UK ਦੇ ਸਿੱਖ MP ਤਨਮਨਜੀਤ ਸਿੰਘ ਢੇਸੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਾਲੀ ਸੂਚੀ ਵਿਚ ਪਾਏ ਗਏ ਵਿਅਕਤੀਆਂ ਅਤੇ ਲੰਮੇ ਸਮੇਂ ਤੋਂ ਬੰਦ ਸਿਆਸੀ ਕੈਦੀਆਂ ਬਾਰੇ ਵਿਚਾਰ ਚਰਚਾ ਕੀਤੀ। 

UK Sikh MP Tanmanjit Singh Dhesi meets Chief Minister Bhagwant Mann

 

ਚੰਡੀਗੜ੍ਹ: ਇੰਗਲੈਂਡ ਵਿਚ ਸਿੱਖ ਐਮਪੀ ਤਨਮਨਜੀਤ ਸਿੰਘ ਢੇਸੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਹਨਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਦੌਰਾਨ ਉਹਨਾਂ ਨੇ ਮੁੱਖ ਮੰਤਰੀ ਨਾਲ ਪ੍ਰਵਾਸੀ ਪੰਜਾਬੀਆਂ ਦੇ ਮੁੱਦਿਆਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ। ਮੁਲਾਕਾਤ ਦੀਆਂ ਤਸਵੀਰਾਂ ਫੇਸਬੁੱਕ ’ਤੇ ਸਾਂਝੀਆਂ ਕਰਦਿਆਂ ਢੇਸੀ ਨੇ ਕਿਹਾ ਕਿ ਅਸੀਂ ਪ੍ਰਵਾਸੀ ਪੰਜਾਬੀਆਂ ਨੂੰ ਪ੍ਰਭਾਵਿਤ ਕਰਨ ਵਾਲੇ ਮਾਮਲਿਆਂ, ਜਿਨ੍ਹਾਂ ਵਿਚ ਜ਼ਮੀਨੀ ਵਿਵਾਦ ਦੇ ਕੇਸਾਂ, ਕਾਲੀ ਸੂਚੀ ਵਿਚ ਪਾਏ ਗਏ ਵਿਅਕਤੀਆਂ ਅਤੇ ਲੰਮੇ ਸਮੇਂ ਤੋਂ ਬੰਦ ਸਿਆਸੀ ਕੈਦੀਆਂ ਬਾਰੇ ਵਿਚਾਰ ਚਰਚਾ ਕੀਤੀ। 

ਉਹਨਾਂ ਕਿਹਾ ਕਿ ਅਸੀਂ ਵਧੇਰੇ ਸੰਪਰਕ ਲਈ, ਖਾਸ ਤੌਰ 'ਤੇ ਲੰਡਨ, ਬਰਮਿੰਘਮ ਅਤੇ ਹੋਰ ਪ੍ਰਮੁੱਖ ਗਲੋਬਲ ਸ਼ਹਿਰਾਂ ਤੋਂ ਅੰਮ੍ਰਿਤਸਰ ਅਤੇ ਚੰਡੀਗੜ੍ਹ ਦੋਵਾਂ ਲਈ ਰੋਜ਼ਾਨਾ ਸਿੱਧੀਆਂ ਉਡਾਣਾਂ ਰਾਹੀਂ ਕਾਰਗੋ, ਵਪਾਰ ਅਤੇ ਸੈਰ-ਸਪਾਟਾ ਵਧਾਉਣ ਦੇ ਮਹੱਤਵ ਵਿਸ਼ੇ ਬਾਰੇ ਵੀ ਚਰਚਾ ਕੀਤੀ। ਉਹਨਾਂ ਕਿਹਾ ਕਿ ਪ੍ਰਵਾਸੀ ਭਾਰਤੀ ਆਪਣੀ ਵਿਰਾਸਤ ਦੀ ਧਰਤੀ ਨੂੰ ਵਧਦਾ-ਫੁੱਲਦਾ ਦੇਖਣਾ ਚਾਹੁੰਦੇ ਹਨ ਅਤੇ ਇਸ ਵਿਚ ਯੋਗਦਾਨ ਪਾਉਣਾ ਚਾਹੁੰਦੇ ਹਨ। ਮੁੱਖ ਮੰਤਰੀ ਦੇ ਵਿਦੇਸ਼ ਦੌਰਿਆਂ ਤੋਂ ਪ੍ਰਾਪਤ ਹੋਏ ਵਿਆਪਕ ਗਿਆਨ ਦੇ ਮੱਦੇਨਜ਼ਰ, ਮੁੱਖ ਮੰਤਰੀ ਨੇ ਮੈਨੂੰ ਭਰੋਸਾ ਦਿਵਾਇਆ ਕਿ ਉਹ ਇਹਨਾਂ ਮੁੱਦਿਆਂ ਨੂੰ ਹੱਲ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕਰਨਗੇ, ਜਿਸ ਨਾਲ ਬਿਨ੍ਹਾਂ ਸ਼ੱਕ ਸਹਿਯੋਗ ਅਤੇ ਤਰੱਕੀ ਵਿਚ ਵਾਧਾ ਹੋਵੇਗਾ।

ਇਸ ਮੁਲਾਕਾਤ ਦੌਰਾਨ ਉਹਨਾਂ ਦੇ ਨਾਲ ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵੀ ਸ਼ਾਮਲ ਸਨ। UK ਦੇ ਸਿੱਖ MP ਤਨਮਨਜੀਤ ਸਿੰਘ ਢੇਸੀ ਅਪਣੇ ਪਰਿਵਾਰ ਸਮੇਤ ਕੁੱਝ ਦਿਨਾਂ ਤੋਂ ਪੰਜਾਬ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਉਹ ਸ੍ਰੀ ਦਰਬਾਰ ਸਾਹਿਬ ਵੀ ਨਤਮਸਤਕ ਹੋਏ ਤੇ ਉਹਨਾਂ ਨੂੰ ਬੀਤੇ  ਦਿਨੀਂ ਕਿਸਾਨ ਯੂਨੀਅਨਾਂ ਵੱਲੋਂ ਇੰਗਲੈਂਡ ਦੀ ਸੰਸਦ ਵਿਚ ਕਿਸਾਨ ਅੰਦੋਲਨ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨ ਲਈ ਸਨਮਾਨਿਤ ਵੀ ਕੀਤਾ ਗਿਆ ਸੀ।