ਬ੍ਰਹਮ ਮਹਿੰਦਰਾ ਨੇ 306 ਨਵ-ਨਿਯੁਕਤ ਮੈਡੀਕਲ ਅਫ਼ਸਰਾਂ ਨੂੰ ਵੰਡੇ ਨਿਯੁਕਤੀ ਪੱਤਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵੱਲ ਇਕ ਹੋਰ ਮੀਲ ਪੱਥਰ ਸਥਾਪਿਤ ਕਰਦਿਆਂ ਅੱਜ...

The appointment letters to 306 newly appointed medical officers

ਚੰਡੀਗੜ੍ਹ (ਸਸਸ) : ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵੱਲ ਇਕ ਹੋਰ ਮੀਲ ਪੱਥਰ ਸਥਾਪਿਤ ਕਰਦਿਆਂ ਅੱਜ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਐਸ.ਏ.ਐਸ. ਨਗਰ ਦੇ ਆਡੀਟੋਰੀਅਮ ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵਲੋਂ 306 ਨਵ-ਨਿਯੁਕਤ ਐਮ.ਬੀ.ਬੀ.ਐਸ. ਡਾਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਸ੍ਰੀ ਬ੍ਰਹਮ ਮਹਿੰਦਰਾ ਨੇ ਨਵ-ਨਿਯੁਕਤ ਡਾਕਟਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ

ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਸਭ ਤੋਂ ਪਹਿਲਾਂ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ਼ ਦੀਆਂ ਖ਼ਾਲੀ ਪਈਆਂ ਅਸਾਮੀਆਂ ਨੂੰ ਭਰਨ ਦੀ ਤਵੱਜੋਂ ਦਿਤੀ ਗਈ ਅਤੇ ਉਹ ਅੱਜ ਮੈਡੀਕਲ ਅਫ਼ਸਰਾਂ ਦੇ ਆਉਣ 'ਤੇ ਸੰਤੁਸ਼ਟੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਡਾਕਟਰ ਸੂਬੇ ਦੇ ਲੋਕਾਂ ਨੂੰ ਮਿਸ਼ਨਰੀ ਭਾਵਨਾ ਦੇ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਤਿਆਰ ਹਨ ਜਿਸ ਨਾਲ ਸੂਬੇ ਦੇ ਗਰੀਬ ਤੇ ਦੱਬੇ-ਕੁਚਲੇ ਲੋਕਾਂ ਦੇ ਦੁੱਖ ਦਰਦ ਦੂਰ ਹੋਣਗੇ।

ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਪਰਖਕਾਲ ਸਮੇਂ ਦੌਰਾਨ ਬੇਸਿਕ ਸੈਲਰੀ ਮਿਲਣ ਕਾਰਨ ਪਹਿਲਾਂ ਇਹ ਡਾਕਟਰ ਸਰਕਾਰੀ ਨੌਕਰੀ ਵਿਚ ਆਉਣ ਤੋਂ ਕੰਨੀ ਕਤਰਾਉਂਦੇ ਸਨ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੇ ਇਸ ਤਰ੍ਹਾਂ ਦੇ ਹੈਰਾਨੀਜਨਕ ਫ਼ੈਸਲਿਆਂ ਕਾਰਨ ਕੋਈ ਵੀ ਡਾਕਟਰ ਬੇਸਿਕ ਸੈਲਰੀ 'ਤੇ ਸਰਕਾਰੀ ਨੌਕਰੀ ਕਰਨ ਦਾ ਚਾਹਵਾਨ ਨਹੀਂ ਸੀ। ਜਿਸ ਉਪਰੰਤ ਉਨ੍ਹਾਂ ਵਲੋਂ ਇਹ ਮਾਮਲਾ ਮੁੱਖ ਮੰਤਰੀ ਪੰਜਾਬ ਦੇ ਧਿਆਨ ਵਿੱਚ ਲਿਆਂਦਾ ਗਿਆ

