ਖੇਤੀ ਆਰਡੀਨੈਂਸਾਂ ਬਾਰੇ ਸਟੈਂਡ ਨੂੰ ਲੈ ਕੇ ਉਲਝੇ ਸਿਆਸੀ ਆਗੂ, ਤੋਹਮਤਬਾਜ਼ੀ ਦਾ ਦੌਰ ਹੋਇਆ ਸ਼ੁਰੂ!

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੈਪਟਨ ਸਮੇਤ ਸੀਨੀਅਰ ਆਗੂਆਂ ਵਲੋਂ ਕੇਂਦਰੀ ਮੰਤਰੀ ਦੇ ਦਾਅਵੇ ਦਾ ਖੰਡਨ

Capt. Amarinder Singh

ਚੰਡੀਗੜ੍ਹ : ਕੇਂਦਰ ਸਰਕਾਰ ਨੇ ਖੇਤੀ ਨਾਲ ਸਬੰਧਤ ਤਿੰਨ ਬਿੱਲ ਸੰਸਦ 'ਚ ਪੇਸ਼ ਕਰਨ ਤੋਂ ਬਾਅਦ ਜਿੱਥੇ ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਦਾ ਬਿਗੁਲ ਵਜਾ ਦਿਤਾ ਹੈ, ਉਥੇ ਹੀ ਸਿਆਸੀ ਆਗੂਆਂ ਵਿਚਾਲੇ ਵੀ ਇਕ-ਦੂਜੇ ਨੂੰ ਘੇਰਨ ਦਾ ਦੌਰ ਸ਼ੁਰੂ ਹੋ ਗਿਆ ਹੈ। ਕੇਂਦਰੀ ਮੰਤਰੀ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਆਰਡੀਨੈਂਸਾਂ ਸਬੰਧੀ ਸਹਿਮਤੀ ਬਾਰੇ ਦਿਤੇ ਬਿਆਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਖ ਮੰਤਰੀ 'ਤੇ ਨਿਸ਼ਾਨੇ ਸਾਧੇ ਜਾ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ 'ਬੇਹੱਦ ਹੈਰਾਨੀ ਵਾਲੀ ਗੱਲ ਹੈ ਕਿ ਆਰਡੀਨੈਂਸ ਬਣਾਉਣ ਵਾਸਤੇ ਬਣੀ ਕਮੇਟੀ 'ਚ ਮੁੱਖ ਮੰਤਰੀ ਖੁਦ ਸ਼ਾਮਲ ਸਨ, ਜਿਸਦਾ ਖ਼ੁਲਾਸਾ ਅੱਜ ਦੇਸ਼ ਦੀ ਪਾਰਲੀਮੈਂਟ 'ਚ ਮੰਤਰੀਆਂ ਦੁਆਰਾ ਕੀਤੇ ਜਾਣ ਉਪਰੰਤ ਬਿੱਲੀ ਥੈਲਿਓਂ ਬਾਹਰ ਆ ਗਈ ਹੈ। ਇਸੇ ਤਰ੍ਹਾਂ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਨੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਆਰਡੀਨੈਂਸਾਂ ਦੇ ਮੁੱਦੇ 'ਤੇ ਹਮਲਾ ਬੋਲਿਆ ਹੈ।

ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਮੰਤਰੀ ਦੇ ਦਾਅਵੇ ਨੂੰ ਪੂਰੀ ਤਰ੍ਹਾਂ ਨਕਾਰ ਚੁੱਕੇ ਹਨ। ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਰਾਓਸਾਹਿਬ ਪਾਟਿਲ ਦਾਨਵੇ ਕੋਲੋਂ ਸੰਸਦ 'ਚ ਖੇਤੀ ਆਰਡੀਨੈਂਸਾਂ ਦੇ ਮੁੱਦੇ 'ਤੇ ਦੇਸ਼ ਨੂੰ ਗੁੰਮਰਾਹਕੁੰਨ ਜਾਣਕਾਰੀ ਦੇਣ ਲਈ ਬਿਨਾਂ ਸ਼ਰਤ ਮੁਆਫ਼ੀ ਦੀ ਮੰਗ ਕੀਤੀ ਹੈ।  ਕੇਂਦਰੀ ਮੰਤਰੀ ਦੇ ਬਿਆਨ ਨੂੰ ਸੰਸਦੀ ਮਰਿਆਦਾ ਅਤੇ ਅਸੂਲਾਂ ਦੀ ਪੂਰਨ ਉਲੰਘਣਾ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਵਲੋਂ ਕੀਤੀਆਂ ਗਈਆਂ ਟਿੱਪਣੀਆਂ ਕਾਂਗਰਸ ਪਾਰਟੀ ਅਤੇ ਸੂਬਾ ਸਰਕਾਰ ਨੂੰ ਜਾਣਬੁਝ ਕੇ ਬਦਨਾਮ ਕਰਨ ਦੀ ਕੋਝੀ ਕੋਸ਼ਿਸ਼ ਹੈ।

ਇਸੇ ਤਰ੍ਹਾਂ ਕਾਂਗਰਸ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਵੀ ਕੇਂਦਰੀ ਮੰਤਰੀ ਦੀ ਗ਼ਲਤ ਬਿਆਨੀ ਨੂੰ ਸੰਸਦ ਦੀਆਂ ਪਰੰਪਰਾਵਾਂ ਨੂੰ ਢਾਹ  ਕਰਾਰ ਦਿੰਦਿਆਂ ਆਲੋਚਨਾ ਕੀਤੀ ਹੈ। ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰ ਆਗੂਆਂ ਨੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੱਕ 'ਚ ਖੜÎਦਿਆਂ ਕੇਂਦਰੀ ਮੰਤਰੀ ਦੇ ਦਾਅਵੇ ਨੂੰ ਝੂਠਾ ਕਰਾਰ ਦਿਤਾ ਹੈ।

ਇਸੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਪਾਰਲੀਮੈਂਟ 'ਚ ਖੇਤੀ ਆਰਡੀਨੈਂਸ ਨੂੰ ਨਾ ਵਧਾਉਣ, ਕਿਉਂਕਿ ਇਹ ਕਿਸਾਨਾਂ ਦੇ ਹਿੱਤ 'ਚ ਨਹੀਂ ਹੈ। ਮੁੱਖ ਮੰਤਰੀ ਨੇ ਐਮ.ਐਸ.ਪੀ. ਨੂੰ ਕਿਸਾਨਾਂ ਦਾ ਕਾਨੂੰਨੀ ਹੱਕ ਬਣਾਉਣ ਦੀ ਮੰਗ ਵੀ ਕੀਤੀ ਹੈ।