ਕੈਪਟਨ ਸਰਕਾਰ ਕਰਮਚਾਰੀਆਂ ਨਾਲ ਕੀਤੇ ਵਾਅਦੇ ਪੂਰੇ ਕਰੇ : ਹਰਪਾਲ ਚੀਮਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕਰਦਿਆਂ ਕਿਹਾ ਹੈ ਕਿ ਉਹ ਚੋਣਾਂ ਤੋਂ ਪਹਿਲਾਂ ਕਰਮਚਾਰੀਆਂ.........

Harpal Singh Cheema

ਚੰਡੀਗੜ੍ਹ  (ਨੀਲ) : ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕਰਦਿਆਂ ਕਿਹਾ ਹੈ ਕਿ ਉਹ ਚੋਣਾਂ ਤੋਂ ਪਹਿਲਾਂ ਕਰਮਚਾਰੀਆਂ ਤੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਤੁਰਤ ਪੂਰੇ ਕਰੇ। ਪਾਰਟੀ ਹੈੱਡਕੁਆਰਟਰ ਤੋਂ ਜਾਰੀ ਬਿਆਨ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸਮੇਂ ਸੂਬੇ ਦੇ ਸਾਰੇ ਵਰਗ ਸੜਕਾਂ ਉਤੇ ਸਰਕਾਰ ਦੇ ਵਿਰੁਧ ਧਰਨੇ ਅਤੇ ਮੁਜ਼ਾਹਰੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਚੋਣਾਂ ਤੋਂ ਪਹਿਲਾਂ ਕੀਤੇ ਅਪਣੇ ਵਾਅਦਿਆਂ ਤੋਂ ਮੁੱਕਰੀ ਹੈ ਅਤੇ ਸਾਰੇ ਵਰਗਾਂ ਨਾਲ ਧੋਖਾ ਕੀਤਾ ਹੈ।

ਚੀਮਾ ਨੇ ਕਿਹਾ ਕਿ ਸੂਬਾ ਸਰਕਾਰ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਵਿਚ ਦੇਰੀ ਕਰ ਕੇ ਕਰਮਚਾਰੀਆਂ ਨਾਲ ਧੋਖਾ ਕਰ ਰਹੀ ਹੈ, ਜਦਕਿ ਇਹ ਸਿਫ਼ਾਰਸ਼ਾਂ 1 ਜਨਵਰੀ, 2016 ਤੋਂ ਲਾਗੂ ਹੋਣੀਆਂ ਚਾਹੀਦੀਆਂ ਸਨ । ਉਨ੍ਹਾਂ ਕਿਹਾ ਕਿ ਤਨਖ਼ਾਹ ਕਮਿਸ਼ਨ ਕੋਲ ਅਪਣਾ ਕੋਈ ਅਮਲਾ ਨਹੀਂ ਹੈ, ਜਿਸ ਕਾਰਨ ਬਕਾਇਆ ਅਤੇ ਕਿਸ਼ਤਾਂ ਮਿਲਣ ਵਿਚ ਦੇਰੀ ਹੋ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ 2014 ਤੋਂ ਹੁਣ ਤਕ ਦੇ ਮਹਿੰਗਾਈ ਭੱਤੇ ਦੀਆਂ 5 ਕਿਸ਼ਤਾਂ ਕਰਮਚਾਰੀਆਂ ਨੂੰ ਜਲਦ ਦਿਤੀਆਂ ਜਾਣ।

ਚੀਮਾ ਨੇ ਮੰਗ ਕੀਤੀ ਕਿ ਕਰਮਚਾਰੀ ਯੂਨੀਅਨਾਂ ਦੀਆਂ ਮੰਗਾਂ ਦੇ ਅਨੁਸਾਰ ਕੱਚੇ, ਠੇਕੇ ਉਤੇ ਰੱਖੇ ਤੇ ਆਊਟਸੌਰਸਿੰਗ ਵਾਲੇ ਕਰਮਚਾਰੀ ਤੁਰਤ ਪੱਕੇ ਕੀਤੇ ਜਾਣੇ ਚਾਹੀਦੇ ਹਨ। ਚੀਮਾ ਨੇ ਕਿਹਾ ਕਿ ਸਰਕਾਰ ਬਰਾਬਰ ਕੰਮ, ਬਰਾਬਰ ਤਨਖਾਹ ਦਾ ਵਾਅਦਾ ਪੂਰਾ ਕਰੇ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ, ਕਰਮਚਾਰੀਆਂ ਦੀ ਮੰਗ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰੇ ਅਤੇ 2014 ਤੋਂ ਪਹਿਲਾਂ ਵਾਂਗ ਪੈਨਸ਼ਨ ਦੇਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੁਰਾਣੀ ਪੈਨਸ਼ਨ ਸਕੀਮ ਦੀ ਹਮਾਇਤ ਕਰਦੀ ਹੈ ਅਤੇ ਸੂਬੇ ਵਿਚ ‘ਆਪ’ ਦੀ ਸਰਕਾਰ ਆਉਣ ’ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ ।