Amritsar News : 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਪਾਹੀ ਕਾਬੂ
Amritsar News : ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ ਪਹਿਲਾਂ ਲਏ ਸੀ 50,000 ਰੁਪਏ
Amritsar News in Punjabi : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੀ.ਆਈ.ਏ.-2 ਸਟਾਫ਼, ਅੰਮ੍ਰਿਤਸਰ ਵਿਖੇ ਤਾਇਨਾਤ ਸਿਪਾਹੀ ਆਦਰਸ਼ਦੀਪ ਸਿੰਘ ਨੂੰ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ।
ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤ ਅਨੁਸਾਰ ਮੁਲਜ਼ਮ ਸਿਪਾਹੀ ਨੇ ਆਪਣੇ ਗੁਆਂਢੀ ਕਿਸ਼ਨ ਕੁਮਾਰ ਵਿਰੁੱਧ ਐਫ.ਆਈ.ਆਰ. ਦਰਜ ਨਾ ਕਰਨ ਬਦਲੇ 60,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸਦਾ ਗੁਆਂਢੀ ਕਿਸ਼ਨ ਕੁਮਾਰ ਪਹਿਲਾਂ ਨਸ਼ਾ ਤਸਕਰੀ ਵਿੱਚ ਸ਼ਾਮਲ ਸੀ ਪਰ ਪੁਲਿਸ ਦੀ ਸਖ਼ਤ ਨਿਗਰਾਨੀ ਅਤੇ ਕਾਰਵਾਈ ਕਾਰਨ ਉਹ ਸੁਧਰ ਗਿਆ ਅਤੇ ਹੁਣ ਉਹ ਇੱਕ ਨਿੱਜੀ ਸੁਰੱਖਿਆ ਗਾਰਡ ਵਜੋਂ ਕੰਮ ਕਰ ਰਿਹਾ ਹੈ। ਸੀਆਈਏ-2, ਅੰਮ੍ਰਿਤਸਰ ਦੇ ਪੁਲਿਸ ਮੁਲਾਜ਼ਮਾਂ ਨੇ ਕਿਸ਼ਨ ਕੁਮਾਰ ਦੇ ਘਰ ਛਾਪਾ ਮਾਰਿਆ ਸੀ ਪਰ ਉਨ੍ਹਾਂ ਨੂੰ ਉੱਥੋਂ ਕੁਝ ਵੀ ਗੈਰ-ਕਾਨੂੰਨੀ ਨਹੀਂ ਮਿਲਿਆ।
ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਇਸ ਸਬੰਧੀ ਰਿਸ਼ਵਤ ਵਜੋਂ ਪਹਿਲਾਂ ਹੀ 50,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਉਪਰੰਤ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
(For more news apart from Vigilance Bureau arrests constable on charges of demanding bribe of Rs 60,000 News in Punjabi, stay tuned to Rozana Spokesman)