'ਆਪ' ਵਿਧਾਇਕ ਡਾ. ਇੰਦਰਬੀਰ ਨਿੱਜਰ ਬਣੇ ਚੀਫ਼ ਖ਼ਾਲਸਾ ਦੀਵਾਨ ਦੇ ਕਾਰਜਕਾਰੀ ਪ੍ਰਧਾਨ
ਪਹਿਲੇ ਪ੍ਰਧਾਨ ਨਿਰਮਲ ਸਿੰਘ ਦੇ ਦਿਹਾਂਤ ਤੋਂ ਬਾਅਦ ਲਿਆ ਗਿਆ ਫ਼ੈਸਲਾ
ਅੰਮ੍ਰਿਤਸਰ : ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਮੀਤ ਪ੍ਰਧਾਨ ਤੇ ਆਮ ਆਦਮੀ ਪਾਰਟੀ ਦੇ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਚੁਣੇ ਗਏ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਹੁਣ ਦੀਵਾਨ ਦੇ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ।
ਇਹ ਫੈਸਲਾ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਦੇ ਦਿਹਾਂਤ ਤੋਂ ਬਾਅਦ ਲਿਆ ਗਿਆ ਹੈ। ਦੱਸ ਦੇਈਏ ਕਿ ਕੁੱਝ ਦਿਨ ਪਹਿਲਾਂ ਨਿਰਮਲ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ ਜਿਸ ਤੋਂ ਬਾਅਦ ਹੁਣ ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਵਲੋਂ ਡਾ. ਇੰਦਰਬੀਰ ਸਿੰਘ ਨਿੱਜਰ ਕਾਰਜਕਾਰੀ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ।
ਦੱਸ ਦੇਈਏ ਕਿ ਮਰਹੂਮ ਨਿਰਮਲ ਸਿੰਘ 2019 ਵਿੱਚ ਪ੍ਰਧਾਨ ਬਣੇ ਸਨ ਅਤੇ ਮਜੀਠਾ-ਅਣਖੀ ਗਰੁੱਪ ਨਾਲ ਸਬੰਧ ਰੱਖਦੇ ਸਨ। ਉਹ 2019 ਤੋਂ ਚੀਫ਼ ਖ਼ਾਲਸਾ ਦੀਵਾਨ ਦੇ ਚੇਅਰਮੈਨ ਵਜੋਂ ਸੇਵਾ ਨਿਭਾ ਰਹੇ ਸਨ ਅਤੇ ਉਨ੍ਹਾਂ ਦਾ ਕਾਰਜਕਾਲ 2024 ਤੱਕ ਸੀ ਪਰ ਅਚਾਨਕ ਉਨ੍ਹਾਂ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਮੰਗਲਵਾਰ ਨੂੰ ਸਰਬਸੰਮਤੀ ਨਾਲ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਨਵਾਂ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ। ਡਾ. ਇੰਦਰਬੀਰ ਨਿੱਜਰ ਹੁਣ ਤੱਕ ਚੀਫ਼ ਖ਼ਾਲਸਾ ਦੀਵਾਨ ਦੇ ਮੀਤ ਪ੍ਰਧਾਨ ਵਜੋਂ ਕੰਮ ਕਰ ਰਹੇ ਸਨ ਅਤੇ ਹੁਣ ਅਗਲੇ ਦੋ ਸਾਲਾਂ ਲਈ ਡਾ. ਨਿੱਝਰ ਪ੍ਰਧਾਨ ਹੋਣਗੇ।