ਕਾਂਗਰਸ ਨੇ ਅਕਾਲੀ ਦਲ ਦੀ ਰੈਲੀ 'ਤੇ ਪਾਬੰਦੀ ਲਾ ਕੇ ਲੋਕਤੰਤਰ ਦਾ ਕਤਲ ਕੀਤਾ : ਬਾਦਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਵਲੋਂ 16 ਸਤੰਬਰ ਨੂੰ ਫਰੀਦਕੋਟ ਵਿਖੇ ਕੀਤੀ ਜਾਣ ਵਾਲੀ ਪੋਲ ਖੋਲ• ਰੈਲੀ ਦੇ ਮਾਮਲੇ 'ਤੇ ਸਰਕਾਰ ਨੂੰ ਘੇਰਨ ਦਾ ਫ਼ੈਸਲਾ ਲਿਆ ਹੈ.....

Parkash Singh Badal and Sukhbir Singh Badal During Press Conference

ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਵਲੋਂ 16 ਸਤੰਬਰ ਨੂੰ ਫਰੀਦਕੋਟ ਵਿਖੇ ਕੀਤੀ ਜਾਣ ਵਾਲੀ ਪੋਲ ਖੋਲ• ਰੈਲੀ ਦੇ ਮਾਮਲੇ 'ਤੇ ਸਰਕਾਰ ਨੂੰ ਘੇਰਨ ਦਾ ਫ਼ੈਸਲਾ ਲਿਆ ਹੈ। ਅੱਜ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਮਾਲਵਾ ਪੱਟੀ ਦੇ ਅਕਾਲੀ ਆਗੂਆਂ ਨਾਲ ਦੀ ਹੋਈ ਕਈ ਘੰਟਿਆਂ ਦੀ ਮੀਟਿੰਗ ਤੋਂ ਬਾਅਦ ਬਾਦਲਾਂ ਵਲੋਂ ਅਦਾਲਤ ਦੀ ਇਜਾਜਤ ਤੋਂ ਇਥੇ ਹੀ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਇਹ ਫ਼ੈਸਲਾ ਗਰਮਖਿਆਲੀਆਂ ਦੇ ਦਬਾਅ ਹੇਠ ਆ ਕੇ ਲਿਆ ਹੈ ਜੋ ਪੰਜਾਬ ਦੀ ਅਮਨ ਤੇ ਸ਼ਾਂਤੀ ਨੂੰ ਮੁੜ ਭੰਗ ਕਰਨਾ ਚਾਹੁੰਦੇ ਹਨ।

ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ ਦੇ ਘਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ, ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਮਨਤਾਰ ਸਿੰਘ ਬਰਾੜ, ਸਰੂਪ ਸਿੰਗਲਾ, ਬੰਟੀ ਰੋਮਾਣਾ ਸਹਿਤ ਕਈ ਹੋਰ ਅਕਾਲੀ ਆਗੂ ਹਾਜ਼ਰ ਸਨ। ਮੀਟਿੰਗ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਠਿੰਡਾ ਪ੍ਰੈਸ ਕਲੱਬ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ ਰੈਲੀ 'ਤੇ ਰੋਕ ਦੇ ਫ਼ੈਸਲੇ ਨੂੰ ਕਾਂਗਰਸ ਵਲੋਂ ਲੋਕਤੰਤਰ ਦਾ ਗਲਾ ਘੁੱਟਣ ਦੇ ਬਰਾਬਰ ਕਰਾਰ ਦਿਤਾ।

ਉਨ੍ਹਾਂ ਸਰਕਾਰ ਦੇ ਇਸ ਫ਼ੈਸਲੇ ਵਿਰੁਧ ਸ਼ਾਂਤਮਈ ਰੈਲੀ ਕਰਨ ਲਈ ਅਕਾਲੀ ਦਲ ਵਲੋਂ ਭਲਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਜਾਣ ਦਾ ਫ਼ੈਸਲਾ ਕੀਤਾ ਹੈ। ਪਰਕਾਸ਼ ਸਿੰਘ ਬਾਦਲ ਨੇ ਦੋਸ਼ ਲਗਾਇਆ ਕਿ ਸਰਕਾਰ ਦਾ ਫ਼ੈਸਲਾ ਐਮਰਜੈਂਸੀ ਦੇ ਦਿਨਾਂ ਵਾਲੇ ਦਮਨ ਅਤੇ ਤਾਨਾਸ਼ਾਹੀ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਦੀ ਤਰ੍ਹਾਂ ਕੈਪਟਨ ਹੁਣ ਦੂਜੀ ਵਾਰ ਫ਼ਿਰ ਬੇਅਦਬੀ ਕਾਂਡ ਨੂੰ ਮੋਹਰਾ ਬਣਾ ਕੇ ਸ਼੍ਰੋਮਣੀ ਕਮੇਟੀ ਤੇ ਤਖ਼ਤਾਂ ਉਪਰ ਕਬਜ਼ਾ ਕਰਨਾ ਚਾਹੁੰਦੇ ਹਨ,

