ਡਾ: ਸੰਦੀਪ ਪਾਠਕ ਨੇ ਪਾਰਟੀ ਦੇ ਸੀਨੀਅਰ ਆਗੂਆਂ, ਲੋਕ ਸਭਾ ਤੇ ਜ਼ਿਲ੍ਹਾ ਇੰਚਾਰਜਾਂ ਨਾਲ ਕੀਤੀ ਮੀਟਿੰਗ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

 ਡਾ: ਪਾਠਕ ਨੇ ਪਾਰਟੀ ਆਗੂਆਂ ਨਾਲ ਸੰਗਠਨ ਦੀ ਮਜ਼ਬੂਤੀ ਬਾਰੇ ਕੀਤੀ ਚਰਚਾ, ਬੂਥ ਪੱਧਰ 'ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਬਣਾਈ ਰਣਨੀਤੀ

Dr. Sandeep Pathak held a meeting with senior party leaders, Lok Sabha and district in-charges

 ਮਾਨ ਸਰਕਾਰ ਨੇ ਪਿਛਲੇ 10 ਮਹੀਨਿਆਂ ਵਿੱਚ ਕੀਤਾ ਸ਼ਾਨਦਾਰ ਕੰਮ, ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀਆਂ ਸਾਰੀਆਂ ਗਾਰੰਟੀਆਂ ਨੂੰ ਪੂਰਾ ਕਰਾਂਗੇ - ਸੰਦੀਪ ਪਾਠਕ

ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਡਾ: ਸੰਦੀਪ ਪਾਠਕ ਨੇ ਅੱਜ ਪਾਰਟੀ ਦੇ ਸਾਰੇ ਸੀਨੀਅਰ ਆਗੂਆਂ, ਪੰਜਾਬ ਦੇ ਜ਼ਿਲ੍ਹਿਆਂ ਅਤੇ ਲੋਕ ਸਭਾ ਹਲਕਿਆਂ ਦੇ ਇੰਚਾਰਜਾਂ ਨਾਲ ਦਿਨਭਰ ਮੀਟਿੰਗ ਕੀਤੀ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ।

 ਐਤਵਾਰ ਨੂੰ ਡਾ: ਪਾਠਕ ਨੇ ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਪਾਰਟੀ ਅਹੁਦੇਦਾਰਾਂ ਨਾਲ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਬਾਰੇ ਇਕ-ਇਕ ਕਰਕੇ ਪਾਰਟੀ ਸੰਗਠਨ ਦਾ ਜਾਇਜ਼ਾ ਲਿਆ ਅਤੇ ਸਾਰੇ ਹਲਕਿਆਂ ਵਿਚ ਬੂਥ ਪੱਧਰ 'ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਰਣਨੀਤੀ ਤਿਆਰ ਕੀਤੀ |

 ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਰੀ ਆਪਣੇ ਬਿਆਨ ਵਿੱਚ ਡਾ: ਸੰਦੀਪ ਪਾਠਕ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਪਿਛਲੇ 10 ਮਹੀਨਿਆਂ ਵਿੱਚ ਸ਼ਾਨਦਾਰ ਕੰਮ ਕੀਤਾ ਹੈ। ਸਰਕਾਰ ਬਣਾਉਣ ਦੇ ਛੇ ਮਹੀਨਿਆਂ ਦੇ ਅੰਦਰ ਹੀ ਆਮ ਆਦਮੀ ਪਾਰਟੀ ਨੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀਆਂ ਕਈ ਗਾਰੰਟੀਆਂ ਨੂੰ ਪੂਰਾ ਕੀਤਾ। ਦੇਸ਼ ਦੀ ਰਾਜਨੀਤੀ ਵਿੱਚ ਇਹ ਆਪਣੇ ਆਪ ਵਿੱਚ ਇੱਕ ਮਿਸਾਲ ਹੈ।

 ਉਨ੍ਹਾਂ 'ਆਪ' ਸਰਕਾਰ ਦੇ ਕੰਮਾਂ ਨੂੰ ਗਿਣਾਉਂਦਿਆਂ ਕਿਹਾ ਕਿ ਸਾਡੀ ਸਰਕਾਰ ਨੇ ਸਿਰਫ਼ 6 ਮਹੀਨਿਆਂ ਵਿੱਚ ਹੀ ਪੰਜਾਬ ਦੇ 25000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਲਗਭਗ 20,000 ਕੱਚੇ ਕਰਮਚਾਰੀਆਂ ਨੂੰ ਪੱਕੇ ਕੀਤਾ । ਦੂਜੇ ਪਾਸੇ ਭ੍ਰਿਸ਼ਟਾਚਾਰ 'ਤੇ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਟੋਲ ਫਰੀ ਨੰਬਰ ਜਾਰੀ ਕਰਕੇ ਸ਼ਿਕਾਇਤਾਂ ਦੇ ਆਧਾਰ 'ਤੇ 500 ਦੇ ਕਰੀਬ ਭ੍ਰਿਸ਼ਟ ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ ਕਾਰਵਾਈ ਕੀਤੀ ਹੈ। ਆਉਣ ਵਾਲੇ ਦਿਨਾਂ ਵਿੱਚ ਮਾਨ ਸਰਕਾਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਬਾਕੀ ਸਾਰੀਆਂ ਗਾਰੰਟੀਆਂ ਨੂੰ ਵੀ ਪੂਰਾ ਕਰੇਗੀ।

 ਇਸ ਮੌਕੇ 'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਾਤ, ਮਾਲਵਾ ਕੇਂਦਰੀ ਤੋਂ ਸਕੱਤਰ ਡਾ: ਸੰਨੀ ਸਿੰਘ ਆਹਲੂਵਾਲੀਆ, ਮਾਝਾ ਜ਼ੋਨ ਦੇ ਸਕੱਤਰ ਗੁਰਦੇਵ ਸਿੰਘ ਲੱਖਾਣਾ, ਮਾਲਵਾ ਪੂਰਬੀ ਜ਼ੋਨ ਦੇ ਸਕੱਤਰ ਅਮਨ ਮੋਹੀ, ਮਾਲਵਾ ਪੱਛਮੀ ਜ਼ੋਨ ਦੇ ਸਕੱਤਰ ਸ਼ਮਿੰਦਰ ਖਿੰਡਾ ਅਤੇ ਦੋਆਬਾ ਜ਼ੋਨ ਦੇ ਸਕੱਤਰ ਰਾਜਵਿੰਦਰ ਸਿੰਘ ਕੌਰ ਹਾਜ਼ਰ ਸਨ।