ਮਾਣਹਾਨੀ ਮਾਮਲੇ 'ਚ ਕੰਗਨਾ ਰਣੌਤ ਨੂੰ ਨਿੱਜੀ ਪੇਸ਼ੀ ਤੋਂ ਮਿਲੀ ਛੂਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵੀ.ਸੀ. ਜ਼ਰੀਏ ਹੋਵੇਗੀ ਕੰਗਨਾ ਦੀ ਪੇਸ਼ੀ

Kangana Ranaut exempted from personal appearance in defamation case

ਬਠਿੰਡਾ: ਅਦਾਕਾਰਾ ਕੰਗਨਾ ਰਣੌਤ ਵਿਰੁੱਧ ਚੱਲ ਰਹੇ ਮਾਣਹਾਨੀ ਮਾਮਲੇ ਵਿੱਚ ਵੀਰਵਾਰ ਨੂੰ ਬਠਿੰਡਾ ਦੀ ਅਦਾਲਤ ਵਿੱਚ ਅਹਿਮ ਸੁਣਵਾਈ ਹੋਈ। ਇਹ ਮਾਮਲਾ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਦੌਰਾਨ ਬਜ਼ੁਰਗ ਮਹਿਲਾ ਮਹਿੰਦਰ ਕੌਰ ਬਾਰੇ ਕੀਤੀ ਗਈ ਕਥਿਤ ਇਤਰਾਜ਼ਯੋਗ ਟਿੱਪਣੀ ਨਾਲ ਜੁੜਿਆ ਹੋਇਆ ਹੈ। ਵੀਰਵਾਰ ਨੂੰ ਕੰਗਨਾ ਰਣੌਤ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਈ।

ਕੰਗਨਾ ਰਣੌਤ ਵੱਲੋਂ ਪਹਿਲਾਂ ਦਾਇਰ ਕੀਤੀ ਗਈ ਨਿੱਜੀ ਪੇਸ਼ੀ ਤੋਂ ਛੋਟ ਦੀ ਅਰਜ਼ੀ 'ਤੇ ਅਦਾਲਤ ਵਿੱਚ ਲੰਬੀ ਬਹਿਸ ਹੋਈ। ਕੰਗਨਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਉਹ ਇੱਕ ਸੰਸਦ ਮੈਂਬਰ ਹਨ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਰੁਝੇਵਿਆਂ ਕਾਰਨ ਹਰ ਤਰੀਕ 'ਤੇ ਨਿੱਜੀ ਤੌਰ 'ਤੇ ਪੇਸ਼ ਹੋਣਾ ਉਨ੍ਹਾਂ ਲਈ ਸੰਭਵ ਨਹੀਂ ਹੈ। ਇਹ ਵੀ ਕਿਹਾ ਗਿਆ ਕਿ ਉਹ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੁੰਦੀ ਰਹੇਗੀ।

ਇਸ ਦੌਰਾਨ ਸ਼ਿਕਾਇਤਕਰਤਾ ਮਹਿੰਦਰ ਕੌਰ ਦੇ ਵਕੀਲ ਰਘੁਬੀਰ ਸਿੰਘ ਬਹਿਣੀਵਾਲ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਕੰਗਨਾ ਰਣੌਤ ਜਾਣਬੁੱਝ ਕੇ ਨਿੱਜੀ ਪੇਸ਼ੀ ਤੋਂ ਬਚ ਰਹੀ ਹੈ ਅਤੇ ਇਸ ਨਾਲ ਮਾਮਲੇ ਦੀ ਸੁਣਵਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਪਿਛਲੇ ਚਾਰ ਸਾਲਾਂ ਤੋਂ ਲਟਕ ਰਿਹਾ ਹੈ ਅਤੇ ਪੀੜਤ ਪੱਖ ਲਗਾਤਾਰ ਇਨਸਾਫ਼ ਲਈ ਸੰਘਰਸ਼ ਕਰ ਰਿਹਾ ਹੈ।

ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕੰਗਨਾ ਰਣੌਤ ਦੀ ਨਿੱਜੀ ਪੇਸ਼ੀ ਤੋਂ ਛੋਟ ਦੀ ਅਰਜ਼ੀ ਨੂੰ ਸਵੀਕਾਰ ਕਰ ਲਿਆ। ਅਦਾਲਤ ਨੇ ਸਪੱਸ਼ਟ ਕੀਤਾ ਕਿ ਕੰਗਨਾ ਅਗਲੀਆਂ ਸੁਣਵਾਈਆਂ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋ ਸਕੇਗੀ।