ਪੰਜਾਬ ਵਿਚ ਪਿਛਲੇ 3 ਮਹੀਨਿਆਂ 'ਚ 70 ਸਾਲਾਂ ਨਾਲੋਂ ਜ਼ਿਆਦਾ ਕੰਮ ਹੋਏ- ਅਰਵਿੰਦ ਕੇਜਰੀਵਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ- ਪਿਛਲੀਆਂ ਸਰਕਾਰਾਂ ਨੇ ਗੈਂਗਸਟਰ ਪਾਲ਼ੇ ਪਰ ਹੁਣ ਗੈਂਗਸਟਰਾਂ ਨੂੰ ਸ਼ਹਿ ਦੇਣ ਵਾਲਾ ਸਰਕਾਰ 'ਚ ਕੋਈ ਨਹੀਂ

Arvind Kejriwal


ਜਲੰਧਰ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਦਿੱਲੀ ਏਅਰਪੋਰਟ ਨੂੰ ਜਾਣ ਵਾਲੀਆਂ ਪੰਜਾਬ ਰੋਡਵੇਜ਼ ਦੀਆਂ ਵਾਲਵੋ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੌਰਾਨ ਉਹਨਾਂ ਨੇ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਤੱਕ ਕੁੱਲ 55 ਵਾਲਵੋ ਬੱਸਾਂ ਚਲਾਉਣ ਦਾ ਐਲਾਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕਾਂ ਨੂੰ ਹੁਣ ਮਾਫੀਆ ਦਾ ਸ਼ਿਕਾਰ ਨਹੀਂ ਹੋਣਾ ਪਵੇਗਾ। ਪੰਜਾਬ ਵਿਚ ਪਹਿਲਾਂ ਸਰਕਾਰ ਅਤੇ ਮਾਫੀਆ ਮਿਲ ਕੇ ਲੋਕਾਂ ਨੂੰ ਲੁੱਟ ਰਹੇ ਸਨ ਪਰ ਹੁਣ ਸੂਬੇ ਵਿਚ ਇਮਾਨਦਾਰ ਸਰਕਾਰ ਆ ਗਈ ਹੈ।

Arvind Kejriwal

ਉਹਨਾਂ ਕਿਹਾ ਕਿ ਪੰਜਾਬ ਵਿਚ ਅੱਜ ਵੀ ਅਫਸਰ ਉਹੀ ਹਨ, ਸਿਰਫ ਲੀਡਰਸ਼ਿਪ ਬਦਲੀ ਹੈ, ਜਿਸ ਦਾ ਨਤੀਜਾ ਤੁਹਾਡੇ ਸਾਹਮਣੇ ਹੈ। ਵਿਰੋਧੀਆਂ ਨੂੰ ਸਵਾਲ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਪੁੱਛਿਆ ਕਿ ਕੀ ਭਗਵੰਤ ਮਾਨ ਗੈਂਗਸਟਰਾਂ ਨੂੰ ਆਪਣੇ ਨਾਲ ਲੈ ਕੇ ਆਏ ਹਨ? ਉਹਨਾਂ ਕਿਹਾ ਕਿ ਪੰਜਾਬ ਦੇ ਸਾਰੇ ਗੈਂਗਸਟਰ ਪਿਛਲੀਆਂ ਸਰਕਾਰਾਂ ਦੀ ਦੇਣ ਹੈ। ਪਿਛਲੀਆਂ ਸਰਕਾਰਾਂ ਨੇ ਗੈਂਗਸਟਰ ਪਾਲ਼ੇ ਪਰ ਹੁਣ ਗੈਂਗਸਟਰਾਂ ਨੂੰ ਸ਼ਹਿ ਦੇਣ ਵਾਲਾ ਸਰਕਾਰ 'ਚ ਕੋਈ ਨਹੀਂ ਹੈ। ਗੈਂਗਸਟਰਾਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਤੇ ਲਾਰੈਂਸ ਬਿਸ਼ਨੋਈ ਨੂੰ ਸਾਡੀ ਸਰਕਾਰ ਹੀ ਪੰਜਾਬ ਲੈ ਕੇ ਆਈ ਹੈ।

Arvind Kejriwal and CM Bhagwant Mann flag off Jalandhar-Delhi airport Volvo bus services

ਭਗਵੰਤ ਮਾਨ ਦੀ ਤਾਰੀਫ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਤਿੰਨ ਮਹੀਨਿਆਂ 'ਚ ਭ੍ਰਿਸ਼ਟਾਚਾਰ ਖਿਲਾਫ਼ ਸਖਤ ਫੈਸਲੇ ਲਏ ਹਨ। ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਸ਼ੁਰੂ ਕੀਤੀ ਗਈ ਸੀ, ਜਿਸ ਤੋਂ ਬਾਅਦ ਸਰਕਾਰੀ ਦਫ਼ਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਈ ਹੈ। ਉਹਨਾਂ ਕਿਹਾ ਕਿ ਇਮਾਨਦਾਰ ਮੁੱਖ ਮੰਤਰੀ ਨੇ ਪੰਜਾਬ ਦੇ ਸਿਸਟਮ ਨੂੰ ਵੀ ਇਮਾਨਦਾਰ ਬਣਾ ਦਿੱਤਾ ਹੈ। ਇਤਿਹਾਸ ਵਿਚ ਪਹਿਲੀ ਵਾਰ ਕਿਸੇ ਸਰਕਾਰ ਨੇ ਆਪਣੇ ਹੀ ਮੰਤਰੀ ਨੂੰ ਜੇਲ੍ਹ ਭੇਜਿਆ ਹੈ। ਸਭ ਨੂੰ ਪਤਾ ਲੱਗ ਗਿਆ ਹੈ ਕਿ ਹੁਣ ਪੰਜਾਬ ਵਿਚ ਭ੍ਰਿਸ਼ਟਾਚਾਰ ਨਹੀਂ ਚੱਲੇਗਾ।

Arvind Kejriwal

ਉਹਨਾਂ ਕਿਹਾ ਕਿ ਹੁਣ ਪੰਜਾਬ ਵਿਚ ਕੋਈ ਵੀ ਅਪਰਾਧ ਹੁੰਦਾ ਹੈ ਤਾਂ ਦੋਸ਼ੀ ਫੜਿਆ ਜਾਂਦਾ ਹੈ। ਉਹਨਾਂ ਕਿਹਾ ਕਿ ਅਸੀਂ ਆਪਣੀ ਹਰ ਗਾਰੰਟੀ ਪੂਰੀ ਕਰਾਂਗੇ। ਪੰਜਾਬ ਨੂੰ ਜਲਦ ਹੀ 'ਰੰਗਲਾ ਪੰਜਾਬ' ਬਣਾਇਆ ਜਾਵੇਗਾ। ਅਸੀਂ ਪੰਜਾਬ ਦੇ ਲੋਕਾਂ ਦੀ ਹਰ ਉਮੀਦ 'ਤੇ ਖਰਾ ਉਤਰਾਂਗੇ। ਕੇਜਰੀਵਾਲ ਨੇ ਕਿਹਾ ਕਿ 70 ਸਾਲਾਂ ਦੀ ਗੰਦਗੀ ਨੂੰ ਸਾਫ ਕਰਨ 'ਚ ਕੁਝ ਸਮਾਂ ਲੱਗੇਗਾ।