ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਪਾਕਿ ਜਾਣ ਵਾਲੇ ਜਥੇ ਨੂੰ ਭਾਰਤ ਸਰਕਾਰ ਨੇ ਵੀਜ਼ੇ ਦੇਣ ਤੋਂ ਕੀਤਾ ਇਨਕਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਯਾਤਰੀਆਂ ਦੀ ਸੁਰੱਖਿਆ ਦਾ ਦਿੱਤਾ ਹਵਾਲਾ

Indian Government refuses visa to Jatha going to Pakistan to celebrate Guru Nanak Dev Ji's birth anniversary

ਮੋਹਾਲੀ: ਸ੍ਰੀ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਵੱਖ ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਜਾਣ ਵਾਲੇ ਜਥੇ ਨੂੰ ਭਾਰਤ ਸਰਕਾਰ ਨੇ ਵੀਜ਼ਾ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਵਿਛੜੇ ਗੁਰਧਾਮਾਂ ਦੇ ਦਰਸ਼ਨ ਇਸ਼ਨਾਨ ਲਈ ਭਾਰਤ ਤੋਂ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਜਾਂਦਾ ਹੈ।

ਇਸ ਵਾਰ ਭਾਰਤ ਸਰਕਾਰ ਨੇ ਯਾਤਰੀਆਂ ਦੀ ਸੁਰੱਖਿਆ ਦਾ ਹਵਾਲਾ ਦਿੰਦਿਆਂ ਕੌਮੀ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੇ ਇਕ ਪੱਤਰ ਵਿਚ ਕਿਹਾ ਗਿਆ ਹੈ ਕਿ ਦੋਹਾਂ ਦੇਸ਼ਾਂ ਦਰਮਿਆਨ ਬਣੇ ਤਣਾਅ ਤੇ ਯਾਤਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਜਨਮ ਅਸਥਾਨ ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ, ਗੁਰਦੁਆਰਾ ਸ਼ਹੀਦੀ ਅਸਥਾਨ ਸ੍ਰੀ ਗੁਰੂ ਅਰਜਨ ਦੇਵ ਜੀ, ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਰਾਵਲਪਿੰਡੀ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਨਾਰੋਵਾਲ, ਗੁਰਦੁਆਰਾ ਸੱਚਾ ਸੌਦਾ ਚੂੜਕਾਣਾ ਤੇ ਗੁਰਦੁਆਰਾ ਰੋੜੀ ਸਾਹਿਬ ਫਾਰੂਕਾਬਾਦ ਦੇ ਦਰਸ਼ਨਾਂ ਨੂੰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਭਾਰਤ ਸਰਕਾਰ ਦੇ ਇਸ ਫ਼ੈਸਲੇ ਦਾ ਸੰਗਤਾਂ ਵਿਚ ਭਾਰੀ ਰੋਸ ਹੈ। ਸੰਗਤਾਂ ਵਿਚ ਚਰਚਾ ਹੈ ਕਿ ਜੇਕਰ ਦੋਵੇਂ ਦੇਸ਼ਾਂ ਦੀਆਂ ਕ੍ਰਿਕਟ ਟੀਮਾਂ ਇੱਕ ਪਲੇਟਫਾਰਮ ’ਤੇ ਇਕੱਠਿਆਂ ਹੋ ਕੇ ਦੁਬਈ ਵਿਖੇ ਮੈਚ ਖੇਡ ਸਕਦੀਆਂ ਹਨ ਤਾਂ ਗੁਰਧਾਮਾਂ ਦੇ ਦਰਸ਼ਨ ਕਰਨ ਤੋਂ ਕਿਉਂ ਰੋਕਿਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਵਿਛੜੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਸ਼੍ਰੋਮਣੀ ਕਮੇਟੀ, ਨਨਕਾਣਾ ਸਾਹਿਬ ਸਿੱਖ ਯਾਤਰੀ ਜਥਾ, ਖਾਲੜਾ ਮਿਸ਼ਨ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਿਆਣਾ ਕਮੇਟੀ, ਦੇ ਨਾਲ ਨਾਲ ਅਨੇਕਾਂ ਸਿੱਖ ਜਥੇਬੰਦੀਆਂ ਵੱਲੋਂ ਹਰ ਸਾਲ ਸਿੱਖ ਯਾਤਰੀਆਂ ਨੂੰ ਪਾਕਿਸਾਤਨ ਦੇ ਵੀਜ਼ੇ ਲੈ ਕੇ ਦਰਸ਼ਨ ਕਰਨ ਲਈ ਭੇਜਿਆ ਜਾਂਦਾ ਹੈ।