ਦੇਸ਼-ਵਿਦੇਸ਼ ਤੋਂ ਲੱਖਾਂ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਿੰਡਾਂ ਕਸਬਿਆਂ ਵਿਚ ਵੀ ਸੰਗਤਾਂ ਨੇ ਬਹੁਤ ਚਾਅ ਨਾਲ ਬੰਦੀ ਛੋੜ ਦਿਵਸ ਮਨਾਇਆ

image

ਅੰਮ੍ਰਿਤਸਰ, 15 ਨਵੰਬਰ (ਸੁਖਵਿੰਦਰਜੀਤ ਸਿੰਘ ਬਹੋੜੂ): ਬੰਦੀ ਛੋੜ ਦਿਵਸ, ਦੀਵਾਲੀ ਦੇ ਸ਼ੁਭ ਤਿਉਹਾਰ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਸੰਗਤਾਂ ਬੜੇ ਉਤਸ਼ਾਹ ਨਾਲ ਕੜਾਕੇ ਦੀ ਠੰਢ ਵਿਚ ਨਤਮਸਤਕ ਹੋਈਆਂ। ਉਨ੍ਹਾਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰ ਕੇ ਆਪੋ ਅਪਣੀਆਂ ਮੁਰਾਦਾਂ ਮੁਤਾਬਕ ਗੁਰੂ ਘਰ ਅਰਜ਼ੋਈ ਕਰਦਿਆਂ ਇਲਾਹੀ ਬਾਣੀ ਦਾ ਕੀਰਤਨ ਸਰਵਣ ਕਰਦੇ ਹੋਏ ਸਰਬੱਤ ਦੇ ਭਲੇ ਦੀ ਅਰਦਾਸਾਂ ਕੀਤੀਆਂ।

image


ਪਿੰਡਾਂ, ਕਸਬਿਆਂ ਵਿਚ ਬੰਦੀ ਛੋੜ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਵੇਰ ਤੋਂ ਹੀ ਰੌਣਕਾਂ ਲੱਗੀਆਂ ਹੋਈਆਂ ਹਨ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਵੇਰ ਤੋਂ ਹੀ ਸ਼ਰਧਾਲੂ ਵੱਡੀ ਗਿਣਤੀ ਵਿਚ ਨਤਮਸਤਕ ਹੋਣ ਲਈ ਪਹੁੰਚੇ। ਪੂਰਾ ਮਾਹੌਲ ਦੀਪ ਉਤਸਵ ਦੇ ਰੰਗ ਵਿਚ ਰੰਗਿਆ ਹੋਇਆ ਨਜ਼ਰ ਆਇਆ ਤੇ ਸ੍ਰੀ ਦਰਬਾਰ ਸਾਹਿਬ ਸੁੰਦਰ ਤਰੀਕੇ ਨਾਲ ਸਜਾਇਆ ਗਿਆ। ਸ਼ਰਧਾਲੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ ਅਤੇ ਇਲਾਹੀ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਸ਼ਰਧਾਲੂਆਂ ਨੇ ਮੋਮਬੱਤੀਆਂ ਜਗਾ ਕੇ ਵਾਹਿਗੁਰੂ ਅੱਗੇ ਸੁੱਖ ਸ਼ਾਂਤੀ ਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਠੰਢ ਦੇ ਬਾਵਜੂਦ ਸਵੇਰੇ ਹੀ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਚ ਪਹੁੰਚਣਾ ਸ਼ੁਰੂ ਹੋ ਗਏ ਅਤੇ ਪਵਿੱਤਰ ਸਰੋਵਰ ਵਿਚ ਡੁਬਕੀ ਲਗਾਈ। ਪੂਰੇ ਸ਼ਹਿਰ ਨੂੰ ਵੀ ਦੁਲਹਨ ਵਾਂਗ ਸਜਾਇਆ ਗਿਆ। ਕਿਤੇ ਵੀ ਕੋਰੋਨਾ ਦਾ ਖ਼ੌਫ਼ ਨਜ਼ਰ ਨਹੀਂ ਆ ਰਿਹਾ ਪਰ ਲੋਕ ਅਹਿਤਿਆਤ ਜ਼ਰੂਰ ਵਰਤ ਰਹੇ ਹਨ।