ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਦੋਸ਼ੀ ਜਲਦ ਸਲਾਖ਼ਾਂ ਪਿੱਛੇ ਹੋਣਗੇ : ਤ੍ਰਿਪਤ ਬਾਜਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਬਰਗਾੜੀ ਅਤੇ ਬਹਿਬਲ ਕਲਾਂ ਦੇ ਪੀੜਤਾਂ ਨੂੰ ਇਨਸਾਫ਼ ਦੇਣ ਲਈ ਵਚਨਬੱਧ ਹੈ

Culprits of Kotkapura and Bahal Kalan firing will be behind the bars

ਚੰਡੀਗੜ੍ਹ, 15 ਅਕਤੂਬਰ(ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਸਰਕਾਰ ਬਰਗਾੜੀ ਅਤੇ ਬਹਿਬਲ ਕਲਾਂ ਦੇ ਪੀੜਤਾਂ ਨੂੰ ਇਨਸਾਫ਼ ਦੇਣ ਲਈ ਵਚਨਬੱਧ ਹੈ ਅਤੇ ਦੋਸ਼ੀ ਜਲਦ ਸਲਾਖ਼ਾਂ ਪਿੱਛੇ ਹੋਣਗੇ। ਜਾਂਚ ਨਾਲ ਜੁੜੇ ਕੁਝ ਕਾਨੂੰਨੀ ਕਾਰਨਾਂ ਕਰਕੇ ਇਸ ਕੰਮ ਵਿਚ ਕੁਝ ਦੇਰੀ ਹੋਈ ਹੈ ਪਰ ਦੋਸ਼ੀ ਹੁਣ ਕਾਨੂੰਨ ਤੋਂ ਬਚ ਨਹੀਂ ਸਕਣਗੇ। ਇਹ ਵਾਅਦਾ ਬਰਗਾੜੀ ਅਤੇ ਕੋਟਕਪੂਰਾ ਵਿਖੇ ਸ਼ਹੀਦ ਹੋਏ ਨੌਜਵਾਨਾਂ ਦੇ ਤੀਜੇ ਬਰਸੀ ਸਮਾਗਮ ਵਿਚ ਪਹੁੰਚੇ ਕਾਂਗਰਸੀ ਆਗੂਆਂ ਦੀ ਅਗਵਾਈ ਕਰਨ ਵਾਲੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦੁਹਰਾਇਆ।

ਉਨ੍ਹਾਂ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਪੂਰੀ ਤਿਆਰੀ ਨਾਲ ਕਾਰਵਾਈ ਕਰਨਾ ਚਾਹੁੰਦੇ ਹਨ। ਜੇ ਕੋਈ ਅਧਿਕਾਰੀ ਕਾਨੂੰਨੀ ਅੜਚਨ ਡਾਹ ਕੇ ਬਚਣ ਦੀ ਕੋਸ਼ਿਸ਼ ਕਰੇਗਾ, ਸਰਕਾਰ ਵਲੋਂ ਅਜਿਹੀਆਂ ਸਾਰੀਆਂ ਕਾਨੂੰਨੀ ਅੜਚਣਾਂ ਨੂੰ ਦੂਰ ਕਰ ਲਿਆ ਜਾਵੇਗਾ। ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਅਗਾਵਈ ਵਿਚ ਕਾਂਗਰਸੀ ਆਗੂ, ਜਿਸ ਵਿਚ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਵਿਧਾਇਕ ਕੁਸ਼ਲਦੀਪ ਸਿੰਘ ਢਿਲੋਂ, ਵਿਧਾਇਕ ਹਰਮਿੰਦਰ ਸਿੰਘ ਗਿੱਲ, ਸਾਬਕਾ ਵਿਧਾਇਕ ਮੁਹੰਮਦ ਸਦੀਕ ਸ਼ਾਮਿਲ ਸਨ,

ਅੱਜ ਪਹਿਲਾਂ ਗੋਲੀ ਕਾਂਡ ਵਿਚ ਸ਼ਹੀਦ ਹੋਏ ਨੌਜਵਾਨ ਕ੍ਰਿਸ਼ਨ ਭਗਵਾਨ ਦੇ ਪਿੰਡ ਬਹਿਬਲ ਖੁਰਦ ਵਿਖੇ ਬਰਸੀ ਸਮਾਗਮ ਵਿਚ ਸ਼ਾਮਿਲ ਹੋਏ, ਉਸ ਤੋਂ ਬਾਅਦ ਸ਼ਹੀਦ ਗੁਰਜੀਤ ਸਿੰਘ ਦੇ ਪਿੰਡ ਸਰਾਵਾਂ ਵਿਖੇ ਬਰਸੀ ਸਮਾਗਮ ਵਿਚ ਸ਼ਾਮਲ ਹੋਏ। ਇਸ ਮੌਕੇ ਪਿੰਡ ਵਾਸੀਆਂ ਵਲੋਂ ਦੋਵਾਂ ਪਿੰਡਾਂ ਦੇ ਵਿਕਾਸ ਲਈ ਰੱਖੀਆਂ ਮੰਗਾਂ ਸ੍ਰੀ ਬਾਜਵਾ ਨੇ ਪ੍ਰਵਾਨ ਕਰਦਿਆਂ ਜਲਦ ਪੂਰੀਆਂ ਕਰਨ ਦਾ ਭਰੋਸਾ ਦਿਵਾਇਆ।

ਇਸ ਦੇ ਨਾਲ ਹੀ ਪਿੰਡ ਸਰਾਵਾਂ ਵਿਖੇ ਦਾਣਾ ਮੰਡੀ ਬਣਵਾਉਣ ਦੀ ਮੰਗ ਨੂੰ ਵੀ ਪੂਰਾ ਕਰਨ ਦਾ ਉਨ੍ਹਾਂ ਭਰੋਸਾ ਦਿਤਾ। ਉਨ੍ਹਾਂ ਕਿਹਾ ਇਸ ਸਬੰਧੀ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਹੀਂ ਮੰਡੀ ਬੋਰਡ ਤੋਂ ਇਹ ਮੰਗ ਪੂਰੀ ਕਰਵਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਨਿੱਜੀ ਤੌਰ 'ਤੇ ਵੀ ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ ਨਾਲ ਇਸ ਮੰਗ ਨੂੰ ਪੂਰਾ ਕਰਨ ਲਈ ਕਹਿਣਗੇ।