ਜਿਸਨੂੰ ਕਿਸੇ ਵੀ ਕੀਮਤ 'ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਉਹ ਕਾਂਗਰਸ ਵਲੋਂ ਅਪਣਾਏ ਜਾ ਰਹੇ ਹੱਥਕੰਡਿਆਂ ਤੋਂ ਬਾਅਦ ਹੁਣ ਟਿਕ ਕੇ ਘਰ ਨਹੀਂ ਬੈਠਣਗੇ, ਬਲਕਿ ਕਾਂਗਰਸੀਆਂ ਨੂੰ ਪੂਰੀ ਤਾਕਤ ਨਾਲ ਜਵਾਬ ਦਿਤਾ ਜਾਵੇਗਾ। 

ਸਰਕਾਰ ਤੋਂ ਨਾ ਕਦੇ ਸੁਰੱਖਿਆ ਮੰਗੀ ਹੈ, ਨਾ ਹੀ ਮੰਗਾਂਗੇ : ਬਾਦਲ
ਬਠਿੰਡਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਮੀਡੀਆ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਉਨ੍ਹਾਂ ਲਈ ਗੱਡੀਆਂ ਖ਼ਰੀਦਣ ਤੋਂ ਇਨਕਾਰ ਕਰਨ ਦੀਆਂ ਖ਼ਬਰਾਂ 'ਤੇ ਪ੍ਰਤੀਕ੍ਰਮ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਪੰਜਾਬ ਸਰਕਾਰ ਤੋਂ ਸੁਰਖਿਆ ਦੀ ਮੰਗ ਨਹੀਂ ਕੀਤੀ ਅਤੇ ਨਾ ਹੀ ਕਦੇ ਮੰਗਣਗੇ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਘਟੀਆ ਵਤੀਰੇ ਦੀ ਨੁਮਾਇਸ਼ ਕਰਦਾ ਹੋਇਆ ਅਜਿਹਾ ਪ੍ਰਚਾਰ ਕਰ ਰਿਹਾ ਹੈ ਕਿ ਉਸ ਨੇ ਬਾਦਲਾਂ ਨੂੰ ਸੁਰੱਖਿਆ ਦੇਣ ਤੋਂ ਇਨਕਾਰ ਕਰ ਦਿਤਾ ਹੈ।

ਸੁਖਬੀਰ ਬਾਦਲ ਨੇ ਦਸਿਆ ਕਿ ਵੱਡੇ ਬਾਦਲ ਸਾਹਿਬ ਨੇ ਤਾਂ ਕੈਪਟਨ ਅਮਰਿੰਦਰ ਸਿੰਘ ਵਲੋਂ ਦਿਤੀ ਸਰਕਾਰੀ ਮਕਾਨ ਦੀ ਪੇਸ਼ਕਸ਼ ਨੂੰ ਵੀ ਸਵੀਕਾਰ ਨਹੀਂ  ਸੀ ਕੀਤਾ। ਸਾਨੂੰ ਇਸ ਸਰਕਾਰ ਤੋਂ ਕਿਸੇ ਤਰ੍ਹਾਂ ਦੀਆਂ ਰਿਆਇਤਾਂ ਦੀ ਲੋੜ ਨਹੀਂ ਹੈ, ਨਾ ਹੀ ਅਸੀਂ ਕਦੇ ਮੰਗੀਆਂ ਹਨ। ਹਾਂ ਮੌਜੂਦਾ ਸਰਕਾਰ ਵਿਚ ਅਹਿਮ ਅਹੁਦਿਆਂ 'ਤੇ ਬੈਠੇ ਕਈ ਵਿਅਕਤੀ ਹਨ, ਜਿਹੜੇ ਅਕਾਲੀ-ਭਾਜਪਾ ਸਰਕਾਰ ਅਜਿਹੀਆਂ ਰਿਆਇਤਾਂ ਮੰਗਦੇ ਅਤੇ ਲੈਂਦੇ ਰਹੇ ਹਨ।