ਅਮਰੀਕ ਸਿੰਘ ਅਲੀਵਾਲ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਲ, ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਸਵਾਗਤ

ਏਜੰਸੀ

ਖ਼ਬਰਾਂ, ਪੰਜਾਬ

ਅਮਰੀਕ ਸਿੰਘ ਅਲੀਵਾਲ ਲੁਧਿਆਣਾ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ।

Amrik Singh Aliwal joins Punjab Lok Congress

ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀਆਂ ਨੂੰ ਆਪਣੀ ਪਾਰਟੀ ਵਿਚ ਇਕੱਠਾ ਕਰਨਾ ਸ਼ੁਰੂ ਕਰ ਦਿਤਾ ਹੈ। ਇਸੇ ਕੜੀ ਤਹਿਤ ਅੱਜ ਸੀਨੀਅਰ ਕਾਂਗਰਸੀ ਆਗੂ ਅਤੇ ਲੁਧਿਆਣਾ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਅਮਰੀਕ ਸਿੰਘ ਅਤੇ ਮਲੇਰਕੋਟਲਾ ਤੋਂ ਸਾਬਕਾ ਅਕਾਲੀ ਵਿਧਾਇਕ ਅਤੇ ਪੰਜਾਬ ਦੀ ਸਾਬਕਾ ਮੁੱਖ ਸੰਸਦੀ ਸਕੱਤਰ ਬੇਗਮ ਫਰਜ਼ਾਨਾ ਆਲਮ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਇਨ੍ਹਾਂ ਦੋਵਾਂ ਆਗੂਆਂ ਦਾ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੀ ਪਾਰਟੀ ਵਿਚ ਸਵਾਗਤ ਕੀਤਾ ਗਿਆ। 

ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਪੰਜਾਬ ਦੇ ਦੋਵੇਂ ਦਿੱਗਜ ਆਗੂ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਪੰਜਾਬ ਲੋਕ ਕਾਂਗਰਸ ਵਲੋਂ ਜਾਰੀ ਇੱਕ ਬਿਆਨ ਵਿਚ ਕਿਹਾ ਗਿਆ ਹੈ, “ਅਮਰੀਕ ਸਿੰਘ ਅਲੀਵਾਲ ਅਤੇ ਬੇਗਮ ਫਰਜ਼ਾਨਾ ਆਲਮ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਆਉਣ ਦਾ ਫ਼ੈਸਲਾ ਕੀਤਾ ਹੈ। ਦੋਵਾਂ ਆਗੂਆਂ ਨੇ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਪੰਜਾਬ ਲੋਕ ਕਾਂਗਰਸ ਦੀ ਮੈਂਬਰਸ਼ਿਪ ਲੈ ਲਈ ਹੈ।

ਦੱਸ ਦੇਈਏ ਕਿ ਅਮਰੀਕ ਸਿੰਘ ਅਲੀਵਾਲ ਲੁਧਿਆਣਾ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ। ਇਸ ਦੇ ਨਾਲ ਹੀ ਬੇਗਮ ਫਰਜ਼ਾਨਾ ਆਲਮ ਮਲੇਰਕੋਟਲਾ ਤੋਂ ਵਿਧਾਇਕ ਹੋਣ ਤੋਂ ਇਲਾਵਾ ਸਾਬਕਾ ਸੰਸਦੀ ਸਕੱਤਰ ਰਹਿ ਚੁੱਕੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਨ੍ਹਾਂ ਦੋ ਦਿੱਗਜ ਆਗੂਆਂ ਦੇ ਆਉਣ ਨਾਲ ਪੰਜਾਬ ਲੋਕ ਕਾਂਗਰਸ ਮਜ਼ਬੂਤ ​​ਹੋਵੇਗੀ।