ਕਰਤਾਰਪੁਰ ਸਾਹਿਬ ਲਾਂਘਾ 'ਅਮਨ ਦਾ ਪੁਲ'-ਕੈਪਟਨ ਅਮਰਿੰਦਰ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਰੀਆਂ ਰਾਜਸੀ ਪਾਰਟੀਆਂ ਨੂੰ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਕਾਇਮ...

ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ (ਸ.ਸ.ਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਰੀਆਂ ਰਾਜਸੀ ਪਾਰਟੀਆਂ ਨੂੰ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਕਾਇਮ ਰੱਖਣ ਵਿੱਚ ਉਸਾਰੂ ਰੋਲ ਅਦਾ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਪਾਕਿਸਤਾਨ ਦੀ ਆਈ.ਐਸ.ਆਈ. ਦੀ ਸ਼ਹਿ ਪ੍ਰਾਪਤ ਅੱਤਵਾਦ ਦੇ ਘਿਨਾਉਣੇ ਇਰਾਦਿਆਂ ਨੂੰ ਨਾਕਾਮ ਕੀਤਾ ਜਾ ਸਕੇ। ਆਈ.ਐਸ.ਆਈ. ਦਾ ਸਮਰਥਨ ਪ੍ਰਾਪਤ ਅੱਤਵਾਦ ਤੋਂ ਪੰਜਾਬ ਦੀ ਰਾਖੀ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਵੀ ਸੂਬੇ ਨੂੰ ਮੁੜ ਅੱਤਵਾਦ ਦੇ ਕਾਲੇ ਦਿਨਾਂ ਵਿੱਚ ਧੱਕਣ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਮੁੱਖ ਮੰਤਰੀ ਇਹ ਵਿਚਾਰ ਡੇਰਾ ਬਾਬਾ ਨਾਨਕ-ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਬਾਰੇ ਮਤੇ 'ਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਜ਼ਾਹਰ ਕਰ ਰਹੇ ਸਨ। ਇਸ ਮਤੇ ਨੂੰ ਸਰਬਸੰਮਤੀ ਨਾਲ ਜ਼ੁਬਾਨੀ ਵੋਟਾਂ ਰਾਹੀਂ ਪਾਸ ਕਰ ਦਿੱਤਾ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਲਾਂਘਾ ਖੋਲ੍ਹਣ ਲਈ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਵੱਲੋਂ ਕੀਤੇ ਯਤਨਾਂ ਲਈ ਸਦਨ ਆਪਣੀ ਸ਼ਲਾਘਾ ਦਰਜ ਕਰਦਾ ਹੈ। ਇਸ ਦੇ ਨਾਲ ਹੀ ਭਾਰਤ ਸਰਕਾਰ ਨੂੰ ਪੰਜਾਬੀਆਂ ਦੀ ਚਿਰੋਕਣੀ ਮੰਗ ਦੇ ਮੱਦੇਨਜ਼ਰ ਨਵੰਬਰ, 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਇਸ ਲਾਂਘੇ ਨੂੰ ਸ਼ੁਰੂ ਕਰਨ ਲਈ ਸਾਰੇ ਲੋੜੀਂਦੇ ਕਾਰਜ ਮੁਕੰਮਲ ਕਰਨ ਦੀ ਅਪੀਲ ਕਰਦਿਆਂ ਕਿਸੇ ਵੀ ਢੰਗ ਨਾਲ ਸੂਬੇ ਦੀ ਸ਼ਾਂਤੀ ਭੰਗ ਨਾ ਹੋਣ ਨੂੰ ਵੀ ਯਕੀਨੀ ਬਣਾਉਣ ਲਈ ਆਖਿਆ।

ਕੈਪਟਨ ਅਮਰਿੰਦਰ ਸਿੰਘ ਨੇ ਇਸ ਲਾਂਘੇ ਨੂੰ ਭਾਰਤ ਤੇ ਪਾਕਿਸਤਾਨ ਦੇ ਲੋਕਾਂ ਦਰਮਿਆਨ 'ਅਮਨ ਦਾ ਪੁਲ' ਕਰਾਰ ਦਿੱਤਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਾਡੇ ਸਾਰਿਆਂ ਲਈ ਖਾਸ ਕਰਕੇ ਸਿੱਖ ਭਾਈਚਾਰੇ ਲਈ ਇਹ ਬਹੁਤ ਯਾਦਗਾਰੀ ਮੌਕਾ ਹੈ ਕਿਉਂ ਜੋ ਮੁਲਕ ਦੇ ਬਟਵਾਰੇ ਤੋਂ ਬਾਅਦ ਸਿੱਖ ਭਾਈਚਾਰਾ ਰੋਜ਼ਾਨਾ ਇਹ ਲਾਂਘਾ ਖੁੱਲ੍ਹ ਜਾਣ ਲਈ ਅਰਦਾਸ ਕਰਦਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਅੱਤਵਾਦ ਨੂੰ ਮੁੜ ਪੈਦਾ ਕਰਨ ਲਈ ਪਾਕਿਸਤਾਨੀ ਫੌਜ ਦੇ ਸਥਿਰ ਯਤਨਾਂ ਬਾਰੇ ਉਨ੍ਹਾਂ ਵੱਲੋਂ ਲਏ ਸਪੱਸ਼ਟ ਸਟੈਂਡ ਲਈ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਵੱਖ-ਵੱਖ ਪਾਸਿਆਂ ਤੋਂ ਨੁਕਤਾਚੀਨੀ ਦਾ ਸਾਹਮਣਾ ਕਰਨਾ ਪਿਆ।

ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ,''ਜਦੋਂ ਸਰਹੱਦੀ ਸੂਬੇ ਨੂੰ ਅਸਥਿਰ ਕਰਨ ਦੇ ਮਕਸਦ ਨਾਲ ਸਰਹੱਦ 'ਤੇ ਸਾਡੇ ਸੈਨਿਕਾਂ ਦੀਆਂ ਹੱਤਿਆਵਾਂ ਹੁੰਦੀਆਂ ਹੋਣ ਤਾਂ ਕੀ ਤੁਸੀਂ ਸੱਚਮੁੱਚ ਸੋਚਦੇ ਹੋ ਕਿ ਪਾਕਿਸਤਾਨੀ ਫੌਜ ਸਾਡੀ ਹਮਦਰਦ ਹੈ?''