ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ਵਿਚ ਲਹਿਰਾਇਆ ਤਿਰੰਗਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ - ਉਨ੍ਹਾਂ ਦੀ ਸਰਕਾਰ ਨੇ ਆਪਣੇ ਵਾਅਦੇ ਮੁਤਾਬਕ ਕਿਸਾਨ ਖ਼ੁਦਕੁਸ਼ੀਆਂ ਰੋਕਣ ਲਈ ਕਿਸਾਨਾਂ ਦੇ ਕਰਜ਼ੇ ਮਾਫ਼ ਕੀਤੇ

Chief Minister Capt Amarinder Singh hoist flag in Jalandhar

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 73ਵੇਂ ਆਜ਼ਾਦੀ ਦਿਵਸ ਮੌਕੇ ਜਲੰਧਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ ਸੂਬਾ ਸਮਾਰੋਹ ਦੌਰਾਨ ਦੇਸ਼ ਦਾ ਤਿਰੰਗਾ ਝੰਡਾ ਲਹਿਰਾਇਆ ਤੇ ਸਲਾਮੀ ਗਾਰਦ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਕੁਝ ਵਿਧਾਇਕ, ਡੀਜੀਪੀ ਸ੍ਰੀ ਦਿਨਕਰ ਗੁਪਤਾ ਤੇ ਉੱਚ ਅਧਿਕਾਰੀ ਵੀ ਮੌਜੂਦ ਸਨ। ਮਾਰਚ ਪਾਸਟ ਦੌਰਾਨ ਪੰਜਾਬ ਪੁਲਿਸ, ਆਈਟੀਬੀਪੀ, ਰਾਜਸਥਾਨ ਪੁਲਿਸ, ਪੰਜਾਬ ਆਰਮਡ ਪੁਲ਼ਿਸ, ਹੋਮਗਾਰਡ, ਐਨਸੀਸੀ, ਸਕਾਊਟ ਐਂਡ ਗਾਈਡ, ਜੀਓਜੀ ਅਤੇ ਫ਼ੌਜ ਤੇ ਪੁਲ਼ਿਸ ਦੇ ਬੈਂਡ ਨੇ ਸਲਾਮੀ ਦਿੱਤੀ।

ਮੁੱਖ ਮੰਤਰੀ ਕੈਪਟਨ ਨੇ ਆਪਣੇ ਸੰਬੋਧਨ ਵਿਚ ਆਪਣੀ ਸਰਕਾਰ ਵੱਲੋਂ ਪਿਛਲੇ ਸਾਲਾਂ ਦੌਰਾਨ ਕੀਤੇ ਗਏ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਆਪਣੇ ਵਾਅਦੇ ਮੁਤਾਬਕ ਕਿਸਾਨ ਖ਼ੁਦਕੁਸ਼ੀਆਂ ਰੋਕਣ ਲਈ ਕਿਸਾਨਾਂ ਦੇ ਕਰਜ਼ੇ ਮਾਫ਼ ਕੀਤੇ ਹਨ। ਉਨ੍ਹਾਂ ਰੁਜ਼ਗਾਰ ਮੇਲਿਆਂ ਵਿਚ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਨੌਕਰੀਆਂ ਦਾ ਜ਼ਿਕਰ ਕਰਦਿਆਂ ਅਗਲੇ ਮਹੀਨੇ ਤੋਂ ਹੋਰ ਰੁਜ਼ਗਾਰ ਮੇਲੇ ਲਾਉਣ ਦਾ ਐਲਾਨ ਕੀਤਾ।

ਮੁੱਖ ਮੰਤਰੀ ਕੈਪਟਨ ਨੇ ਸੂਬਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਦੇਸ਼ ਵਿਰੋਧੀ ਤਾਕਤਾਂ ਦਾ ਡਟ ਕੇ ਵਿਰੋਧ ਕਰਨ ਅਤੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਦੇਸ਼ ਭਗਤਾਂ ਦੇ ਸੁਪਨਿਆਂ ਦਾ ਭਾਰਤ ਸਿਰਜਣ। ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਵਿਅਕਤੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾl ਇਸ ਤੋਂ ਇਲਾਵਾ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਮੁੱਖ ਮੰਤਰੀ ਮੈਡਲ ਵੀ ਪ੍ਰਦਾਨ ਕੀਤੇ। ਵੱਖ-ਵੱਖ ਵਿਭਾਗਾਂ ਵੱਲੋਂ ਝਾਕੀਆਂ ਕੱਢੀਆਂ ਗਈਆਂ l ਸਕੂਲੀ ਬੱਚਿਆਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ।