ਪੰਜਾਬ ’ਚ ਧਰਮ ਤਬਦੀਲੀ ਵਿਰੁੱਧ ਕਾਨੂੰਨ ਲਿਆਵੇਗੀ ਭਾਜਪਾ : ਤਰੁਣ ਚੁੱਘ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਰਹੱਦੀ ਸੂਬੇ ’ਚ ਆਈ.ਐੱਸ.ਆਈ. ਤੇ ਹੋਰ ਵਿਦੇਸ਼ੀ ਤਾਕਤਾਂ ਬਹੁਤ ਗੰਭੀਰ ਖ਼ਤਰਾ

Tarun Chugh

 

ਚੰਡੀਗੜ੍ਹ : ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਕਿਹਾ ਕਿ ਜੇਕਰ ਉਹਨਾਂ ਦੀ ਪਾਰਟੀ ਪੰਜਾਬ ਵਿਚ ਸੱਤਾ ਵਿੱਚ ਆਉਂਦੀ ਹੈ ਤਾਂ ਪਾਰਟੀ ਸੂਬੇ ਦੇ ਪੇਂਡੂ ਹਿੱਸਿਆਂ ਵਿਚ ਵੱਡੇ ਪੱਧਰ ’ਤੇ ਹੋ ਰਹੇ ਧਰਮ ਪਰਿਵਰਤਨ ਦੇ ਮੱਦੇਨਜ਼ਰ ਧਰਮ ਪਰਿਵਰਤਨ ਵਿਰੋਧੀ ਬਿੱਲ ਲਿਆਵੇਗੀ। ਮੰਗਲਵਾਰ ਨੂੰ ਫਿਰੋਜ਼ਪੁਰ ਵਿਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਚੁੱਘ ਨੇ ਕਿਹਾ ਕਿ ਪੰਜਾਬ ਕੁਝ ਵਿਦੇਸ਼ੀ ਤਾਕਤਾਂ ਦੀ ਗਿਣੀ ਮਿਥੀ ਸਾਜ਼ਿਸ਼ ਦੀ ਲਪੇਟ ਵਿਚ ਹੈ ਜੋ ਧਰਮ ਪਰਿਵਰਤਨ ਵਿਚ ਰੁੱਝੇ ਹੋਏ ਹਨ ਅਤੇ ਸੂਬੇ ਦੀ ਸੁਰੱਖਿਆ ਲਈ ਵੱਡਾ ਖਤਰਾ ਬਣ ਗਏ ਹਨ। 

ਚੁੱਘ ਨੇ ਕਿਹਾ ਕਿ ਇਸ ਸਮੇਂ ਪੰਜਾਬ ਨੂੰ ਇਨ੍ਹਾਂ ਰਾਜ ਵਿਰੋਧੀ ਅਤੇ ਦੇਸ਼ ਵਿਰੋਧੀ ਤਾਕਤਾਂ ਤੋਂ ਬਚਾਉਣ ਦੀ ਲੋੜ ਹੈ। ਭਾਰਤ ਨੂੰ ਖੋਖਲਾ ਕਰਨ ਦੇ ਇਰਾਦੇ ਵਾਲੀਆਂ ਇਹ ਵਿਨਾਸ਼ਕਾਰੀ ਤਾਕਤਾਂ ਸਾਡੇ ਪੰਜਾਬ ਰਾਜ ਦੇ ਗਰੀਬ ਅਤੇ ਭੋਲੇ ਭਾਲੇ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾ ਰਹੀਆਂ ਹਨ, ਜਿਸ ਕਾਰਨ ਪੰਜਾਬ ਦਾ ਸੱਭਿਆਚਾਰਕ ਅਤੇ ਸਮਾਜਿਕ ਢਾਂਚਾ ਤਬਾਹੀ ਦੇ ਕੰਢੇ ਪਹੁੰਚ ਗਿਆ ਹੈ। ਚੁੱਘ ਨੇ ਕਿਹਾ ਕਿ ਭਾਜਪਾ ਦਾ ਇੱਕੋ ਇੱਕ ਪ੍ਰਮੁੱਖ ਏਜੰਡਾ ਰਾਸ਼ਟਰੀ ਸੁਰੱਖਿਆ ਹੈ, ਜਿਸ ਦੀ ਸਥਾਪਨਾ ਲਈ ਪੰਜਾਬ ਵਿਚ ਭਾਜਪਾ ਦਾ ਸੱਤਾ ਵਿਚ ਆਉਣਾ ਬਹੁਤ ਜ਼ਰੂਰੀ ਹੈ।

ਚੁੱਘ ਨੇ ਕਿਹਾ ਕਿ ਪਾਕਿਸਤਾਨ ਤੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਸਾਡੀ ਰਾਸ਼ਟਰੀ ਸੁਰੱਖਿਆ ਲਈ ਚਿੰਤਾ ਦਾ ਵਿਸ਼ਾ ਹੈ। ਇਨ੍ਹਾਂ ਭਖਦੇ ਹਾਲਾਤਾਂ ਵਿਚ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਸ਼ਾਂਤੀਵਾਦੀ ਕਹਿਣਾ ਪੰਜਾਬ ਸਮੇਤ ਸਮੁੱਚੇ ਦੇਸ਼ ਲਈ ਮੰਦਭਾਗਾ ਹੈ। ਭਾਵੇਂ ਇਮਰਾਨ ਖਾਨ ਅਤੇ ਆਈ.ਐਸ. ਜਿੱਥੇ ਪੰਜਾਬ ਵਿੱਚ ਹਥਿਆਰਾਂ ਅਤੇ ਨਸ਼ਿਆਂ ਦੀ ਖੇਪ ਭੇਜਣਾ ਪੰਜਾਬ ਦੀ ਸੁਰੱਖਿਆ ਲਈ ਇੱਕ ਵੱਡਾ ਖਤਰਾ ਸਾਬਤ ਹੋ ਰਿਹਾ ਹੈ, ਉੱਥੇ ਹੀ ਸਿੱਧੂ ਇਮਰਾਨ ਖਾਨ ਨਾਲ ਆਪਣੀ ਗੂੜ੍ਹੀ ਦੋਸਤੀ ਨੂੰ ਭਾਰਤ ਦੇ ਲੋਕਾਂ ਨਾਲ ਸਾਂਝਾ ਕਰਨ ਵਿੱਚ ਹਮੇਸ਼ਾ ਮਾਣ ਮਹਿਸੂਸ ਕਰਨਗੇ।

ਚੁੱਘ ਨੇ ਕਿਹਾ ਕਿ ਚੰਨੀ ਸਰਕਾਰ ਦੇ ਕਾਰਜਕਾਲ ਵਿੱਚ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਵਿਗੜ ਚੁੱਕੀ ਹੈ, ਜੋ ਕਿ ਸਰਹੱਦੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦੀ ਜ਼ਿੰਦਗੀ ਲਈ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ। ਚੁੱਘ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਵੋਟਰ ਕਾਂਗਰਸ ਸਰਕਾਰ ਨੂੰ ਬਾਹਰ ਧੱਕਣ ਅਤੇ ਭਾਰਤੀ ਜਨਤਾ ਪਾਰਟੀ ਨੂੰ ਸੱਤਾ ਵਿੱਚ ਆਉਣ ਦਾ ਮੌਕਾ ਦੇਣ।