ਵਿਧਾਇਕ ਪਰਗਟ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਜਥੇ ਨੂੰ ਪਾਕਿ ਜਾਣ ਦੀ ਆਗਿਆ ਨਾ ਦੇਣ ਦੀ ਕੀਤੀ ਨਿੰਦਾ
ਕਿਹਾ : ਜੇ ਭਾਰਤ-ਪਾਕਿ ਵਿਚਾਲੇ ਕ੍ਰਿਕਟ ਮੈਚ ਹੋ ਸਕਦਾ ਹੈ, ਤਾਂ ਸਿੱਖ ਸ਼ਰਧਾਲੂ ਨਨਕਾਣਾ ਸਾਹਿਬ ਕਿਉਂ ਨਹੀਂ ਜਾ ਸਕਦੇ
ਜਲੰਧਰ : ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਵਿਧਾਇਕ ਪਦਮ ਸ਼੍ਰੀ ਪਰਗਟ ਸਿੰਘ ਨੇ ਨਵੰਬਰ ਵਿੱਚ ਆ ਰਹੇ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਜੱਥੇ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਾ ਦੇਣ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਪਾਕਿਸਤਾਨ ਅਤੇ ਭਾਰਤ ਵਿਚਾਲੇ ਕ੍ਰਿਕਟ ਮੈਚ ਦੀ ਇਜਾਜ਼ਤ ਦੇ ਸਕਦੀ ਹੈ, ਤਾਂ ਸਿੱਖ ਜੱਥੇ ਨੂੰ ਪਾਕਿਸਤਾਨ ਦੇ ਨਨਕਾਣਾ ਸਾਹਿਬ ਜਾਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ।
ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ, ਕੇਂਦਰ ਸਰਕਾਰ ਸਿੱਖ ਸ਼ਰਧਾਲੂਆਂ ਨਾਲ ਬੇਇਨਸਾਫ਼ੀ ਕਰ ਰਹੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ, ਭਾਰਤ ਅਤੇ ਪਾਕਿਸਤਾਨ ਵਿਚਕਾਰ ਸੁਰੱਖਿਆ ਨੂੰ ਲੈ ਕੇ ਬਹੁਤ ਤਣਾਅ ਹੈ। ਪਰ ਇਹ ਇੱਕ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਵੀ ਹੈ। ਕੇਂਦਰ ਸਰਕਾਰ ਨੂੰ ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੋਈ ਰਸਤਾ ਲੱਭਣਾ ਚਾਹੀਦਾ ਹੈ, ਤਾਂ ਜੋ ਉਹ ਦਰਸ਼ਨਾਂ ਤੋਂ ਵਾਂਝੇ ਨਾ ਰਹਿਣ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਜਾ ਸਕੇ।
ਪਰਗਟ ਸਿੰਘ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਸ਼ਰਧਾਲੂਆਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵਿੱਚ ਨਨਕਾਣਾ ਸਾਹਿਬ ਜਾਣ ਤੋਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮਾਮਲੇ ’ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਇਨ੍ਹਾਂ ਸ਼ਰਧਾਲੂਆਂ ਨੂੰ ਪੂਰੀ ਸੁਰੱਖਿਆ ਨਾਲ ਨਨਕਾਣਾ ਸਾਹਿਬ ਜਾਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ 1950 ਦੇ ਨਹਿਰੂ-ਲਿਆਕਤ ਸਮਝੌਤੇ ਤਹਿਤ ਸਿੱਖ ਸ਼ਰਧਾਲੂਆਂ ਨੂੰ ਚਾਰ ਮੌਕਿਆਂ ’ਤੇ ਪਾਕਿਸਤਾਨ ਜਾਣ ਦੀ ਇਜਾਜ਼ਤ ਦਿੱਤੀ ਗਈ ਸੀ। ਇਨ੍ਹਾਂ ਵਿੱਚ ਵਿਸਾਖੀ (ਖਾਲਸਾ ਪੰਥ ਸਥਾਪਨਾ ਦਿਵਸ), ਸ੍ਰੀ ਗੁਰੂ ਅਰਜੁਨ ਦੇਵ ਦਾ ਸ਼ਹੀਦੀ ਦਿਵਸ, ਮਹਾਰਾਜਾ ਰਣਜੀਤ ਸਿੰਘ ਦਾ ਸ਼ਹੀਦੀ ਦਿਵਸ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਾਮਲ ਹਨ।
ਇਸ ਸਾਲ ਦੇ ਸ਼ੁਰੂ ਵਿੱਚ, ਕੇਂਦਰ ਸਰਕਾਰ ਨੇ ਮਹਾਰਾਜਾ ਰਣਜੀਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਪਾਕਿਸਤਾਨ ਤੋਂ ਵਫ਼ਦ ਭੇਜਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਹੁਣ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਫ਼ਦ ਭੇਜਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਇਹ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਫੈਸਲਾ ਹੈ। ਉਨ੍ਹਾਂ ਨੂੰ ਲੱਗਦਾ ਹੈ ਕਿ ਪਾਕਿਸਤਾਨ ਨੂੰ ਵੀ ਸਿਖ ਜੱਥੇ ਦੇ ਦਰਸ਼ਣ ਕਰਨ ਆਣ ’ਤੇ ਕੋਈ ਇਤਰਾਜ਼ ਨਹੀਂ ਹੋਵੇਗਾ।
ਪਰਗਟ ਸਿੰਘ ਨੇ ਕਿਹਾ ਕਿ ਭਾਜਪਾ ਇਨ੍ਹਾਂ ਮਾਮਲਿਆਂ ਵਿੱਚ ਦੋਹਰੀ ਨੀਤੀ ’ਤੇ ਕੰਮ ਕਰ ਰਹੀ ਹੈ। ਜਦੋਂ ਕਾਰੋਬਾਰ ਅਤੇ ਪੈਸੇ ਦੀ ਗੱਲ ਆਉਂਦੀ ਹੈ, ਤਾਂ ਦੇਸ਼ ਦੀ ਸੁਰੱਖਿਆ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਭੁੱਲ ਜਾਂਦੇ ਹਨ। ਫਿਰ ਭਾਰਤ ਅਤੇ ਪਾਕਿਸਤਾਨ ਵਿਚਕਾਰ ਕ੍ਰਿਕਟ ਮੈਚ ਖੇਡਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ। ਉਸ ਸਮੇਂ ਨਾ ਤਾਂ ਸੁਰੱਖਿਆ ਰਸਤੇ ਵਿੱਚ ਆਉਂਦੀ ਹੈ ਅਤੇ ਨਾ ਹੀ ਦੇਸ਼ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਯਾਦ ਰੱਖਿਆ ਜਾਂਦਾ ਹੈ।