ਕੇਂਦਰ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ, ਪਰਾਲੀ ਸਾੜ ਕੇ ਪ੍ਰਦੂਸ਼ਣ ਫੈਲਾਉਣ ਤੋਂ ਬਾਜ ਆਵੇ ਪੰਜਾਬ

ਏਜੰਸੀ

ਖ਼ਬਰਾਂ, ਪੰਜਾਬ

ਕੇਂਦਰੀ ਵਾਤਾਵਰਣ ਮੰਤਰੀ ਪ੍ਰਕਾਸ਼ ਜਾਵੇਡਕਰ ਵੱਲੋਂ ਪ੍ਰਦੂਸ਼ਣ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਦਿੱਤੀ ਗਈ ਹਦਾਇਤ 

Prakash Javadekar

ਨਵੀਂ ਦਿੱਲੀ: ਕੇਂਦਰੀ ਵਾਤਾਵਰਣ ਮੰਤਰੀ ਪ੍ਰਕਾਸ਼ ਜਾਵੇਡਕਰ ਨੇ ਪ੍ਰਦੂਸ਼ਣ ਦੇ ਮਾਮਲੇ ਨੂੰ ਲੈ ਕੇ ਅੱਜ ਇਕ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਹਨਾਂ ਨੇ ਪੰਜਾਬ ਸਰਕਾਰ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਚੇਤਾਵਨੀ ਦਿੱਤੀ। ਉਹਨਾਂ ਕਿਹਾ ਕਿ ਦਿੱਲੀ ਦੇ ਪ੍ਰਦੂਸ਼ਣ ਵਿਚ ਪਰਾਲੀ ਦਾ ਯੋਗਦਾਨ 4 ਫੀਸਦ ਹੈ। ਇਸ ਤੋਂ ਇਲਾਵਾ 96 ਫੀਸਦ ਪ੍ਰਦੂਸ਼ਣ ਹਿੱਸਾ ਸਥਾਨਕ ਕਾਰਕਾਂ ਕਾਰਨ ਹੈ। 

ਜਾਵੇਡਕਰ ਨੇ ਦਿੱਲੀ ਸਮੇਤ ਐਨਸੀਆਰ ਖੇਤਰ ਵਿਚ ਪ੍ਰਦੂਸ਼ਣ ਕੰਟਰੋਲ ਕਰਨ ਲਈ ਗਠਿਤ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦਸਤੇ ਨੂੰ ਅਪਣੀ ਰਿਹਾਇਸ਼ ਤੋਂ ਰਵਾਨਾ ਕਰਨ ਤੋਂ ਪਹਿਲਾਂ ਇਹ ਗੱਲ ਕਹੀ। ਸੀਪੀਸੀਬੀ ਦੇ 50 ਦਸਤੇ ਦਿੱਲੀ-ਐਨਸੀਆਰ ਦੇ ਸ਼ਹਿਰਾਂ ਵਿਚ ਪ੍ਰਦੂਸ਼ਣ ਦੀ ਨਿਗਰਾਨੀ ਕਰਨਗੇ ਅਤੇ ਪ੍ਰਦੂਸ਼ਣ ਫੈਲਾਉਣ ਵਾਲਿਆਂ ਖਿਲਾਫ਼ ਕਾਰਵਾਈ ਕਰਨਗੇ।

ਕੇਂਦਰੀ ਮੰਤਰੀ ਨੇ ਕਿਹਾ ਕਿ ਸਰਦੀਆਂ ਦੇ ਮੌਸਮ ਵਿਚ ਦਿੱਲੀ 'ਚ ਹਮੇਸ਼ਾਂ ਹੀ ਪ੍ਰਦੂਸ਼ਣ ਦੀ ਸਮੱਸਿਆ ਗੰਭੀਰ ਹੋ ਜਾਂਦੀ ਹੈ। ਇਸ ਵਿਚ ਹਿਮਾਲਿਆ ਦੀ ਠੰਡੀ ਹਵਾ, ਗੰਗਾ ਦੇ ਮੈਦਾਨਾਂ ਵਿਚ ਬਣਨ ਵਾਲੀ ਨਮੀ, ਹਵਾ ਦੀ ਹੌਲੀ ਰਫ਼ਤਾਰ, ਸਥਾਨਕ ਪੱਧਰ 'ਤੇ ਨਿਰਮਾਣ ਕਾਰਜ ਦੌਰਾਨ ਬਣਨ ਵਾਲੀ ਧੂੜ, ਸੜਕ ਦੇ ਕਿਨਾਰੇ ਦੀ ਧੂੜ, ਵਾਹਨਾਂ ਦਾ ਧੂਆਂ, ਲੋਕਾਂ ਵੱਲੋ ਕੂੜਾ ਸਾੜਨਾ, ਆਸ-ਪਾਸ ਦੇ ਸੂਬਿਆਂ ਵਿਚ ਕਿਸਾਨਾਂ ਵੱਲੋਂ ਪਰਾਲੀ ਸਾੜਨਾ ਆਦਿ ਕਈ ਕਾਰਕ ਹਨ।

ਉਹਨਾਂ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਨੂੰ ਸਖਤ ਸ਼ਬਦਾਂ ਵਿਚ ਚੇਤਾਵਨੀ ਦਿੱਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ ਕਿ ਉਹ ਜ਼ਿਆਦਾ ਪਰਾਲੀ ਨਾ ਸਾੜੀ ਜਾਵੇ। ਪੰਜਾਬ ਸਰਕਾਰ ਤੁਰੰਤ ਹਰਕਤ ਵਿਚ ਆਵੇ। ਇਸ ਨਾਲ ਸੂਬੇ ਦੇ ਲੋਕਾਂ ਨੂੰ ਵੀ ਪਰੇਸ਼ਾਨੀ ਹੁੰਦੀ ਹੋਵੇਗੀ।