ਖੇਤੀ ਆਰਡੀਨੈਂਸਾਂ ਨੂੰ ਲੈ ਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ ਕਾਂਗਰਸ: ਬੀਬੀ ਜਗੀਰ ਕੌਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਅਕਾਲੀ ਦਲ ਨੂੰ ਦੱਸਿਆ ਕਿਸਾਨਾਂ ਦਾ ਭਾਈਵਾਲ

Jagir kaur

ਭੁੱਲਥ (ਅੰਮ੍ਰਿਤਪਾਲ ਬਾਜਵਾ): ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਿੰਨ ਖੇਤੀਬਾੜੀ ਆਰਡੀਨੈਂਸਾਂ ਦਾ ਮੁੱਦਾ ਦਿਨੋ ਦਿਨ ਭਖਦਾ ਜਾ ਰਿਹਾ ਹੈ। ਇਸ ਮੁੱਦੇ 'ਤੇ ਸਿਆਸੀ ਜੰਗ ਵੀ ਤੇਜ਼ ਹੋ ਗਈ ਹੈ। ਇਸ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਪੰਜਾਬ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਾਂਗਰਸ ਪਾਰਟੀ 'ਤੇ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਕਿਸਾਨਾਂ ਨੂੰ ਗੁੰਮਰਾਹ ਕਰਨ ਦਾ ਅਰੋਪ ਲਗਾਇਆ ਹੈ।

ਉਹਨਾਂ ਕਿਹਾ ਕਿ ਸੂਬੇ ਵਿਚ ਕਾਂਗਰਸ ਸਰਕਾਰ ਨੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਕੁਝ ਨਹੀਂ ਕੀਤਾ।  ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਕਿਸਾਨਾਂ ਦੇ ਹਿੱਤਾਂ ਲਈ ਹਮੇਸ਼ਾਂ ਉਹਨਾਂ ਨਾਲ ਖੜ੍ਹਾ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਭਾਈਵਾਲ ਪਾਰਟੀ ਹੈ, ਜਿਸ ਨੇ ਕਿਸਾਨਾਂ ਦੇ ਹੱਕ ਦੀ ਅਵਾਜ਼ ਬੁਲੰਦ ਕੀਤੀ।

ਉਹਨਾਂ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਨੇ ਹਮੇਸ਼ਾਂ ਹੀ ਝੂਠ ਦਾ ਪ੍ਰਚਾਰ ਕਰਕੇ ਲੋਕਾਂ ਤੇ ਕਿਸਾਨਾਂ ਨੂੰ ਗੁੰਮਰਾਹ ਕਰਕੇ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ। ਦੱਸ ਦਈਏ ਕਿ ਕੇਂਦਰ ਸਰਕਾਰ ਵੱਲ਼ੋਂ ਜਾਰੀ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਦੇਸ਼ ਭਰ ਵਿਚ ਵੱਡੇ ਪੱਧਰ 'ਤੇ ਵਿਰੋਧ ਹੋ ਰਿਹਾ ਹੈ।

ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਇਹਨਾਂ ਦੇ ਵਿਰੋਧ ਵਿਚ ਧਰਨੇ ਦਿੱਤੇ ਜਾ ਰਹੇ ਹਨ। ਇਹਨਾਂ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਸੜਕਾਂ 'ਤੇ ਉਤਰ ਆਏ ਹਨ। ਕਿਸਾਨਾਂ ਦੀ ਇਸ ਜੰਗ ਵਿਚ ਪੰਜਾਬ ਦੀਆਂ ਸਿਆਸੀ ਪਾਰਟੀਆਂ ਵੀ ਉਤਰੀਆਂ ਹਨ।

ਪੰਜਾਬ ਵਿਚ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਸਮੇਤ ਹੋਰ ਕਈ ਸਿਆਸੀ ਪਾਰਟੀਆਂ ਵੱਲੋਂ ਕਿਸਾਨਾਂ ਦੇ ਸਮਰਥਨ ਵਿਚ ਅਜ਼ਾਵ ਬੁਲੰਦ ਕੀਤੀ ਜਾ ਰਹੀ ਹੈ। ਇਹਨਾਂ ਤੋਂ ਇਲ਼ਾਵਾ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਵੀ ਕਿਸਾਨਾਂ ਦੇ ਹੱਕ ਵਿਚ ਖੜ੍ਹੀ ਹੋਈ ਹੈ। ਪਰ ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਖੇਤੀ ਆਰਡੀਨੈਂਸਾਂ ਸਬੰਧੀ ਅਪਣੇ ਸਟੈਂਡ ਨੂੰ ਲੈ ਕੇ ਸਵਾਲਾਂ ਦੇ ਘੇਰੇ ਵਿਚ ਹੈ।