ਪੁਲਵਾਮਾ ਹਮਲੇ ਕਾਰਨ ਬਲਬੀਰ ਸਿੱਧੂ ਵਲੋਂ ਲਾਹੌਰ ਦੌਰਾ ਰੱਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜੰਮੂ-ਕਸ਼ਮੀਰ ਵਿਚ ਪੁਲਵਾਮਾ ਵਿਖੇ ਸੀ.ਆਰ.ਪੀ.ਐਫ. ਦੇ ਕਾਫਲੇ 'ਤੇ ਹੋਏ ਹਮਲੇ ਉਪਰੰਤ ਪਸ਼ੂ ਪਾਲਣ ਤੇ ਕਿਰਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ...

Balbir Singh Sidhu

ਚੰਡੀਗੜ੍ਹ : ਜੰਮੂ-ਕਸ਼ਮੀਰ ਵਿਚ ਪੁਲਵਾਮਾ ਵਿਖੇ ਸੀ.ਆਰ.ਪੀ.ਐਫ. ਦੇ ਕਾਫਲੇ 'ਤੇ ਹੋਏ ਹਮਲੇ ਉਪਰੰਤ ਪਸ਼ੂ ਪਾਲਣ ਤੇ ਕਿਰਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਲਾਹੌਰ ਵਿਖੇ ਹੋਣ ਵਾਲੀ ਇੰਟਰਨੈਸ਼ਨਲ ਬੁਫੈਲੋ ਕਾਂਗਰਸ ਲਈ ਅਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ ਦਿਤਾ ਹੈ। ਇਸ ਬਾਰੇ ਖ਼ੁਲਾਸਾ ਕਰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਯੂਨੀਵਰਸਿਟੀ ਆਫ਼ ਐਨੀਮਲ ਐਂਡ ਵੈਟਰਨਰੀ ਸਾਇੰਸਜ਼, ਲਾਹੌਰ ਵਲੋਂ ਇੰਟਰਨੈਸ਼ਨਲ ਬੂਫੈਲੋ ਕਾਂਗਰਸ 18 ਤੋਂ 20 ਫਰਵਰੀ ਤੱਕ ਕਰਵਾਈ ਜਾ ਰਹੀ ਹੈ।

ਜਿਸ ਵਿਚ ਵੱਖ-ਵੱਖ ਦੇਸ਼ਾਂ ਦੇ ਨੁਮਾਇੰਦੇ ਹਿੱਸਾ ਲੈਣ ਲਈ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਹਿੱਸਾ ਲੈਣ ਲਈ ਉਹ ਸੂਬੇ ਦੇ ਅਗਾਂਹਵਧੂ ਕਿਸਾਨਾਂ ਨਾਲ ਵਿਸ਼ੇਸ਼ ਤੌਰ 'ਤੇ ਜਾਣਾ ਸੀ ਪਰੰਤੂ ਪਾਕਿਸਤਾਨ ਦੇ ਅੱਤਵਾਦੀ ਜਥੇਬੰਦੀ ਜੈਸ਼-ਏ-ਮਹੁੰਮਦ ਵਲੋਂ ਪੁਲਵਾਮਾ ਵਿਖੇ ਸੀ.ਆਰ.ਪੀ.ਐਫ. ਦੇ ਕਾਫਲੇ 'ਤੇ ਕੀਤੇ ਹਮਲੇ ਵਿਚ 41 ਜਵਾਨਾਂ ਦੇ ਸ਼ਹੀਦ ਹੋਣ ਉਪਰੰਤ ਉਨ੍ਹਾਂ ਇਹ ਦੌਰਾ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ।

ਉਨ੍ਹਾਂ ਪੁਲਵਾਮਾ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਅਮਨ-ਸ਼ਾਂਤੀ ਦੇ ਵਿਰੋਧੀ ਤੱਤਾਂ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਸੱਟ ਮਾਰਨ ਲਈ ਇਸ ਘਟਨਾ ਨੂੰ ਅੰਜਾਮ ਦਿਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਸ਼ਵ ਦਾ ਸੱਭ ਤੋਂ ਵੱਡਾ ਲੋਕਤੰਤਰ ਹੈ ਜਿਸ ਦੀ ਏਕਤਾ ਤੇ ਸਦਭਾਵਨਾ ਦੀ ਤਾਕਤ ਅੱਗੇ ਇਹ ਸੰਗਠਨ ਅਪਣੇ ਨਾਪਾਕ ਮਨਸੂਬਿਆਂ ਨੂੰ ਹਾਸਲ ਕਰਨ ਵਿਚ ਕਦੇ ਸਫ਼ਲ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਇਸ ਸਮੇਂ ਪੂਰਾ ਦੇਸ਼ ਸ਼ਹੀਦ ਪਰਿਵਾਰਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ।

ਇਸ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਪੰਜਾਬ ਵਿਧਾਨ ਸਭਾ ਵਿਚ ਮਤਾ ਪੇਸ਼ ਕੀਤਾ ਗਿਆ ਜਿਸ ਨੂੰ ਸਾਰੀਆਂ ਰਾਜਸੀ ਧਿਰਾਂ ਵਲੋਂ ਸਮਰਥਨ ਦੇ ਸਰਬਸੰਮਤੀ ਨਾਲ ਪਾਸ ਕੀਤਾ ਗਿਆ।