ਅੰਮ੍ਰਿਤਸਰ ਤੇ ਚੰਡੀਗੜ੍ਹ ਹਵਾਈ ਅੱਡੇ ਤੋਂ ਸਿੱਧੀਆਂ ਕੌਮਾਂਤਰੀ ਉਡਾਣਾਂ ਸ਼ੁਰੂ ਕੀਤੀਆਂ ਜਾਣ-ਭਗਵੰਤ ਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ, ਕੈਪਟਨ ਸਰਕਾਰ ਜਾਣਬੁੱਝ ਕੇ ਅੰਤਰਰਾਸ਼ਟਰੀ ਉਡਾਣਾਂ ਦੀ ਪ੍ਰਕਿਰਿਆ 'ਚ ਦੇਰੀ ਕਰ ਰਹੀ ਹੈ

Flights

ਚੰਡੀਗੜ੍ਹ : ਚੰਡੀਗੜ੍ਹ ਤੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਕੈਨੇਡਾ ਅਮਰੀਕਾ ਅਤੇ ਯੂਰਪ ਲਈ ਸਿੱਧੀਆਂ ਕੌਮਾਂਤਰੀ ਉਡਾਣਾਂ ਸ਼ੁਰੂ ਹੁੰਦੀਆਂ ਹਨ ਤਾਂ ਪੰਜਾਬ ਦੇ ਨਾਲ-ਨਾਲ ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਦੇ ਕੀਮਤੀ ਸਮੇਂ ਨੂੰ ਬਚਾਇਆ ਜਾ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕੀਤਾ।

ਮਾਨ ਨੇ ਕਿਹਾ ਕਿ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਜਾਣਬੁੱਝ ਕੇ ਅੰਮ੍ਰਿਤਸਰ ਅਤੇ ਚੰਡੀਗੜ੍ਹ ਏਅਰਪੋਰਟ ਤੋਂ ਅੰਤਰਰਾਸ਼ਟਰੀ ਉਡਾਣਾਂ ਦੀ ਪ੍ਰਕਿਰਿਆ 'ਚ ਦੇਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਗੁਆਂਢੀ ਸੂਬਿਆਂ ਦੇ ਲੋਕ ਦਿੱਲੀ ਤੋਂ ਉਡਾਣਾਂ ਫੜਨ ਕਾਰਨ ਬਿਨਾਂ ਵਜ੍ਹਾ ਖੱਜਲ-ਖ਼ੁਆਰ ਹੋ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨ ਤਾਂ ਜੋ ਸੂਬੇ ਦੇ ਮਾਲੀਏ ਨੂੰ ਵੀ ਵਧਾਇਆ ਜਾ ਸਕੇ।

ਮਾਨ ਨੇ ਕਿਹਾ ਕਿ ਪਰਵਾਸੀ ਭਾਰਤੀਆਂ ਦੀ ਇਹ ਲੰਮੇ ਸਮੇਂ ਤੋਂ ਮੰਗ ਚੱਲੀ ਆ ਰਹੀ ਹੈ ਕਿ ਉਨ੍ਹਾਂ ਨੂੰ ਦਿੱਲੀ ਦੀ ਥਾਂ ਅੰਮ੍ਰਿਤਸਰ ਤੋਂ ਕੌਮਾਂਤਰੀ ਉਡਾਨਾਂ ਦੀ ਸਹੂਲਤ ਦਿੱਤੀ ਜਾਵੇ ਪਰ ਪਿਛਲੀ ਅਕਾਲੀ-ਭਾਜਪਾ ਸਰਕਾਰ ਵਾਂਗ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੀ ਇਸ ਨੂੰ ਠੰਢੇ ਬਸਤੇ 'ਚ ਪਾ ਰਹੀ ਹੈ। ਮਾਨ ਨੇ ਕਿਹਾ ਕਿ ਪਹਿਲਾਂ ਅਕਾਲੀ-ਭਾਜਪਾ ਸਰਕਾਰ ਸਮੇੰ ਬਾਦਲ ਆਪਣੇ ਟਰਾਂਸਪੋਰਟ ਮਾਫ਼ੀਆ ਨੂੰ ਚਲਾਉਣ ਲਈ ਅੰਮ੍ਰਿਤਸਰ ਏਅਰਪੋਰਟ ਤੋਂ ਅੰਤਰਰਾਸ਼ਟਰੀ ਉਡਾਣਾਂ ਨਹੀਂ ਚੱਲਣ ਦਿੱਤੀਆਂ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਨਾਲ ਸੰਧੀ ਕਰ ਕੇ ਇਸ ਪ੍ਰਾਜੈਕਟ 'ਚ ਦੇਰੀ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਕੈਨੇਡਾ ਸਰਕਾਰ ਅੰਮ੍ਰਿਤਸਰ ਤੋਂ ਐਬਟਸਫੋਰਡ ਅਤੇ ਵੈਨਕੂਵਰ ਤੋਂ ਚੰਡੀਗੜ੍ਹ ਦੀਆਂ ਫਲਾਈਟਾਂ ਦਾ ਪ੍ਰਪੋਜ਼ਲ ਲਿਆ ਚੁੱਕੀ ਹੈ ਪਰ ਭਾਰਤ ਸਰਕਾਰ ਵੱਲੋਂ ਇਸ ਸਬੰਧੀ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨਾਲਾਇਕੀ ਕਾਰਨ ਹਰ ਸਾਲ ਲੱਖਾਂ ਐਨਆਰਆਈ ਪੰਜਾਬੀਆਂ ਨੂੰ ਬਿਨਾਂ ਵਜ੍ਹਾ ਤੋਂ ਖੱਜਲ ਖ਼ੁਆਰ ਹੋਣਾ ਪੈਂਦਾ ਹੈ।