ਅਤੇ ਇਸ ਸਬੰਧੀ ਵਿੱਤ ਮੰਤਰੀ ਨਾਲ ਕਈ ਮੀਟਿੰਗਾਂ ਵੀ ਕੀਤੀਆਂ ਗਈਆਂ ਅਤੇ ਹੁਣ ਪ੍ਰਵਾਨਗੀ ਮਿਲਣ ਤੋਂ ਬਾਅਦ ਇਹ ਡਾਕਟਰ ਪੂਰੀ ਤਨਖ਼ਾਹ 'ਤੇ ਭਰਤੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਅਗਲੇ ਪੜ੍ਹਾਅ ਵਿਚ ਸਪੈਸ਼ਲਿਸਟ ਡਾਕਟਰਾਂ ਨੂੰ ਭਰਤੀ ਕੀਤਾ ਜਾਵੇਗਾ ਅਤੇ ਸਿਹਤ ਵਿਭਾਗ ਵਲੋਂ ਇਹ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿਤੀ ਗਈ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਜਲਦ ਹੀ ਸਪੈਸ਼ਲਿਸਟ ਡਾਕਟਰ ਸਿਹਤ ਵਿਭਾਗ ਵਿਚ ਭਰਤੀ ਕਰ ਲਏ ਜਾਣਗੇ।

ਸਿਹਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਵਲੋਂ ਡਾਇਰੈਕਟਰ ਸਿਹਤ ਸੇਵਾਵਾਂ ਨੂੰ ਨਵੇਂ ਭਰਤੀ ਡਾਕਟਰਾਂ ਦੀ ਸੂਚੀ ਉਨ੍ਹਾਂ ਦੇ ਰਿਹਾਇਸ਼ੀ ਪਤੇ ਅਨੁਸਾਰ ਬਣਾਉਣ ਲਈ ਕਿਹਾ ਹੈ। ਉਨ੍ਹਾਂ ਇਥੇ ਘੋਸ਼ਣਾ ਵੀ ਕੀਤੀ ਕਿ ਸਾਰੇ ਡਾਕਟਰਾਂ ਦੀ ਸਹੂਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਸਬੰਧਤ ਰਿਹਾਇਸ਼ੀ ਇਲਾਕੇ ਦੇ ਨਾਲ ਲੱਗਦੇ ਹਸਪਤਾਲ ਜਾਂ ਡਿਸਪੈਂਸਰੀ ਵਿਖੇ ਤੈਨਾਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ''ਮੈਂ ਨਹੀਂ ਚਾਹੁੰਦਾ ਕਿ ਮੇਰੇ ਉਤੇ ਤਬਾਦਲਿਆਂ ਲਈ ਕਿਸੇ ਵੀ ਤਰੀਕੇ ਦਾ ਦਬਾਅ ਬਣੇ

ਜਿਸ ਲਈ ਮੈਂ ਡਾਇਰੈਕਟਰ ਸਿਹਤ ਸੇਵਾਵਾਂ ਨੂੰ ਡਾਕਟਰਾਂ ਦੇ ਘਰਾਂ ਦੇ ਨੇੜੇ ਹੀ ਤਾਇਨਾਤ ਕਰਨ ਦੇ ਹੁਕਮ ਦਿਤੇ ਹਨ ਤਾਂ ਜੋ ਉਹ ਕੁਸ਼ਲਤਾਪੂਰਵਕ ਅਤੇ ਵਧੀਆ ਢੰਗ ਨਾਲ ਅਪਣੀ ਡਿਊਟੀ ਨਿਭਾ ਸਕਣ।'' ਹੋਰਨਾਂ ਤੋਂ ਇਲਾਵਾ ਇਸ ਸਮਾਗਮ ਵਿਚ ਅਮਰਦੀਪ ਸਿੰਘ ਚੀਮਾ, ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਡਾ. ਜਸਪਾਲ ਕੌਰ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ, ਡਾ. ਨਰੇਸ਼ ਕਾਂਸਰਾ, ਡਾਇਰੈਕਟਰ ਪਰਿਵਾਰ ਭਲਾਈ, ਡਾ. ਆਰ.ਪੀ. ਭਾਟੀਆ, ਪ੍ਰਿੰਸੀਪਲ, ਸਟੇਟ ਇੰਸਟੀਚਿਊਟ ਆਫ਼ ਸਿਹਤ ਅਤੇ ਪਰਿਵਾਰ ਭਲਾਈ ਅਤੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Related Stories