ਟਾਂਡਾ ਗਊ ਹੱਤਿਆ ਮਾਮਲਾ - ਪੁਲਿਸ ਨੇ ਮੁਲਜ਼ਮਾਂ ਦਾ ਲਿਆ 3 ਦਿਨਾਂ ਦਾ ਰਿਮਾਂਡ, ਇਕ ਹੋਰ ਗ੍ਰਿਫ਼ਤਾਰ  

ਏਜੰਸੀ

ਖ਼ਬਰਾਂ, ਪੰਜਾਬ

ਕਾਬੂ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਉਨ੍ਹਾਂ ਦੇ ਸਾਥੀਆਂ ਦੀ ਪਛਾਣ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਇਲਾਕਿਆਂ ’ਚ ਛਾਪੇਮਾਰੀ ਕੀਤੀ ਜਾ ਰਹੀ ਹੈ।

Tanda cow slaughter case: Police remanded the accused for 3 days, another arrested

 

ਟਾਂਡਾ ਉੜਮੁੜ : ਟਾਂਡਾ ’ਚ ਪਿਛਲੇ ਦਿਨੀਂ ਗਊ ਕਤਲ ਕਾਂਡ ’ਚ ਸ਼ਾਮਲ ਇਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ’ਚ ਪੁਲਿਸ ਕਾਮਯਾਬ ਹੋਈ ਹੈ। ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਰੇਲਵੇ ਪੁਲਿਸ ਤੇ ਜ਼ਿਲ੍ਹਾ ਪੁਲਿਸ ਦੀ ਮਦਦ ਨਾਲ ਛਾਪੇਮਾਰੀ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਪੁਲਿਸ ਮੁਖੀ ਧਰੁਮਨ ਐੱਚ. ਨਿੰਬਲ ਵੱਲੋਂ ਜਾਰੀ ਪ੍ਰੈੱਸ ਨੋਟ ਰਾਹੀਂ ਟਾਂਡਾ ਦੇ ਗਊ ਕਤਲਕਾਂਡ ਦੇ ਦੋਸ਼ੀ ਸੁਖਜਿੰਦਰ ਸਿੰਘ ਹੈਪੀ ਪੁੱਤਰ ਸੁਰਜੀਤ ਸਿੰਘ ਦੇ ਨਾਲ ਉਸ ਦੀ ਮਹਿੰਦਰਾ ਬੋਲੈਰੋ ਗੱਡੀ ਵੀ ਬਰਾਮਦ ਕੀਤੀ ਗਈ ਹੈ ।

ਇਸ ਦੌਰਾਨ ਇੰਸਪੈਕਟਰ ਰੇਲਵੇ ਪੁਲਿਸ ਬਲਵੀਰ ਸਿੰਘ ਦੀ ਅਗਵਾਈ 'ਚ ਕਾਬੂ ਕੀਤੇ ਗਏ ਮੁਲਜ਼ਮ ਸਾਵਨ, ਸਤਪਾਲ, ਸੁਰਜੀਤ ਲਾਲ, ਜੀਵਨ ਅਲੀ, ਕਮਲਜੀਤ ਕੌਰ, ਸਲਮਾ, ਅਨਬਰ ਹੁਸੈਨ ਨੂੰ ਅੱਜ ਸਖ਼ਤ ਸੁਰੱਖਿਆ ਵਿਚਕਾਰ ਮਾਣਯੋਗ ਜੱਜ ਪਰਮਿੰਦਰ ਕੌਰ ਦੀ ਅਦਾਲਤ ’ਚ ਪੇਸ਼ ਕੀਤਾ ਗਿਆ, ਜਿਥੋਂ ਪੁਲਿਸ ਨੇ ਮੁਲਜ਼ਮਾਂ ਤੋਂ ਪੁੱਛਗਿੱਛ ਲਈ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।

ਇਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਸ ਘਟਨਾ ’ਚ ਸ਼ਾਮਲ ਹੋਰ ਮੁਲਜ਼ਮਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਉਨ੍ਹਾਂ ਦੇ ਸਾਥੀਆਂ ਦੀ ਪਛਾਣ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਇਲਾਕਿਆਂ ’ਚ ਛਾਪੇਮਾਰੀ ਕੀਤੀ ਜਾ ਰਹੀ ਹੈ।