ਪੇਪਰਾਂ ਮੌਕੇ ਸਕੂਲਾਂ 'ਚ ਸਫ਼ਾਈ ਦੇ ਨਾਲ ਹੱਥ ਧੋਣ ਲਈ ਕੀਤੇ ਜਾਣ ਪੁਖ਼ਤਾ ਪ੍ਰਬੰਧ: ਵਿਜੈ ਇੰਦਰ ਸਿੰਗਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਿਖਿਆ ਮੰਤਰੀ ਵਲੋਂ 31 ਮਾਰਚ ਤਕ ਸਕੂਲਾਂ 'ਚ ਪੇਪਰ ਦੇਣ ਵਾਲਿਆਂ ਤੋਂ ਇਲਾਵਾ ਕਿਸੇ ਵਿਦਿਆਰਥੀ ਨੂੰ ਨਾ ਸੱਦਣ ਦੀ ਸਖ਼ਤ ਹਦਾਇਤ

File

ਸੰਗਰੂਰ- ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਕੂਲ ਸਿਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸਮੂਹ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਮੈਨੇਜਮੈਂਟ ਕਮੇਟੀਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ 31 ਮਾਰਚ 2020 ਤਕ ਸਕੂਲਾਂ ਵਿਚ ਪੇਪਰਾਂ ਤੋਂ ਬਿਨਾਂ ਕਿਸੇ ਵੀ ਵਿਦਿਆਰਥੀ ਨੂੰ ਨਾ ਸੱਦਿਆ ਜਾਵੇ।

ਉਨ੍ਹਾਂ ਕਿਹਾ ਕਿ ਜੇ ਕਿਸੇ ਵੀ ਸਕੂਲ ਵਲੋਂ ਇਨ੍ਹਾਂ ਹੁਕਮਾਂ ਦੀ ਉਲੰਘਣਾ ਕੀਤੀ ਗਈ ਤਾਂ ਸਬੰਧਤ ਮੈਨੇਜਮੈਂਟ ਵਿਰੁਧ ਸਖ਼ਤ ਅਨੁਸ਼ਾਸਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਮੂਹ ਸਕੂਲ ਸਿਖਿਆ ਅਦਾਰੇ ਪੇਪਰਾਂ ਮੌਕੇ ਵੀ ਕੋਰੋਨਾ ਵਾਇਰਸ ਤੋਂ ਬਚਾਅ ਲਈ ਪੁਖ਼ਤਾ ਪ੍ਰਬੰਧ ਕਰਨੇ ਯਕੀਨੀ ਬਣਾਉਣਗੇ ਜਿਨ੍ਹਾਂ ਵਿਚ ਪੇਪਰ ਦੇਣ ਲਈ ਆਉਣ ਵਾਲੇ ਵਿਦਿਆਰਥੀਆਂ ਲਈ ਸਾਬਣ ਜਾਂ ਹੈਂਡਵਾਸ਼ ਨਾਲ ਹੱਥ ਧੋਣ ਦਾ ਪ੍ਰਬੰਧ ਸਭ ਤੋਂ ਅਹਿਮ ਹੈ।

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਅਦਾਰੇ ਸਕੂਲ ਦੀ ਸੁਚੱਜੀ ਸਫ਼ਾਈ ਕਰਵਾਉਣ ਲਈ ਵੀ ਪਾਬੰਦ ਹੋਣਗੇ ਅਤੇ ਵਿਸ਼ੇਸ਼ ਤੌਰ 'ਤੇ ਬਾਥਰੂਮ ਅਤੇ ਪਖ਼ਾਨਿਆਂ ਦੀ ਸਫ਼ਾਈ ਕੀਤੀ ਜਾਣੀ ਸਕੂਲਾਂ ਦੀ ਮੌਲਿਕ ਜ਼ਿੰਮੇਵਾਰੀ ਬਣਦੀ ਹੈ। ਸ੍ਰੀ ਸਿੰਗਲਾ ਨੇ ਸਕੂਲੀ ਵਿਦਿਆਰਥੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਅਪਣੇ ਸਾਥੀਆਂ ਨਾਲ ਹੱਥ ਮਿਲਾਉਣ ਤੋਂ ਪ੍ਰਹੇਜ਼ ਕਰਨ ਅਤੇ ਮੋਬਾਈਲ, ਕੰਪਿਊਟਰ ਜਾਂ ਅਜਿਹੇ ਹੋਰ ਉਪਕਰਨ ਵਰਤਣ ਤੋਂ ਬਾਅਦ ਹੱਥ ਚੰਗੀ ਤਰ੍ਹਾਂ ਧੋਣ ਤਾਂ ਜੋ ਇਸ ਵਾਇਰਸ ਦੇ ਸੰਪਰਕ ਵਿਚ ਆਉਣ ਤੋਂ ਬਚਿਆ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਇਸ ਨੂੰ ਫੈਲਣ ਤੋਂ ਰੋਕਣ ਲਈ ਲੋੜੀਂਦੇ ਅਗਾਊਂ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਸਮਾਜ ਦਾ ਅਹਿਮ ਹਿੱਸਾ ਹਨ।

ਅਤੇ ਉਨ੍ਹਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਤੇ ਸਿਖਿਆ ਵਿਭਾਗ ਵਲੋਂ ਹਰ ਲੋੜੀਂਦੀ ਸਾਵਧਾਨੀ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋੜੀਂਦੇ ਪ੍ਰਬੰਧਾਂ ਦੀ ਜਾਂਚ ਲਈ ਸਿਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਯਮਤ ਤੌਰ 'ਤੇ  ਸਕੂਲਾਂ ਦੀ ਜਾਂਚ ਕਰਨ ਦੀ ਵੀ ਹਦਾਇਤ ਕੀਤੀ ਗਈ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।