ਨਗਰ ਨਿਗਮ ਟੀਮ ਨੇ ਅਚਨਚੇਤ ਚੈਕਿੰਗ ਦੌਰਾਨ 3 ਚਰਖੜੀਆਂ ਚਾਈਨਾ ਡੋਰ ਫੜੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਵੱਲੋਂ ਜ਼ਿਲ੍ਹੇ ਅੰਦਰ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ਦੇ ਮੁਕੰਮਲ ਤੌਰ ‘ਤੇ...

China Door

ਮੋਗਾ : ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਅੰਦਰ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ਦੇ ਮੁਕੰਮਲ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹੋਏ ਹਨ। ਇਸ ਤੋਂ ਇਲਵਾ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਮਿਸ਼ਨ ਤੰਦਰੁਸਤ ਪੰਜਾਬ‘ ਤਹਿਤ ਤੰਦਰੁਸਤ ਜੀਵਨ ਦੇ ਮਿਆਰ ਦੀ ਪ੍ਰਾਪਤੀ ਲਈ ਯਤਨ ਕੀਤੇ ਜਾ ਰਹੇ ਹਨ।

ਇਸੇ ਕੜੀ ਅਧੀਨ ਨਗਰ ਨਿਗਮ ਮੋਗਾ ਦੀ ਟੀਮ ਵੱਲੋਂ ਮੋਗਾ ਸ਼ਹਿਰ ਦੀਆਂ ਵੱਖ-ਵੱਖ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਲਾਲ ਸਿੰਘ ਰੋਡ ਸਥਿਤ ਹਰੀਸ਼ ਡੇਅਰੀ ਵਾਲਾ ਜੋ ਪਤੰਗ ਵੇਚਣ ਦਾ ਕੰਮ ਕਰਦਾ ਹੈ, ਦੀ ਦੁਕਾਨ ਤੋਂ 3 ਚਰਖੜੀਆਂ ਚਾਈਨਾ ਡੋਰ ਪਕੜੀ ਗਈ। ਇਸ ਟੀਮ ਵਿੱਚ ਚੀਫ਼ ਸੈਨੇਟਰੀ ਇੰਸਪੈਕਟਰ ਸੰਦੀਪ ਕਟਾਰੀਆ, ਸੁਮਨ ਕੁਮਾਰ, ਵਿਕਾਸ ਸ਼ਰਮਾ ਅਤੇ ਗੁਰਪ੍ਰੀਤ ਸਿੰਘ (ਤਿੰਨੇ ਸੈਨੇਟਰੀ ਇੰਸਪੈਕਟਰ) ਸ਼ਾਮਲ ਸਨ।

ਇਸ ਬਾਰੇ ਜਾਣਕਾਰੀ ਦਿੰਦਿਆਂ ਚੀਫ਼ ਸੈਨੇਟਰੀ ਇੰਸਪੈਕਟਰ ਸੰਦੀਪ ਕਟਾਰੀਆ ਨੇ ਦੱਸਿਆ ਕਿ ਆਉਣ ਵਾਲੇ ਬਸੰਤ ਪੰਚਮੀ ਦੇ ਮੌਕੇ ‘ਤੇ ਕਾਫ਼ੀ ਮਾਤਰਾ ਵਿੱਚ ਪਤੰਗਾਂ ਉਡਾਈਆਂ ਜਾਂਦੀਆਂ ਹਨ ਅਤੇ ਇੰਨਾਂ ਪਤੰਗਾਂ ਲਈ ਅਕਸਰ ਚਾਈਨਾ ਡੋਰ ਦੀ ਵਰਤੋਂ ਕੀਤੀ ਜਾਂਦੀ ਹੈ। ਉਨਾਂ ਵੱਲੋ ਮੌਕੇ ‘ਤੇ ਦੁਕਾਨਦਾਰਾਂ ਨੂੰ ਭਵਿੱਖ ਵਿੱਚ ਵੀ ਚਾਈਨਾ ਡੋਰ ਨੂੰ ਨਾ ਵੇਚਣ ਅਤੇ ਸਟੋਰ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਉਨਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਚਾਈਨਾ ਡੋਰ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ, ਕਿਉਕਿ ਇਹ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ ਕਾਫ਼ੀ ਮਜਬੂਤ ਹੁੰਦੀ ਹੈ। ਇਸ ਨਾਲ ਪਤੰਗ ਉਡਾਉਣ ਵਾਲਿਆਂ ਦੇ ਹੱਥ ਤੇ ਉਂਗਲਾਂ ਕੱਟਣ, ਸਾਈਕਲ ਤੇ ਸਕੂਟਰ, ਮੋਟਰ ਸਾਈਕਲ ਚਾਲਕਾਂ ਦੇ ਗਲ ਅਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਅਜਿਹੀ ਹਾਲਤ ਵਿੱਚ ਐਕਸੀਡੈਂਟ ਹੋਣ ਦਾ ਵੀ ਡਰ ਹੁੰਦਾ ਹੈ।

ਇਸ ਤੋਂ ਇਲਾਵਾ ਚਾਈਨਾ ਡੋਰ ਵਿੱਚ ਫ਼ਸੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਨਾਂ ਦੇ ਰੁੱਖਾਂ ‘ਤੇ ਟੰਗੇ ਰਹਿਣ ਕਾਰਣ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਇਸ ਲਈ ਇਹ ਚਾਈਨਾ ਡੋਰ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਖ਼ਤਰਨਾਕ ਸਿੱਧ ਹੁੰਦੀ ਹੈ।