ਬੇਅਦਬੀ ਗੋਲੀਕਾਂਡ 'ਚ ਨਾਮਜ਼ਦ ਪੁਲਿਸ ਅਧਿਕਾਰੀਆਂ ਖਿਲਾਫ਼ ਚਾਰਜਸ਼ੀਟ ਤਿਆਰ
ਐਸਆਈਟੀ ਲਈ 27 ਅ੍ਰਪੈਲ ਤੋਂ ਪਹਿਲਾਂ ਗੋਲੀਕਾਂਡ ਮਾਮਲੇ ਵਿਚ ਅਦਾਲਤ ਚ ਦੋਸ਼ ਪੱਤਰ ਪੇਸ਼ ਕਰਨੇ ਲਾਜ਼ਮੀ ਹਨ
ਫ਼ਰੀਦਕੋਟ- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਬਹਿਬਲ ਕਲਾਂ ਗੋਲੀਕਾਂਡ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਨੇ ਪੰਜ ਪੁਲਿਸ ਅਧਿਕਾਰੀਆਂ ਖਿਲਾਫ਼ ਚਾਰਜਸ਼ੀਟ ਤਿਆਰ ਕਰ ਲਈ ਹੈ। ਐਸਆਈਟੀ ਲਈ 27 ਅ੍ਰਪੈਲ ਤੋਂ ਪਹਿਲਾਂ ਗੋਲੀਕਾਂਡ ਮਾਮਲੇ ਵਿਚ ਅਦਾਲਤ ਚ ਦੋਸ਼ ਪੱਤਰ ਪੇਸ਼ ਕਰਨੇ ਲਾਜ਼ਮੀ ਹਨ। ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਮਗਰੋਂ ਕਾਇਮ ਕੀਤੀ ਇਸ ਐਸਆਈਟੀ ਨੇ ਛੇ ਮਹੀਨੇ ਲੰਬੀ ਪੜਤਾਲ ਮਗਰੋਂ ਇਸ ਦੋਸ਼ ਪੱਤਰ ਨੂੰ ਸਰਕਾਰੀ ਵਕੀਲਾਂ ਦੀ ਸਲਾਹ ਮਗਰੋਂ ਫ਼ਰੀਦਕੋਟ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ।
ਐਸਆਈਟੀ ਨੇ ਬਹਿਬਲ ਕਲਾਂ ਗੋਲ਼ੀਕਾਂਡ ਵਿਚ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਤੇ ਗੁਰਜੀਤ ਸਿੰਘ ਦੇ ਕਤਲ ਮਾਮਲੇ ਵਿਚ ਬਾਜਾਖਾਨਾ ਥਾਣੇ ਵਿਚ ਦਰਜ ਹੋਈ ਐਫਆਈਆਰ ਨੰਬਰ 130, 302, 307, 201, 120-ਬੀ ਤੇ ਅਸਲਾ ਐਕਟ ਵਿਚ ਪੰਜਾਬ ਦੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐਸਐਸਪੀ ਚਰਨਜੀਤ ਸ਼ਰਮਾ, ਐਸਪੀ ਬਿਕਰਮਜੀਤ ਸਿੰਘ, ਇੰਸਪੈਕਟਰ ਪਰਦੀਪ ਸਿੰਘ ਤੇ ਬਾਜਾਖਾਨਾ ਦੇ ਸਾਬਕਾ ਐਸਐਚਓ ਅਮਰਜੀਤ ਸਿੰਘ ਕੁਲਾਰ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਪੁਲਿਸ ਜਿਹੜੀ ਚਾਰਜਸ਼ੀਟ ਅਦਾਲਤ ਵਿਚ ਪੇਸ਼ ਕਰਨ ਜਾ ਰਹੀ ਹੈ।
ਉਸ ਵਿਚ 160 ਦੇ ਕਰੀਬ ਗਵਾਹਾਂ ਦੀ ਸੂਚੀ ਤਿਆਰ ਕੀਤੀ ਗਈ ਹੈ ਤੇ ਅੱਧੀ ਦਰਜਨ ਸਰਕਾਰੀ ਵਾਹਨਾਂ ਨੂੰ ਸਬੂਤ ਵਜੋਂ ਕਬਜ਼ੇ ਵਿਚ ਲਿਆ ਗਿਆ ਹੈ। ਸਰਕਾਰੀ ਹਥਿਆਰਾਂ ਤੇ ਕਾਰਤੂਸਾਂ ਨੂੰ ਵੀ ਅਦਾਲਤ ਵਿਚ ਸਬੂਤ ਵਜੋਂ ਪੇਸ਼ ਕੀਤਾ ਜਾਵੇਗਾ। ਜਾਂਚ ਟੀਮ ਬਹਿਬਲ ਕਲਾਂ ਕਾਂਡ ਵਿਚ ਚਲਾਣ ਪੇਸ਼ ਕਰਨ ਤੋਂ ਪਹਿਲਾਂ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛ-ਪੜਤਾਲ ਕਰਨਾ ਚਾਹੁੰਦੀ ਸੀ ਪਰ ਹਰਿਆਣਾ ਸਰਕਾਰ ਵੱਲੋਂ ਸਹਿਯੋਗ ਨਾ ਮਿਲਣ ਕਾਰਨ ਇਹ ਸਫ਼ਲ ਨਾ ਹੋ ਸਕਿਆ।
ਦੱਸ ਦਈਏ ਕਿ 14 ਅਕਤੂਬਰ 2015 ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਲੋਕਾਂ ਵਿਚੋਂ ਦੋ ਨੌਜਵਾਨ ਪੁਲਿਸ ਫਾਇਰਿੰਗ ਵਿੱਚ ਮਾਰੇ ਗਏ ਸਨ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ ਵਿੱਚ ਬਹਿਬਲ ਕਲਾਂ ਅਤੇ ਬਰਗਾੜੀ ਵਿੱਚ ਲੋਕ ਧਰਨਾ ਦੇ ਰਹੇ ਸਨ। ਐਸਆਈਟੀ ਨੇ ਇਸ ਸਾਲ ਫਰਵਰੀ ਵਿੱਚ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ।