਿੰਗ ਕੀਤੀ ਅਤੇ ਸੰਸਥਾ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਮੁਲਾਂਕਣ ਕੀਤਾ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਸੰਸਥਾ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਵੀ ਕੀਤਾ ਗਿਆ ਅਤੇ ਉਦਘਾਟਨ ਤੋਂ ਪਹਿਲਾਂ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਖੁਦ ਵੀ ਮੰਤਰਾਂ ਦਾ ਉਚਾਰਣ ਕੀਤਾ ਅਤੇ ਸਭ ਦਾ ਦਿਲ ਜਿੱਤ ਲਿਆ।

ਇਸ ਮੌਕੇ ਕੇਂਦਰੀ ਮੰਤਰੀ ਚੌਹਾਨ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ। ਹੜ੍ਹਾਂ ਦੌਰਾਨ ਨੁਕਸਾਨੇ ਗਏ 36,703 ਘਰਾਂ ਦੇ ਲਈ ਪ੍ਰਤੀ ਘਰ 1.60 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਸੂਬਾ ਸਰਕਾਰ ਨੂੰ ਸੌਂਪੀ। ਇਹ ਰਾਸ਼ੀ ਪੰਜਾਬ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ ਰਕਮ ਤੁਰੰਤ ਜਾਰੀ ਕਰ ਦਿੱਤੀ ਗਈ ਹੈ। ਇਸ ’ਚ 1.20 ਲੱਖ ਰੁਪਏ ਨਵੇਂ ਮਕਾਨ ਦੇ ਨਿਰਮਾਣ ਦੇ ਲਈ ਅਤੇ 40 ਹਜ਼ਾਰ ਰੁਪਏ ਮਜ਼ਦੂਰੀ ਅਤੇ ਟਾਇਲਟ ਨਿਰਮਾਣ ਦੇ ਲਈ ਦਿੱਤੇ ਜਾਣਗੇ। ਕੇਂਦਰੀ ਮੰਤਰੀ ਨੇ ਸਾਫ਼ ਕੀਤਾ ਕਿ ਪੰਜਾਬ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਕੇਂਦਰ ਸਰਕਾਰ ਸਹਿਯੋਗ ਲਈ ਤਤਪਰ ਹੈ ਅਤੇ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

ਕੇਂਦਰੀ ਖੇਤੀ ਮੰਤਰੀ ਨੇ ਪੰਜਾਬ ਨੂੰ ਕਣਕ ਦੇ ਬੀਜ ਲਈ 74 ਕਰੋੜ ਰੁਪਏ ਅਤੇ ਸਰ੍ਹੋਂ ਦੀ ਫ਼ਸਲ ਲਈ 3.40 ਕਰੋੜ ਰੁਪਏ ਦੀ ਸਹਾਹਿਤਾ ਰਾਸ਼ੀ ਵੀ ਪ੍ਰਦਾਨ ਕੀਤੀ। ਉਨ੍ਹਾਂ ਕਿਹਾ ਕਿ ਬਾਗਾਂ ’ਚ ਹੋਏ ਨੁਕਸਾਨ ਦੀ ਭਰਪਾਈ ਦੇ ਲਈ ਵੀ ਕੇਂਦਰ ਸਰਕਾਰ ਸਹਾਇਤਾ ਦੇਵੇਗੀ। ਸੂਬਾ ਸਰਕਾਰ ਨੂੰ ਨੁਕਸਾਨ ਦਾ ਸਹੀ ਮੁਲਾਂਕਣ ਕਰਕੇ ਰਿਪੋਰਟ ਭੇਜਣ ਦੇ ਹੁਕਮ ਦਿੱਤੇ ਗਏ। ਚੌਹਾਨ ਨੇ ਕਿਹਾ ਕਿ ਖੇਤੀ ਨੂੰ ਉਤਸ਼ਾਹਤ ਕਰਨ ਲਈ ਸਰਕਾਰ ਲਗਾਤਾਰ  ਯਤਨਸ਼ੀਲ ਹੈ।

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਸਰਕਾਰ ਦੇ ਸਾਰੇ ਵਿਭਾਗ ਆਪਣੇ-ਆਪਣੇ ਪੱਧਰ ’ਤੇ ਮਦਦ ਦੇਣਗੇ। ਉਨ੍ਹਾਂ ਨੇ ਭਾਜਪਾ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਜਿਨ੍ਹਾਂ ਦੇ ਘਰ ਢਹੇ ਹਨ ਉਨ੍ਹਾਂ ਨੂੰ ਅਸਲ ਵਿਚ ਸਹਾਇਤਾ ਰਾਸ਼ੀ ਮਿਲੇ ਅਤੇ ਉਨ੍ਹਾਂ ਦੇ ਘਰਾਂ ਦਾ ਨਿਰਮਾਣ ਸਹੀ ਢੰਗ ਨਾਲ ਹੋਵੇ। ਇਸ ਮੌਕੇ ਉਨ੍ਹਾਂ ਦੇ ਨਾਲ ਕੇਂਦਰੀ ਖੇਤੀ ਰਾਜ ਮੰਤਰੀ ਭਾਗੀਰਥ ਚੌਧਰੀ, ਕੇਂਦਰੀ ਰੇਲ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਸਨ।