ਐਸਜੀਪੀਸੀ 'ਤੇ ਸਾਡੇ ਪਰਵਾਰ ਦਾ ਨਹੀਂ ਬਲਕਿ ਸਿੱਖਾਂ ਦਾ ਕਬਜ਼ਾ : ਸੁਖਬੀਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਣੀ ਅਕਾਲੀ ਦਲ ਬਾਦਲ ਵਲੋਂ ਅੱਜ ਮਾਘੀ ਮੇਲੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਿਆਸੀ ਕਾਨਫ਼ਰੰਸ ਕੀਤੀ ਗਈ.....

Shiromani Akali Dal Conference

ਮੁਕਤਸਰ : ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਅੱਜ ਮਾਘੀ ਮੇਲੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਿਆਸੀ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਲੋਕਾਂ ਨੂੰ ਕਰੜੇ ਹੱਥੀਂ ਲਿਆ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਜ਼ਾਦ ਕਰਾਉਣ ਦੀ ਗੱਲ ਕਰ ਰਹੇ ਹਨ। 
ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਨੇ ਕਿਹਾ ਕਿ ਜਿਹੜੇ ਲੋਕ ਕਮੇਟੀ ਤੋਂ ਬਾਦਲਾਂ ਦਾ ਕਬਜ਼ਾ ਹਟਾਉਣ ਦੀ ਗੱਲ ਕਰ ਰਹੇ ਹਨ, ਉਨ੍ਹਾਂ ਲੋਕਾਂ ਨੂੰ ਉਹ ਦਸਣਾ ਚਾਹੁੰਦੇ ਹਨ ਕਿ ਕਮੇਟੀ ਉਤੇ ਬਾਦਲ ਪਰਵਾਰ ਦਾ ਕਬਜ਼ਾ ਨਹੀਂ ਹੈ, ਇਸ ਦਾ ਸਮੁੱਚਾ ਪ੍ਰਬੰਧ ਸਿੱਖ ਕੌਮ ਚਲਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਾ ਕੂੜ ਪ੍ਰਚਾਰ ਕਰ ਕੇ ਵਿਰੋਧੀਆਂ ਵਲੋਂ ਸਿੱਖ ਕੌਮ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸੇ ਵੀ ਧਿਰ ਦਾ ਨਾਂ ਲਏ ਬਿਨਾਂ ਕਿਹਾ ਕਿ ਪਹਿਲਾਂ ਧਰਨਾ ਲਾ ਕੇ ਕਰੋੜਾਂ ਰੁਪਏ ਇਕੱਠੇ ਕਰ ਲਈ, ਫਿਰ ਜਦੋਂ ਕਾਂਗਰਸ ਨੇ ਕਿਹਾ ਕਿ ਉਠ ਜਾਉ ਤਾਂ ਧਰਨਾ ਚੁੱਕ ਲਿਆ। ਸੁਖਬੀਰ ਬਾਦਲ ਨੇ ਕਿਹਾ ਕਿ ਐਸਜੀਪੀਸੀ ਇਕ ਆਜ਼ਾਦ ਸੰਸਥਾ ਹੈ ਅਤੇ ਉਸ 'ਤੇ ਅਕਾਲੀ ਦਲ ਦਾ ਕੋਈ ਕਬਜ਼ਾ ਨਹੀਂ ਹੈ। ਉਸ ਦੇ ਨੁਮਾਇੰਦੇ ਵੋਟ ਰਾਹੀਂ ਲੋਕਾਂ ਵਲੋਂ ਹੀ ਚੁਣੇ ਜਾਂਦੇ ਹਨ। ਸੁਖਬੀਰ ਬਾਦਲ ਨੇ ਪ੍ਰਕਾਸ਼ ਸਿੰਘ ਬਾਦਲ ਉਤੇ ਸਵਾਲ ਖੜੇ ਕਰਨ ਵਾਲਿਆਂ ਨੂੰ ਵੀ ਕਰੜੇ ਹੱਥੀਂ ਲਿਆ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਪਰਕਾਸ਼ ਸਿੰਘ ਬਾਦਲ ਦੇ ਬੇਟੇ ਹਨ। ਮਾਘੀ ਮੇਲੇ ਦੀ ਸਟੇਜ ਤੋਂ ਅਕਾਲੀ ਦਲ ਨੇ ਅਪਣੇ ਸਿਆਸੀ ਵਿਰੋਧੀਆਂ ਤੇ ਖਾਸ ਕਰ ਕੇ ਕਾਂਗਰਸ ਵਿਰੁਧ ਤਿਖੇ ਹਮਲੇ ਕੀਤੇ। ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਸਿੱਖਾਂ ਦਾ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਗੁਰੂ ਸਹਿਬਾਨਾਂ ਦੇ ਰਸਤੇ ਚਲਦਾ ਰਿਹਾ ਹੈ ਪਰ ਕਾਂਗਰਸ ਨੇ ਹਮੇਸ਼ਾ ਸਿੱਖ ਧਰਮ ਦਾ ਨੁਕਸਾਨ ਕੀਤਾ ਹੈ। ਇਸ ਮੌਕੇ ਬਾਦਲ ਨੇ 1984 ਦੇ ਦੰਗਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਤੋਂ ਹੈਰਾਨ ਹਨ

ਕਿ ਏਨੀ ਵੱਡੀ ਜ਼ਾਲਮ ਹੋਣ ਦੇ ਬਾਵਜੂਦ ਲੋਕ ਕਾਂਗਰਸ ਨੂੰ ਸਰਕਾਰ ਬਣਾਉਣ ਲਈ ਸਹਿਯੋਗ ਦੇ ਦਿੰਦੇ ਹਨ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੂੰ ਜਦੋਂ ਪੁਛਿਆ ਗਿਆ ਕਿ ਸ੍ਰੀ ਅਕਾਲ ਤਖਤ ਵਲੋਂ ਧਾਰਮਕ ਸਭਾਵਾਂ ਮੌਕੇ ਸਿਆਸੀ ਰੈਲੀਆਂ ਕਰਨ ਉਤੇ ਰੋਕ ਲਾਈ ਹੋਈ ਹੈ, ਇਸ ਦੇ ਬਾਵਜੂਦ ਤੁਸੀਂ ਸ੍ਰੀ ਮੁਕਤਸਰ ਸਾਹਿਬ ਵਿਚ ਰੈਲੀ ਕੀਤੀ ਹੈ। ਇਸ ਦੇ ਜਵਾਬ ਵਿਚ ਸੁਖਬੀਰ ਨੇ ਕਿਹਾ ਕਿ ਅਕਾਲ ਤਖ਼ਤ ਵਲੋਂ ਕਦੇ ਵੀ ਅਜਿਹੇ ਹੁਕਮ ਨਹੀਂ ਆਏ ਬਲਕਿ ਕਾਂਗਰਸ ਜਾਣਬੁਝ ਕੇ ਗੁਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਮਾਘੀ ਵਾਲੇ ਦਿਨ ਵੀ ਗੁਰੂਘਰ ਨਤਮਸਤਕ ਹੋਣ ਨਹੀਂ ਆਇਆ। ਇਹ ਕਿਹੋ ਜਿਹਾ ਮੁੱਖ ਮੰਤਰੀ ਹੈ।